ਸੁਖਬੀਰ ਬਾਦਲ ਦੇ ਤਰਨਤਾਰਨ ਦੌਰੇ ਨੂੰ ਲੈ ਕੇ ਅਕਾਲੀ ਵਰਕਰਾਂ ’ਚ ਭਾਰੀ ਉਤਸ਼ਾਹ

01/20/2019 3:27:46 PM

ਤਰਨਤਾਰਨ (ਰਾਜੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਵਿਖੇ ਪਿੰਡ ਨੌਰੰਗਾਬਾਦ ’ਚ 22 ਜਨਵਰੀ ਨੂੰ ਰੱਖੀ ਗਈ ਮੀਟਿੰਗ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਸੈੱਲ ਦੇ ਮਾਝਾ ਜ਼ੋਨ ਇੰਚਾਰਜ ਪ੍ਰਗਟ ਸਿੰਘ ਬਨਵਾਲੀਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਉਤਸ਼ਾਹਪੂਰਵਕ ਸਾਬਤ ਹੋਵੇਗੀ। ਇਨ੍ਹਾਂ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਸੱਤਾ ’ਚੋਂ ਬਾਹਰ ਕਰ ਦੇਣਗੇ, ਕਿਉਂਕਿ ਕਾਂਗਰਸ ਨੇ ਹਮੇਸ਼ਾ ਲੋਕ ਵਿਰੋਧੀ ਫੈਸਲਿਆਂ ਨੂੰ ਹੀ ਪਹਿਲ ਦਿੱਤੀ ਹੈ। ਕਾਂਗਰਸ ਪਾਰਟੀ ਨੇ ਗਰਾਮ ਪੰਚਾਇਤ ਦੀਆਂ ਚੋਣਾਂ ਵਿਚ ਧੱਕੇਸ਼ਾਹੀ ਕਰਦੇ ਹੋਏ ਲੋਕਤੰਤਰ ਦਾ ਘਾਣ ਕੀਤਾ ਹੈ, ਜਿਸ ਨਾਲ ਲੋਕ ਵੀ ਕਾਂਗਰਸ ਪਾਰਟੀ ਤੋਂ ਮੂੰਹ ਮੋਡ਼ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਕਾਂਗਰਸ ਪਾਰਟੀ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ ਕਿਉਂਕਿ ਜਦੋਂ ਦੀ ਕਾਂਗਰਸ ਸਰਕਾਰ ਨੇ ਸੂਬੇ ਦੀ ਕਮਾਨ ਸੰਭਾਲੀ ਹੈ, ਉਦੋਂ ਤੋਂ ਹੀ ਸੂਬਾ ਰੋਜ਼ਗਾਰ ਤੇ ਆਰਥਕ ਪੱਖੋਂ ਪੱਛਡ਼ਦਾ ਜਾ ਰਿਹਾ ਹੈ। ਬਨਵਾਲੀਪੁਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਆਉਣ ਸਬੰਧੀ ਸਾਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਤੇ ਵਰਕਰਾਂ ਦੀਆਂ ਡਿਊਟੀਆਂ ਲੱਗਾ ਦਿੱਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੀ ਅਕਾਲੀ ਵਰਕਰ ਮੌਜੂਦ ਸਨ।