ਸੂਬੇ ’ਚ 10 ਲੱਖ ਹੈਕਟੇਅਰ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ : ਤਿਵਾੜੀ
Friday, Jun 18, 2021 - 10:14 PM (IST)
ਮੋਹਾਲੀ (ਨਿਆਮੀਆਂ)- ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਦਿਨੋਂ-ਦਿਨ ਡਿਗਦੇ ਪੱਧਰ ਨੂੰ ਹੋਰ ਡਿੱਗਣ ਤੋਂ ਬਚਾਉਣ ਅਤੇ ਇਸ ਵਿਚ ਸੁਧਾਰ ਦੇ ਮੱਦੇਨਜ਼ਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ 10 ਲੱਖ ਹੈਕਟੇਅਰ ਰਕਬਾ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ ਹੈ, ਜਦਕਿ ਪਿਛਲੇ ਸਾਲ 05.5 ਲੱਖ ਹੈਕਟੇਅਰ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਹੋਈ ਸੀ। ਇਹ ਜਾਣਕਾਰੀ ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਨੇ ਜ਼ਿਲੇ ਦੇ ਪਿੰਡ ਸ਼ਾਹਪੁਰ ਵਿਖੇ ਕਿਸਾਨ ਬਲਜੀਤ ਸਿੰਘ ਵੱਲੋਂ 2 ਏਕੜ ਵਿਚ ਕੀਤੀ ਝੋਨੇ ਦੀ ਸਿੱਧੀ ਬਿਜਾਈ ਅਤੇ ਸਿੰਚਾਈ ਲਈ ਅਪਣਾਈ ਫੁਹਾਰਾ ਤਕਨੀਕ ਦਾ ਜਾਇਜ਼ਾ ਲੈਣ ਮੌਕੇ ਦਿੱਤੀ।
ਇਹ ਖ਼ਬਰ ਵੀ ਪੜ੍ਹੋ- ਵੱਡੀ ਖ਼ਬਰ : ਪੰਜਾਬ ਕੈਬਨਿਟ ਵਲੋਂ 6ਵੇਂ ਪੇਅ ਕਮਿਸ਼ਨ ਨੂੰ ਮਨਜ਼ੂਰੀ
ਇਸ ਮੌਕੇ ਉਨ੍ਹਾਂ ਨੇ ਪਿੰਡ ਸ਼ਾਹਪੁਰ ਵਿਖੇ ਕਿਸਾਨ ਸੁਖਵਿੰਦਰ ਸਿੰਘ ਵੱਲੋਂ ਕੀਤੀ ਝੋਨੇ ਦੀ ਸਿੱਧੀ ਬਿਜਾਈ ਅਤੇ ਸਿੰਚਾਈ ਲਈ ਵਰਤੀ ਜਾ ਰਹੀ ਤੁਪਕਾ ਸਿੰਚਾਈ ਤਕਨੀਕ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਪਿੰਡ ਸ਼ਾਹਪੁਰ ਵਿਖੇ ਪਾਇਲਟ ਪ੍ਰਾਜੈਕਟ ਤਹਿਤ ਤੁਪਕਾ ਸਿੰਚਾਈ ਤਕਨੀਕ ਲਾਗੂ ਕੀਤੀ ਗਈ ਹੈ, ਜਿਸ ਵਿਚ ਮੋਟਰ ਜਾਂ ਪ੍ਰੈਸ਼ਰ ਦੀ ਲੋੜ ਨਹੀਂ ਪੈਂਦੀ। ਤਜ਼ਰਬਾ ਸਫ਼ਲ ਰਹਿਣ ’ਤੇ ਇਸ ਨੂੰ ਵੱਡੇ ਪੱਧਰ ’ਤੇ ਲਾਗੂ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ- WTC Final : ਨਿਰਾਸ਼ ਹੋਈ ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ, ਇਹ ਹੈ ਵਜ੍ਹਾ
ਤਿਵਾੜੀ ਨੇ ਦੱਸਿਆ ਕਿ ਸਿੱਧੀ ਬਿਜਾਈ ਨਾਲ ਜਿੱਥੇ 15 ਤੋਂ 20 ਫੀਸਦ ਤਕ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਹੀ ਪ੍ਰਤੀ ਏਕੜ 2500 ਤੋਂ 3000 ਰੁਪਏ ਤਕ ਲਾਗਤ ਵੀ ਘਟਦੀ ਹੈ। ਇਸ ਤੋਂ ਇਲਾਵਾ ਇਸ ਤਕਨੀਕ ਨਾਲ ਲੇਬਰ ਦਾ ਖ਼ਰਚਾ ਵੀ ਬਚਦਾ ਹੈ। ਵਧੀਕ ਮੁੱਖ ਸਕੱਤਰ (ਵਿਕਾਸ) ਨੇ ਇਨ੍ਹਾਂ ਦੋਵਾਂ ਪਿੰਡਾਂ ਦੇ ਕਿਸਾਨਾਂ ਗਰੁੱਪਾਂ ਨੂੰ ਖੇਤੀਬਾੜੀ ਸਬੰਧੀ ਸਰਕਾਰ ਵੱਲੋਂ ਮੁਹੱਈਆ ਕਰਵਾਏ ਸੰਦਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਵਧੀਕ ਮੁੱਖ ਸਕੱਤਰ (ਵਿਕਾਸ) ਨੇ ਕਿਸਾਨਾਂ ਤੋਂ ਖੇਤੀਬਾੜੀ ਸਬੰਧੀ ਮੁਸ਼ਕਲਾਂ ਦੇ ਹੱਲ ਲਈ ਸੁਝਾਅ ਵੀ ਲਏ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਗੁਰਦਿਆਲ ਕੁਮਾਰ ਨੇ ਆਪਣੇ ਵੱਲੋਂ ਲਿਖੀ ਅਤੇ ਪਾਣੀ ਦੀ ਸੁਚੱਜੀ ਸੰਭਾਲ ਲਈ ਪ੍ਰੇਰਦੀ ਕਵਿਤਾ ‘ਡਿੱਗਦਾ ਜਾਂਦਾ ਪਾਣੀ ਦਾ ਪੱਧਰ’ ਬਹੁਤ ਵੀ ਭਾਵਪੂਰਨ ਢੰਗ ਨਾਲ ਸੁਣੀ।
ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ, ਮੁੱਖ ਭੂਮੀਪਾਲ ਪੰਜਾਬ ਸਰਕਾਰ ਰਾਜੇਸ਼ ਵਸਿਸ਼ਟ, ਐੱਸ. ਡੀ. ਐੱਮ. ਖਰੜ ਹਿਮਾਂਸ਼ੂ ਜੈਨ, ਮੁੱਖ ਖੇਤੀਬਾੜੀ ਅਫ਼ਸਰ ਰਾਜੇਸ਼ ਕੁਮਾਰ ਰਹੇਜਾ, ਡਿਵੀਜ਼ਨਲ ਭੂਮੀ ਰੱਖਿਆ ਅਫ਼ਸਰ ਹਰਜਿੰਦਰ ਸਿੰਘ, ਖੇਤੀਬਾੜੀ ਅਫ਼ਸਰ ਮਾਜਰੀ ਗੁਰਬਚਨ ਸਿੰਘ, ਖੇਤੀਬਾੜੀ ਅਫ਼ਸਰ ਖਰੜ ਸੰਦੀਪ ਕੁਮਾਰ, ਸਰਪੰਚ ਪਿੰਡ ਠਸਕਾ ਬਹਾਦਰ ਸਿੰਘ ਅਤੇ ਕਿਸਾਨ ਬਲਜੀਤ ਸਿੰਘ ਵੀ ਹਾਜ਼ਰ ਸਨ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।