ਬਰਗਾੜੀ ਮੋਰਚੇ ਦੇ ਆਗੂਆਂ ਨੂੰ ਧਰਮ ਨਾਲੋਂ ਜ਼ਿਆਦਾ ਸਿਆਸਤ ਦਾ ਫਿਕਰ : ਲੌਂਗੋਵਾਲ

03/01/2019 3:47:10 PM

ਤਲਵੰਡੀ ਸਾਬੋ(ਮੁਨੀਸ਼)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਅਚਾਨਕ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਦਮਦਮਾ ਸਾਹਿਬ ਪੁੱਜੇ, ਜਿੱਥੇ ਉਨ੍ਹਾਂ ਨੇ ਕੁਝ ਸਮਾਂ ਸਿੰਘ ਸਾਹਿਬ ਨਾਲ ਕੁਝ ਪੰਥਕ ਮੁੱਦਿਆਂ 'ਤੇ ਵਿਚਾਰਾਂ ਕੀਤੀਆਂ। ਮੁਲਾਕਾਤ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਦੇਸ਼ ਦੀ ਸਰਵਉੱਚ ਅਦਾਲਤ ਦੇ ਮੌਜੂਦਾ ਜੱਜ ਤੋਂ ਕਰਵਾਏ ਜਾਣ ਦੀ ਮੰਗ ਸਬੰਧੀ ਦਿੱਤੇ ਬਿਆਨ ਦੀ ਪ੍ਰੋੜ੍ਹਤਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਤਾਂ ਪਿਛਲੇ ਸਮੇਂ ਤੋਂ ਹੀ ਮੰਗ ਕਰ ਰਹੀ ਹੈ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਤਾਂ ਕਿ ਨਿਰਪੱਖ ਜਾਂਚ ਉਪਰੰਤ ਸੱਚ ਸੰਗਤ ਸਾਹਮਣੇ ਆਵੇ।

ਸਰਬੱਤ ਖਾਲਸਾ ਵਲੋਂ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਥਾਪੇ ਭਾਈ ਧਿਆਨ ਸਿੰਘ ਮੰਡ ਵਲੋਂ ਸਹਿਯੋਗੀ ਧਿਰਾਂ ਨਾਲ ਮਿਲ ਕੇ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਉਮੀਦਵਾਰ ਖੜ੍ਹੇ ਕਰਨ ਸਬੰਧੀ ਦਿੱਤੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਅਸੀਂ ਤਾਂ ਸ਼ੁਰੂ ਤੋਂ ਹੀ ਕਹਿੰਦੇ ਸੀ ਕਿ ਬਰਗਾੜੀ ਮੋਰਚੇ ਦੇ ਆਗੂਆਂ ਨੂੰ ਧਰਮ ਨਾਲੋਂ ਸਿਆਸਤ ਦਾ ਜ਼ਿਆਦਾ ਫਿਕਰ ਹੈ ਤੇ ਹੁਣ ਉਨ੍ਹਾਂ ਦਾ ਕੁਰਸੀ ਮੋਹ ਸਾਹਮਣੇ ਆ ਗਿਆ ਹੈ।

ਸ਼੍ਰੋਮਣੀ ਕਮੇਟੀ ਵਲੋਂ ਬੀਤੇ ਦਿਨ ਛਾਂਟੀ ਕੀਤੇ ਗਏ 523 ਮੁਲਾਜ਼ਮਾਂ ਨੂੰ ਦੁਬਾਰਾ ਬਹਾਲ ਕਰਨ ਸਬੰਧੀ ਸਵਾਲ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ ਜੋ ਹੁਣ ਸਾਰੇ ਪੱਖਾਂ ਬਾਰੇ ਬਾਰੀਕੀ ਨਾਲ ਸੋਚਣ ਤੋਂ ਇਲਾਵਾ ਕਾਨੂੰਨੀ ਮਾਹਿਰਾਂ ਦੀ ਰਾਏ ਵੀ ਲੈ  ਲਈ ਹੈ, ਇਸ ਲਈ ਉਕਤ ਮੁਲਾਜ਼ਮਾਂ ਸਬੰਧੀ ਜਲਦ ਹੀ ਕੋਈ ਫੈਸਲਾ ਲੈ ਲਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਜਗਸੀਰ ਸਿੰਘ ਮਾਂਗੇਆਣਾ, ਸਾਬਕਾ ਮੈਂਬਰ ਭਾਈ ਉਦੈ ਸਿੰਘ ਲੌਂਗੋਵਾਲ, ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਕਰਨ ਸਿੰਘ, ਧਰਮ ਪ੍ਰਚਾਰ ਉੱਪ ਦਫਤਰ ਇੰਚਾਰਜ ਭਾਈ ਭੋਲਾ ਸਿੰਘ, ਮੀਤ ਮੈਨੇਜਰ ਗੁਰਦੀਪ ਸਿੰਘ ਦੁਫੇੜਾ  ਤੇ ਭਾਈ ਗੁਰਸੇਵਕ ਸਿੰਘ ਕਿੰਗਰਾ ਆਦਿ ਹਾਜ਼ਰ ਸਨ।

cherry

This news is Content Editor cherry