ਤਰਨਤਾਰਨ ਜ਼ਿਮਨੀ ਚੋਣ ਤੋਂ ਬਾਅਦ ਅਕਾਲੀ ਉਮੀਦਵਾਰ ਦੀ ਧੀ 'ਤੇ ਕਾਰਵਾਈ, ਗ੍ਰਿਫ਼ਤਾਰੀ ਦੀ ਤਿਆਰੀ

Wednesday, Nov 12, 2025 - 12:21 PM (IST)

ਤਰਨਤਾਰਨ ਜ਼ਿਮਨੀ ਚੋਣ ਤੋਂ ਬਾਅਦ ਅਕਾਲੀ ਉਮੀਦਵਾਰ ਦੀ ਧੀ 'ਤੇ ਕਾਰਵਾਈ, ਗ੍ਰਿਫ਼ਤਾਰੀ ਦੀ ਤਿਆਰੀ

ਤਰਨਤਾਰਨ (ਰਮਨ) : ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਅਤੇ ਇਕ ਹੋਰ ਵਿਅਕਤੀ ਖ਼ਿਲਾਫ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਲਈ ਉਲੰਘਣਾ ਕਰਨ ਦੇ ਮਾਮਲੇ ਵਿਚ ਥਾਣਾ ਸਰਾਈ ਅਮਾਨਤ ਖਾਂ ਵਿਖੇ ਪਰਚਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ ਪੁਲਸ ਵੱਲੋਂ ਦੋਵਾਂ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਬੀਤੇ ਮੰਗਲਵਾਰ ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਹੋਈ ਜ਼ਿਮਨੀ ਚੋਣ ਵਿਚ ਅਕਾਲੀ ਦਲ ਬਾਦਲ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਅਤੇ ਉਨ੍ਹਾਂ ਦੀ ਧੀ ਕੰਚਨਪ੍ਰੀਤ ਕੌਰ ਜੋ ਕਵਰਿੰਗ ਉਮੀਦਵਾਰ ਵੀ ਹਨ ਰੋਜ਼ਾਨਾ ਸੁਰਖੀਆਂ ਵਿਚ ਨਜ਼ਰ ਆਉਂਦੇ ਰਹੇ। 

ਇਹ ਵੀ ਪੜ੍ਹੋ : ਪੰਜਾਬ 'ਚ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

ਬੀਤੇ ਮੰਗਲਵਾਰ ਸੋਸ਼ਲ ਮੀਡੀਆ ਦੀ ਮਦਦ ਲੈਂਦੇ ਹੋਏ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਨਿਵਾਸੀ ਪਿੰਡ ਮੀਆਂਪੁਰ ਅਤੇ ਕਰਨ ਗਿੱਲ ਨਿਵਾਸੀ ਮੀਆਂਪੁਰ ਵੱਲੋਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਜਿਸ ਦੇ ਚੱਲਦਿਆਂ ਇਨ੍ਹਾਂ ਵੱਲੋਂ ਚੋਣ ਪ੍ਰਚਾਰ ਨਾਲ ਸੰਬੰਧਤ ਵੀਡੀਓ ਸੋਸ਼ਲ ਮੀਡੀਆ ਉੱਪਰ ਸਾਂਝੀਆਂ ਕੀਤੀਆਂ ਗਈਆਂ ਸਨ। ਜਿਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਰਿਟਰਨਿੰਗ ਅਧਿਕਾਰੀ-ਕਮ-ਐੱਸਡੀਐੱਮ ਤਰਨਤਾਰਨ ਗੁਰਮੀਤ ਸਿੰਘ ਦੇ ਬਿਆਨਾਂ ਹੇਠ ਪਰਚਾ ਦਰਜ ਕਰ ਲਿਆ ਗਿਆ ਹੈ। 

ਇੱਥੇ ਦੱਸਣਯੋਗ ਹੈ ਕਿ ਬੀਤੇ ਕੱਲ ਕੰਚਨਪ੍ਰੀਤ ਕੌਰ ਵੱਲੋਂ ਮੀਡੀਆ ਦੇ ਸਾਹਮਣੇ ਜਾਣਕਾਰੀ ਸਾਂਝੀ ਕੀਤੀ ਗਈ ਸੀ ਕਿ ਪੁਲਸ ਵੱਲੋਂ ਉਨ੍ਹਾਂ ਦੇ ਬੂਥਾਂ ਨੂੰ ਟਾਰਗੇਟ ਬਣਾਉਂਦੇ ਹੋਏ ਅਕਾਲੀ ਵਰਕਰਾਂ ਉਪਰ ਦਬਾਅ ਬਣਾਇਆ ਜਾ ਰਿਹਾ ਹੈ। ਕੰਚਨਪ੍ਰੀਤ ਕੌਰ ਵੱਲੋਂ ਇਹ ਖਦਸ਼ਾ ਵੀ ਜਿਤਾਇਆ ਗਿਆ ਸੀ ਕਿ ਪੁਲਸ ਕਿਸੇ ਵੇਲੇ ਵੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਸਕਦੀ ਹੈ ਕਿਉਂਕਿ ਪੁਲਸ ਸਿਵਲ ਵਰਦੀ ਵਿਚ ਉਨ੍ਹਾਂ ਦੇ ਪਿੱਛੇ ਲੱਗੀ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਿਟੀ ਰਾਜੇਸ਼ ਕੱਕੜ ਨੇ ਦੱਸਿਆ ਕਿ ਰਿਟਰਨਿੰਗ ਅਧਿਕਾਰੀ ਗੁਰਮੀਤ ਸਿੰਘ ਵੱਲੋਂ ਦਿੱਤੇ ਗਏ ਬਿਆਨਾਂ ਤਹਿਤ ਥਾਣਾ ਸਰਾਏ ਅਮਾਨਤ ਖਾਂ ਵਿਖੇ ਕੰਚਨਪ੍ਰੀਤ ਕੌਰ ਨਿਵਾਸੀ ਮੀਆਂਪੁਰ ਅਤੇ ਕਰਨ ਗਿੱਲ ਨਿਵਾਸੀ ਮੀਆਂਪੁਰ ਜ਼ਿਲ੍ਹਾ ਤਰਨਤਾਰਨ ਖ਼ਿਲਾਫ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰੀ ਦੀ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 


author

Gurminder Singh

Content Editor

Related News