ਤਰਨਤਾਰਨ ਨੇ ਮਿਥਿਆ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਟੀਚਾ : ਮੰਤਰੀ ਹਰਪਾਲ ਸਿੰਘ ਚੀਮਾ
Thursday, Mar 06, 2025 - 02:49 PM (IST)

ਚੰਡੀਗੜ੍ਹ/ਜਲੰਧਰ/ਤਰਨਤਾਰਨ (ਅੰਕੁਰ, ਧਵਨ, ਰਮਨ)- ਤਰਨਤਾਰਨ ਦੇ ਸਿਵਲ ਅਤੇ ਪੁਲਸ ਪ੍ਰਸ਼ਾਸ਼ਨ ਨੇ ਇਕ ਵੱਡੀ ਪੁਲਾਂਘ ਪੁੱਟਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿਵਾਇਆ ਹੈ ਕਿ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ। ਇਹ ਵਚਨਬੱਧਤਾ ਬੁੱਧਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਤਰਨਤਾਰਨ ਸਿਵਲ ਅਤੇ ਪੁਲਸ ਪ੍ਰਸ਼ਾਸਨ ਨਾਲ ਜ਼ਿਲ੍ਹੇ ਦੇ ਲੋਕ ਨੁਮਾਇੰਦਿਆਂ ਦੀ ਹਾਜ਼ਰੀ ’ਚ ਕੀਤੀ ਮੀਟਿੰਗ ਦੌਰਾਨ ਪ੍ਰਗਟਾਈ ਗਈ।
ਇਹ ਵੀ ਪੜ੍ਹੋ- ਭਾਰਤੀਆਂ ਲਈ ਖ਼ੁਸ਼ਖ਼ਬਰੀ ; ਪੂਰਾ ਹੋਣ ਹੀ ਵਾਲਾ ਹੈ ਮੁੰਬਈ-ਅਹਿਮਦਾਬਾਦ ਬੁਲੇਟ ਟ੍ਰੇਨ ਪੁਲ ਦਾ ਨਿਰਮਾਣ
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਲਸ ਅਤੇ ਸਿਵਲ ਪ੍ਰਸ਼ਾਸਨ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਪਹਿਲਕਦਮੀਆਂ ਨੂੰ ਹੋਰ ਬਿਹਤਰ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਜ਼ਿਲ੍ਹੇ ਦੇ ਸਿਵਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਨੌਜਵਾਨਾਂ ਨੂੰ ਵਿਦਿਅਕ ਮੁਕਾਬਲਿਆਂ, ਖੇਡਾਂ, ਸੱਭਿਆਚਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਹੋਰ ਗਤੀਵਿਧੀਆਂ ’ਚ ਭਾਗ ਲੈਣ ਲਈ ਉਤਸ਼ਾਹਿਤ ਕਰਨ। ਪੁਲਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਸ਼ਾ ਸਮੱਗਲਰਾਂ ਵਿਰੁੱਧ ਤੇਜ਼ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਦੀ ਨਸ਼ਿਆਂ ਦੇ ਕਾਰੋਬਾਰ ਰਾਹੀਂ ਹਾਸਲ ਕੀਤੀ ਸਾਰੀ ਜਾਇਦਾਦ ਜ਼ਬਤ ਕੀਤੀ ਜਾਵੇ।
ਇਸ ਮੌਕੇ ਐੱਸ.ਐੱਸ.ਪੀ ਤਰਨਤਾਰਨ ਅਭਿਮੰਨਿਊ ਰਾਣਾ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਪਿਛਲੇ ਸਾਲ ਦੌਰਾਨ 26 ਕਰੋੜ ਰੁਪਏ ਅਤੇ ਇਸ ਸਾਲ ਹੁਣ ਤਕ 2 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਹੈ। 6 ਹੋਰ ਮਾਮਲਿਆਂ ’ਚ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਚੱਲ ਰਹੀ ਹੈ। ਮੁਹਿੰਮ ਤਹਿਤ ਜ਼ਿਲ੍ਹੇ ਵਿਚ ਐੱਨ. ਡੀ. ਪੀ. ਐਸ. ਐਕਟ ਤਹਿਤ 80 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਗਿਆ ਹੈ ਅਤੇ 13 ਕਿੱਲੋ ਹੈਰੋਇਨ ਜ਼ਬਤ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡੀਆਂ ਹਵਾਵਾਂ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
ਇਸ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਹਲਕੇ ਪੱਟੀ ’ਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦਾ ਹਵਾਲਾ ਦਿੰਦਿਆਂ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਉਸਾਰਨ ’ਤੇ ਜ਼ੋਰ ਦਿੱਤਾ। ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ 80 ਪਿੰਡਾਂ ਨੇ ਮਤੇ ਪਾਸ ਕਰਕੇ ਆਪਣੇ ਇਲਾਕਿਆਂ ’ਚ ਨਸ਼ਾ ਨਾ ਵਿਕਣ ਦੇਣ ਦਾ ਫ਼ੈਸਲਾ ਕੀਤਾ ਹੈ। ਨੌਜਵਾਨਾਂ ਦਾ ਨਸ਼ਿਆਂ ਤੋਂ ਖੇਡਾਂ ਵੱਲ ਧਿਆਨ ਕਰਨ ਲਈ 87 ਪਿੰਡਾਂ ਨੂੰ ਵਾਲੀਬਾਲ ਕਿੱਟਾਂ ਦਿੱਤੀਆਂ ਜਾਣਗੀਆਂ। ਮੀਟਿੰਗ ਦੌਰਾਨ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਅਤੇ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਵੀ ਆਪਣੇ ਵਿਚਾਰ ਰੱਖੇ।
ਇਹ ਵੀ ਪੜ੍ਹੋ- ਤਰਨਤਾਰਨ ਪੁਲਸ ਵੱਲੋਂ ਫਰਜ਼ੀ ਐਨਕਾਊਂਟਰ! ਸਜ਼ਾ ਭੁਗਤਣਗੇ 2 ਅਫ਼ਸਰ
ਮੀਟਿੰਗ ਉਪਰੰਤ ਵਿੱਤ ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ਤੋਂ ਨਸ਼ਿਆਂ ਦਾ ਕਾਰੋਬਾਰ ਚਲਾਉਣ ਵਾਲੇ ਵਿਅਕਤੀਆਂ ਨੂੰ ਵਾਪਸ ਲਿਆ ਕੇ ਕਾਨੂੰਨ ਮੁਤਾਬਕ ਸਜ਼ਾ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਸਰਹੱਦ ਪਾਰੋਂ ਨਸ਼ਿਆਂ ਦੀ ਸਮੱਗਲਿੰਗ ’ਤੇ ਮੁਕੰਮਲ ਰੋਕ ਲਗਾਉਣ ਲਈ ਸਰਹੱਦੀ ਜ਼ਿਲਿਆਂ ਦੀ ਪੁਲਸ ਨੂੰ ਜਲਦੀ ਹੀ ਐਂਟੀ ਡਰੋਨ ਤਕਨੀਕ ਨਾਲ ਲੈਸ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8