ਤਰਨਤਾਰਨ : ਜ਼ਿਲਾ ਮੈਜਿਸਟ੍ਰੇਟ ਵਲੋਂ ਦੇਰ ਰਾਤ ਲੋਕਾਂ ਦੀ ਸਹੂਲਤ ਲਈ ਲਏ ਗਏ ਅਹਿਮ ਫੈਸਲੇ
Saturday, Mar 28, 2020 - 11:50 PM (IST)
ਤਰਨਤਾਰਨ,(ਰਮਨ) : ਤਰਨਤਾਰਨ ਦੇ ਜ਼ਿਲਾ ਮੈਜਿਸਟ੍ਰੇਟ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਦੇਰ ਰਾਤ ਲੋਕਾਂ ਦੀਆਂ ਸਹੂਲਤਾਂ ਨੂੰ ਵੇਖਦੇ ਹੋਏ ਕਈ ਅਹਿਮ ਫੈਸਲੇ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਮੈਜਿਸਟ੍ਰੇਟ ਪ੍ਰਦੀਪ ਸੱਭਰਵਾਲ ਨੇ ਦੱਸਿਆ ਕਿ ਜ਼ਿਲੇ ਦੀਆਂ ਕਰਿਆਨਾ ਅਤੇ ਦਵਾਈਆਂ ਦੀਆਂ ਦੁਕਾਨਾਂ ਰੋਜ਼ਾਨਾ ਸਵੇਰੇ 6 ਵਜੇ ਤੋਂ 10 ਵਜੇ ਤੱਕ ਖੁੱਲ੍ਹਣਗੀਆਂ। ਜਿਸ ਦੌਰਾਨ ਦੁਕਾਨ ਮਾਲਕ ਆਪਣੇ ਗ੍ਰਾਹਕਾਂ ਨੂੰ ਸਾਮਾਨ ਦੇਣ ਲਈ ਹੋਮ ਡਲਿਵਰੀ ਦੀ ਵਿਵਸਥਾ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸਮੂਹ ਲੈਬਾਰਟਰੀਆਂ ਅਤੇ ਡਾਇਗਨੋਸਟਿਕ ਸੈਂਟਰ ਸਵੇਰੇ 7 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਦੱਸਿਆ ਕਿ ਸਬਜ਼ੀ ਮੰਡੀਆਂ ਨੂੰ ਐਤਵਾਰ, ਸੋਮਵਾਰ, ਮੰਗਲਵਾਰ ਅਤੇ ਸ਼ੁੱਕਰਵਾਰ ਲਈ ਸਵੇਰੇ 4 ਵਜੇ ਤੋਂ ਸਵੇਰੇ 8 ਵਜੇ ਤੱਕ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ ।
ਇਸੇ ਤਰ੍ਹਾਂ ਫਰੂਟ ਅਤੇ ਸਬਜ਼ੀਆਂ ਦੀਆਂ ਰੇਹੜੀਆਂ ਅਤੇ ਵੈਨਾਂ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਗਲੀਆਂ, ਮੁਹੱਲਿਆਂ, ਕਾਲੋਨੀਆਂ ਆਦਿ 'ਚ ਸਪਲਾਈ ਦੇਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲੇ 'ਚ ਮੌਜੂਦ ਆਟਾ ਚੱਕੀਆਂ ਨੂੰ ਰੋਜ਼ਾਨਾ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ, ਜਿਸ 'ਚ ਸਿਰਫ ਦੋ ਵਿਅਕਤੀ ਹੀ ਮੌਜੂਦ ਹੋ ਸਕਣਗੇ। ਇਸ ਤੋਂ ਜ਼ਿਆਦਾ ਵਿਅਕਤੀਆਂ ਦੀ ਮੌਜੂਦਗੀ ਦੌਰਾਨ ਚੱਕੀ ਮਾਲਕ ਦਾ ਲਾਇਸੈਂਸ ਵੀ ਰੱਦ ਕੀਤਾ ਜਾ ਸਕਦਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਗਰਭਵਤੀ ਔਰਤਾਂ, ਕੈਂਸਰ ਦੇ ਮਰੀਜ਼ਾਂ, ਸ਼ੂਗਰ ਦੇ ਮਰੀਜ਼ਾਂ, ਦਿਲ ਦੇ ਰੋਗੀਆਂ ਅਤੇ ਡਾਇਲਸਿਸ ਕਰਵਾਉਣ ਵਾਲੇ ਮਰੀਜ਼ਾਂ ਨੂੰ ਡਾਕਟਰੀ ਪਰਚੀ ਤਹਿਤ ਕਰਫਿਊ ਦੌਰਾਨ ਕਿਸੇ ਵੱਲੋਂ ਨਹੀਂ ਰੋਕਿਆ ਜਾਵੇਗਾ। ਜਿਨ੍ਹਾਂ ਨੂੰ ਵੱਖਰੇ ਕਰਫਿਊ ਪਾਸ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਉਕਤ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਦੁਕਾਨਦਾਰਾਂ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ ਅਤੇ ਉਨ੍ਹਾਂ ਦੇ ਲਾਇਸੈਂਸਾਂ ਨੂੰ ਰੱਦ ਕਰਨ ਵਿੱਚ ਕੋਈ ਦੇਰੀ ਨਹੀਂ ਲਗਾਈ ਜਾਵੇਗੀ।