ਪਾਕਿਸਤਾਨ ''ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ''ਤੇ ਨਵਜੋਤ ਸਿੱਧੂ ਚੁੱਪ ਕਿਉਂ : ਤਰੁਣ ਚੁੱਘ
Tuesday, Nov 30, 2021 - 03:47 PM (IST)
ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪਾਕਿਸਤਾਨ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਚੁੱਪੀ 'ਤੇ ਸਵਾਲ ਚੁੱਕੇ ਹਨ। ਤਰੁਣ ਚੁੱਘ ਨੇ ਪਿੰਡ ਕੋਟ ਮੀਰ ਬਦਨ ਖਾਂ ਬਜਰਾਣੀ, ਤਹਿਸੀਲ ਕਰਮਪੁਰ, ਜ਼ਿਲ੍ਹਾ ਕਸ਼ਮੋਰ ਸਿੰਧ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੀ ਨਿੰਦਾ ਕੀਤਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਸ਼ਰਮਨਾਕ ਘਟਨਾ ਸਿੱਖਾਂ ਅਤੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਤਰੁਣ ਚੁੱਘ ਨੇ ਹੈਰਾਨੀ ਜ਼ਾਹਰ ਕਰਦੇ ਹੋਏ ਕਿਹਾ ਹੈ ਕਿ ਨਵਜੋਤ ਸਿੱਧੂ ਅਜਿਹੇ ਮੁੱਦੇ 'ਤੇ ਚੁੱਪ ਕਿਉਂ ਹਨ, ਹਾਲਾਂਕਿ ਉਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਦੋਸਤ ਹੋਣ ਦਾ ਦਾਅਵਾ ਕਰਦਿਆਂ ਉਨ੍ਹਾਂ ਦਾ ਗੁਣਗਾਣ ਕਰਦੇ ਹਨ। ਤਰੁਣ ਚੁੱਘ ਨੇ ਸਵਾਲ ਕੀਤਾ ਹੈ ਕਿ ਜੇਕਰ ਨਵਜੋਤ ਸਿੱਧੂ ਪਾਕਿਸਤਾਨ 'ਚ ਸਿੱਖਾਂ ਦੇ ਹਿੱਤਾਂ ਦਾ ਰਾਖੀ ਨਹੀਂ ਕਰ ਸਕਦੇ ਤਾਂ ਇਹ ਕਿਸ ਤਰ੍ਹਾਂ ਦੀ ਦੋਸਤੀ ਹੈ। ਤਰੁਣ ਚੁੱਘ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਨੂੰ ਆਪਣੇ ਕੰਮ 'ਚ ਗੰਭੀਰਤਾ ਲਿਆਉਣੀ ਚਾਹੀਦੀ ਹੈ।