ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਅਲੌਕਿਕ ਨਗਰ ਕੀਰਤਨ
Monday, Nov 11, 2019 - 02:45 PM (IST)

ਤਲਵੰਡੀ ਸਾਬੋ/ਬਠਿੰਡਾ (ਮੁਨੀਸ਼,ਅਮਿਤ) : ਜਗਤ ਗੁਰੂ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਿੱਖ ਕੌਮ ਦੇ ਚੌਥੇ ਤਖਤ 'ਤਖਤ ਸ੍ਰੀ ਦਮਦਮਾ ਸਾਹਿਬ' ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ। ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ, ਪੰਜ ਪਿਆਰੇ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦੀ ਤਖਤ ਸਾਹਿਬ ਤੋਂ ਆਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਉਪਰੰਤ ਨਗਰ ਕੀਰਤਨ ਦੀ ਰਵਾਨਗੀ ਹੋਈ। ਨਗਰ ਕੀਰਤਨ ਅੱਗੇ ਜਿਥੇ ਫੌਜੀ ਬੈਂਡ ਅਤੇ ਯੂਨੀਵਰਸਲ ਪਬਲਿਕ ਸਕੂਲ ਦਾ ਬੈਂਡ ਮਨਮੋਹਕ ਧੁਨਾਂ ਬਿਖੇਰ ਰਿਹਾ ਸੀ ਉਥੇ ਗਤਕਾ ਅਕੈਡਮੀ ਅਤੇ ਮਾਤਾ ਸਾਹਿਬ ਕੌਰ ਕਾਲਜ ਦੀਆਂ ਵਿਦਿਆਰਥਣਾਂ ਨੇ ਖਾਲਸਾਈ ਖੇਡ ਗਤਕੇ ਦੇ ਜੌਹਰ ਦਿਖਾਏ। ਨਗਰ 'ਚ ਸੰਗਤਾਂ ਵੱਲੋਂ ਥਾਂ-ਥਾਂ 'ਤੇ ਵੱਖ-ਵੱਖ ਪਦਾਰਥਾਂ ਦੇ ਲੰਗਰ ਲਾਏ ਗਏ ਸਨ ਤੇ ਸਵਾਗਤੀ ਗੇਟ ਉਸਾਰੇ ਗਏ ਸਨ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਕੌਮ ਨੂੰ ਸ੍ਰੀ ਗੁਰੁ ਨਾਨਕ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਉਣ ਦੀ ਅਪੀਲ ਕਰਦਿਆਂ ਗੁਰੁ ਸਾਹਿਬ ਦੀਆਂ ਸਿੱਖਿਆਵਾਂ ਗ੍ਰਹਿਣ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਵੀ ਸ਼ਹਿਰ 'ਚ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ। ਤਖਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਸਾਬਕਾ ਵਿਧਾਇਕ ਦਾ ਸਨਮਾਨ ਕੀਤਾ ਜਦੋਂਕਿ ਸਿੱਧੂ ਨੇ ਗਤਕਾ ਟੀਮ ਦਾ ਸਨਮਾਨ ਵੀ ਕੀਤਾ।
ਇਸ ਸਮੇਂ ਗੁ. ਬੁੰਗਾ ਮਸਤੂਆਣਾ ਦੇ ਮੁਖੀ ਬਾਬਾ ਛੋਟਾ ਸਿੰਘ, ਭਾਈ ਪਰਮਜੀਤ ਸਿੰਘ ਮੈਨੇਜਰ ਤਖਤ ਸਾਹਿਬ, ਨਗਰ ਪੰਚਾਇਤ ਪ੍ਰਧਾਨ ਗੁਰਪ੍ਰੀਤ ਮਾਨਸ਼ਾਹੀਆ, ਸਾਬਕਾ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ, ਸੀਨੀ. ਕਾਂਗਰਸੀ ਆਗੂ ਜਗਜੀਤ ਸਿੰਘ ਸਿੱਧੂ, ਕੌਂਸਲਰ ਹਰਬੰਸ ਸਿੰਘ, ਅਕਾਲੀ ਆਗੂ ਸੁਖਬੀਰ ਚੱਠਾ, ਸਮਾਜ ਸੇਵੀ ਬਰਿੰਦਰਪਾਲ ਮਹੇਸ਼ਵਰੀ, ਅਵਤਾਰ ਚੋਪੜਾ ਆਦਿ ਆਗੂ ਹਾਜ਼ਰ ਸਨ।
ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਿੱਖ ਕੌਮ ਦੇ ਚੌਥੇ ਤਖ਼ਤ 'ਤਖ਼ਤ ਸ੍ਰੀ ਦਮਦਮਾ ਸਾਹਿਬ' ਵਿਖੇ ਮੁੱਖ ਸਮਾਗਮ ਇਤਿਹਾਸਕ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਕੀਤੇ ਜਾਣਗੇ, ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਕਥਾ ਕੀਰਤਨ ਕੀਤਾ ਜਾਵੇ ਜਦੋਂਕਿ ਗੁਰਦੁਆਰਾ ਬੁੰਗਾ ਮਸਤੂਆਣਾ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮਾਗਮ ਕੀਤੇ ਜਾਣਗੇ।
ਉਥੇ ਹੀ ਬਠਿੰਡਾ ਵਿਚ ਗੁਰਦੁਆਰਾ ਸਿੰਘ ਸਭਾ ਵੱਲੋਂ ਨਗਰ ਕੀਰਤਨ ਕੱਢਿਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਸ਼ੁਰੂ ਹੁੰਦੇ ਹੋਏ ਸ਼ਹਿਰ ਦੇ ਸਿਰਕੀ ਬਾਜ਼ਾਰ, ਮਾਲ ਰੋਡ ਅਤੇ ਇਲਾਕੇ ਦੀਆਂ ਹੋਰ ਥਾਂਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚਿਆ। ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ 'ਤੇ ਹਾਜ਼ਰੀ ਭਰੀ।