ਤਰਨਤਾਰਨ ''ਚ ਹੋਏ ਸਰਪੰਚ ਕਤਲ ਕਾਂਡ ਵਿਚ ਸਨਸਨੀਖੇਜ਼ ਖੁਲਾਸਾ
Monday, Apr 21, 2025 - 06:06 PM (IST)

ਤਰਨਤਾਰਨ : ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਸਰਪੰਚ ਬਚਿੱਤਰ ਸਿੰਘ ਉਰਫ਼ ਬਿੱਕਰ ਦੇ ਕਤਲ ਦੇ ਘਿਨਾਉਣੇ ਕੇਸ ਵਿਚ ਸ਼ਾਮਲ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਪੁਲਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਸੁਖਬੀਰ ਸਿੰਘ ਉਰਫ਼ ਸੁੱਖ ਵਾਸੀ ਬਰਵਾਲਾ , ਤਰਨਤਾਰਨ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, 12 ਸਤੰਬਰ, 2024 ਨੂੰ ਤਰਨਤਾਰਨ ਦੇ ਪਿੰਡ ਨੌਸ਼ਹਿਰਾ ਪੰਨੂਆਂ ਵਿਚ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸਰਪੰਚ ਬਚਿੱਤਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਇਹ ਵੀ ਪੜ੍ਹੋ : ਪੰਜਾਬ ਸ਼ਰਮਸਾਰ ! ਸਕੂਲ ਵਿਚ ਲਿਜਾ ਕੇ 6 ਮੁੰਡਿਆਂ ਨੇ ਵਾਰੋ-ਵਾਰੀ ਕੁੜੀ ਨਾਲ...
ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਵਿਅਕਤੀ ਸੁਖਬੀਰ ਸਿੰਘ ਇਕ ਜ਼ੁਰਾਇਮ-ਪੇਸ਼ਾ ਮੁਜਰਿਮ ਹੈ ,ਜਿਸ ਵਿਰੁੱਧ ਐੱਨਡੀਪੀਐਸ ਐਕਟ, ਆਰਮਜ਼ ਐਕਟ ਦੇ ਕੇਸਾਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਉਸ ਦੇ ਸਾਥੀਆਂ ਦੀ ਪਛਾਣ ਕਰਨ ਅਤੇ ਉਸ ਦੀਆਂ ਅਪਰਾਧਿਕ ਗਤੀਵਿਧੀਆਂ ਦੀ ਹੋਰ ਬਾਰੀਕਬੀਨੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏਡੀਜੀਪੀ) ਏਜੀਟੀਐੱਫ ਪ੍ਰਮੋਦ ਬਾਨ ਨੇ ਕਿਹਾ ਕਿ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐੱਫ ਦੀਆਂ ਟੀਮਾਂ ਅਤੇ ਐੱਸਐੱਸਪੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਤਰਨਤਾਰਨ ਪੁਲਸ ਦੀਆਂ ਟੀਮਾਂ ਜੋ ਉਕਤ ਦੋਸ਼ੀ ਦਾ ਪਿੱਛਾ ਕਰ ਰਹੀਆਂ ਸਨ ਨੇ ਖੁਫੀਆ ਜਾਣਕਾਰੀ ’ਤੇ ਦੋਸ਼ੀ ਨੂੰ ਤਰਨਤਾਰਨ ਦੇ ਪਹੁਵਿੰਡ ਖੇਤਰ ਤੋਂ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਪੰਜਾਬ ਵਿਚ ਐਨਰਜੀ ਡਰਿੰਕਸ ਬੈਨ ! ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ
ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਏਜੀਟੀਐਫ ਅਤੇ ਤਰਨਤਾਰਨ ਪੁਲਸ ਦੀਆਂ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ,ਦੋਸ਼ੀ ਵਿਅਕਤੀ ਦਾ ਪਿੱਛਾ ਕੀਤਾ ਅਤੇ ਪਿੰਡ ਪਹੁਵਿੰਡ ਵਿਖੇ ਗੁਰਦੁਆਰਾ ਸਾਹਿਬ ਦੇ ਨੇੜਿਓਂ ਉਸਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਪੁਲਸ ਟੀਮਾਂ ਨੇ ਉਸਦਾ ਕਾਲਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਐਸਐਸਪੀ ਅਭਿਮਨਿਊ ਰਾਣਾ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਸੁਖਬੀਰ ਨੇ ਸਰਪੰਚ ਬਚਿੱਤਰ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚਣ ਵਿਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਪੀੜਤ ਸਰਪੰਚ ਦੀ ਰੇਕੀ ਕਰਨ ਵਿਚ ਵੀ ਦੋਸ਼ੀ ਦਾ ਹੱਥ ਸੀ।ਉਨ੍ਹਾਂ ਕਿਹਾ ਕਿ ਮੁਲਜ਼ਮ ਸੁਖਬੀਰ ਸਿੰਘ ਦੀ ਗ੍ਰਿਫ਼ਤਾਰੀ ਨਾਲ, ਤਰਨਤਾਰਨ ਪੁਲਸ ਨੇ ਇਸ ਮਾਮਲੇ ਵਿੱਚ ਨਾਮਜ਼ਦ ਕੁੱਲ ਅੱਠ ਮੁਲਜ਼ਮਾਂ ਵਿਚੋਂ ਸੱਤ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਪੁਲਸ ਟੀਮਾਂ ਅਪਰਾਧ ਵਿਚ ਸ਼ਾਮਲ ਅੱਠਵੇਂ ਮੁਲਜ਼ਮ ਨੂੰ ਦਬੋਚਣ ਲਈ ਭਾਲ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਡਿਪੂਆਂ ਤੋਂ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਸਰਕਾਰ ਨੇ ਲਿਆ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e