ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਨੇ ਗੋਲੀਆਂ ਨਾਲ ਭੁੰਨਿਆ ਭਰਾ

Monday, Feb 24, 2020 - 07:19 PM (IST)

ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਨੇ ਗੋਲੀਆਂ ਨਾਲ ਭੁੰਨਿਆ ਭਰਾ

ਤਰਨਤਾਰਨ,(ਰਾਜੂ/ਰਮਨ)- ਜ਼ਿਲਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਬਾਕੀਪੁਰ ਵਿਖੇ ਜ਼ਮੀਨ ਖਾਤਰ ਭਰਾ ਵੱਲੋਂ ਆਪਣੇ ਭਰਾ ਨੂੰ ਗੋਲੀਆਂ ਨਾਲ ਭੁੰਨ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਬਲਦੇਵ ਸਿੰਘ ਦੀ ਹੱਤਿਆ 'ਚ ਉਸ ਦਾ ਪਿਤਾ, ਭਰਾ ਹੋਰ ਵੀ ਸ਼ਾਮਿਲ ਹਨ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਬਲਦੇਵ ਸਿੰਘ ਦੀ ਪਤਨੀ ਪਲਵਿੰਦਰ ਕੌਰ ਨੇ ਦੱਸਿਆ ਕਿ ਜ਼ਮੀਨ ਦੀ ਵੰਡ ਨੂੰ ਲੈ ਕੇ ਬਲਦੇਵ ਸਿੰਘ ਦਾ ਆਪਣੇ ਭਰਾ ਸੁਖਦੇਵ ਸਿੰਘ ਨਾਲ ਝਗੜਾ ਚੱਲ ਰਿਹਾ ਸੀ। ਸੁਖਦੇਵ ਸਿੰਘ ਨੇ ਉਨ੍ਹਾਂ ਦੇ ਹਿੱਸੇ ਆਉਂਦੀ ਜ਼ਮੀਨ ਧੱਕੇ ਨਾਲ ਹੜੱਪ ਲਈ ਅਤੇ ਇਸ ਕੰਮ ਵਿਚ ਉਸ ਦਾ ਪਿਤਾ ਸੁਖਦੇਵ ਸਿੰਘ ਵੀ ਉਨ੍ਹਾਂ ਨਾਲ ਧੋਖਾ ਕਰ ਰਿਹਾ ਸੀ। ਪਲਵਿੰਦਰ ਕੌਰ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਥਾਣਾ ਸਦਰ ਤਰਨਤਾਰਨ 'ਚ ਪਹਿਲਾਂ ਵੀ ਦਰਖ਼ਾਸਤ ਦਿੱਤੀ ਹੋਈ ਸੀ ਪਰ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਹੀ ਇਹ ਘਟਨਾ ਵਾਪਰ ਗਈ।

ਪਲਵਿੰਦਰ ਕੌਰ ਨੇ ਦੱਸਿਆ ਕਿ ਅੱਜ ਉਹ ਸਾਰਾ ਪਰਿਵਾਰ ਘਰ 'ਚ ਸੀ ਤਾਂ ਸ਼ਾਮ ਕਰੀਬ 4 ਵਜੇ ਦੇ ਕਰੀਬ ਬਲਦੇਵ ਸਿੰਘ ਦਾ ਭਰਾ ਸੁਖਦੇਵ ਸਿੰਘ, ਉਸ ਦਾ ਪਿਓ ਜਗਤਾਰ ਸਿੰਘ, ਸੁਖਦੇਵ ਸਿੰਘ ਦੇ ਲੜਕੇ ਤੇ ਹੋਰ 5 ਅਣਪਛਾਤੇ ਵਿਅਕਤੀਆਂ ਨੇ ਘਰ ਵਿਚ ਆ ਕੇ ਉਨ੍ਹਾਂ ਦੀ ਮਾਰ-ਕੁਟਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਬਲਦੇਵ ਸਿੰਘ ਨੂੰ ਕੁੱਟਮਾਰ ਕਰਕੇ ਉਸ ਨੂੰ ਧੂਹ ਕੇ ਘਰੋਂ ਬਾਹਰ ਲੈ ਗਏ ਅਤੇ ਬਾਹਰ ਲਿਜਾ ਕੇ ਉਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਪਲਵਿੰਦਰ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਪਹਿਲਾਂ ਵੀ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਜਿਸ ਸਬੰਧੀ ਪੁਲਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਪੁਲਸ ਨੇ ਉਕਤ ਵਿਅਕਤੀਆਂ ਦੇ ਹਾਕਮ ਧਿਰ ਨਾਲ ਸਬੰਧ ਹੋਣ ਕਾਰਨ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ। ਜਿਸ ਦੇ ਨਤੀਜੇ ਵਜੋਂ ਮੁਲਜ਼ਮਾਂ ਨੇ ਅੱਜ ਜ਼ਮੀਨ ਨੂੰ ਲੈ ਕੇ ਉਸ ਦੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਧਰ ਮੌਕੇ 'ਤੇ ਪਹੁੰਚੇ ਥਾਣਾ ਸਦਰ ਤਰਨਤਾਰਨ ਦੇ ਐੱਸ. ਐੱਚ. ਓ. ਮਨੋਜ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਦਾ ਜ਼ਮੀਨ ਦੀ ਵੰਡ ਨੂੰ ਲੈ ਕੇ ਆਪਸ 'ਚ ਪਿਓ-ਪੁੱਤਰਾਂ ਦਾ ਪੁਰਾਣਾ ਝਗੜਾ ਚੱਲ ਰਿਹਾ ਸੀ ਅਤੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਪਰ ਅੱਜ ਸੁਖਦੇਵ ਸਿੰਘ ਅਤੇ ਉਸ ਦੇ ਪਿਓ ਵੱਲੋਂ ਆਪਣੇ ਹੀ ਪੁੱਤਰ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਕਬਜ਼ੇ 'ਚ ਲੈ ਕੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਖਿਲਾਫ ਜਲਦੀ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


Related News