ਤਰੁਣ ਚੁਘ ਨੇ ਚੋਣ ਮੈਨੀਫੈਸਟੋ ਦੇ ਵਾਅਦਿਆਂ ਨੂੰ ਲੈ ਕੇ ਕੈਪਟਨ ਨੂੰ ਲਿਖਿਆ ਪੱਤਰ
Monday, Oct 19, 2020 - 11:50 PM (IST)
ਚੰਡੀਗੜ੍ਹ,(ਸ਼ਰਮਾ)-ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਾਂਗਰਸ ਦੇ ਮੈਨੀਫੈਸਟੋ ਵਿਚ ਕਿਸਾਨਾਂ ਦੇ ਹਿੱਤਾਂ ਨੂੰ ਲੈ ਕੇ ਕੀਤੇ ਵਾਅਦਿਆਂ ਨੂੰ ਯਾਦ ਕਰਵਾਇਆ ਹੈ। ਪੱਤਰ ਵਿਚ ਲਿਖਿਆ ਕਿ 2017 ਵਿਧਾਨਸਭਾ ਚੋਣਾਂ ਲਈ ਕਾਂਗਰਸ ਵਲੋਂ ਜਾਰੀ ਚੋਣ ਮੈਨੀਫੈਸਟੋ ਵਿਚ ਪੰਜਾਬ ਦੇ ਕਿਸਾਨਾਂ ਦੇ 90 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵਿਧਾਨਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕਿਸਾਨ ਭਰਾਵਾਂ ਨੂੰ 90 ਹਜ਼ਾਰ ਕਰੋੜ ਰੁਪਏ ਦੇ ਚੈੱਕ ਵੰਡਣ ਨੂੰ ਲੈ ਕੇ ਮਤਾ ਪਾਸ ਕਰੇ ਅਤੇ 20 ਨਵੰਬਰ ਤਕ ਵੰਡ ਯਕੀਨੀ ਬਣਾਵੇ।
ਉਨ੍ਹਾਂ ਲਿਖਿਆ ਕਿ ਤੁਸੀਂ 2 ਨਵੰਬਰ, 2017 ਨੂੰ ਕਿਸਾਨਾਂ ਲਈ ਪ੍ਰਤੀ ਏਕੜ ਮੁਆਵਜ਼ੇ ਦਾ ਐਲਾਨ ਕੀਤਾ ਸੀ। ਵਿਸ਼ੇਸ਼ ਸੈਸ਼ਨ ਦੌਰਾਨ ਕਿਸਾਨਾਂ ਲਈ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਨੂੰ ਵੀ ਮੈਨੀਫੈਸਟੋ ਅਨੁਸਾਰ ਪੂਰਾ ਕਰੋ। ਕੇਂਦਰ ਸਰਕਾਰ ਨੇ ਫਸਲਾਂ ਦੀ ਐੱਮ.ਐੱਸ.ਪੀ. ਤੈਅ ਕੀਤੀ ਹੈ ਜਦੋਂ ਕਿ ਇਹ ਫਸਲਾਂ ਪੰਜਾਬ ਸਰਕਾਰ ਨੇ ਅਜੇ ਤਕ ਚੁੱਕੀਆਂ ਨਹੀਂ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਧਾਨਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਫਸਲਾਂ ਨੂੰ ਚੁੱਕਣ ਨੂੰ ਲੈ ਕੇ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਨੂੰ ਭੇਜੇ।