ਡੇਰਾ ਪ੍ਰੇਮੀ ਕਤਲਕਾਂਡ 'ਤੇ ਤਰੁਣ ਚੁੱਘ ਨੇ ਘੇਰੀ ਮਾਨ ਸਰਕਾਰ, ਕਿਹਾ- ਪੰਜਾਬ ਬਣਿਆ ਅਪਰਾਧ ਦੀ ਰਾਜਧਾਨੀ
Thursday, Nov 10, 2022 - 06:18 PM (IST)
ਚੰਡੀਗੜ੍ਹ : ਕੋਟਕਪੂਰਾ 'ਚ ਬੇਅਦਬੀ ਮਾਮਲੇ ਦੇ ਮੁਲਜ਼ਮ ਡੇਰਾ ਪ੍ਰੇਮੀ ਪਰਦੀਪ ਦਾ ਅਣਪਛਾਤੇ ਮੋਟਰਸਾਈਕਲ ਵਿਅਕਤੀਆਂ ਵੱਲੋਂ ਕਤਲ ਨੂੰ ਭਾਜਪਾ ਆਗੂ ਤਰੁਣ ਚੁੱਘ ਨੇ ਦੁਖਦਾਈ ਕਰਾਰ ਦਿੱਤਾ । ਉਨ੍ਹਾਂ ਕਿਹਾ ਕਿ ਕਿਸੇ ਨੂੰ ਕਾਨੂੰਨੀ ਨੂੰ ਹੱਥ 'ਚ ਲੈਣ ਦਾ ਅਧਿਕਾਰ ਨਹੀਂ ਹੈ ਅਤੇ ਬੇਅਦਬੀ ਮਾਮਲੇ 'ਚ ਸਜ਼ਾ ਦੇਣ ਦਾ ਅਧਿਕਾਰ ਸਿਰਫ਼ ਮਾਣਯੋਗ ਅਦਾਲਤ ਦਾ ਹੈ ਤੇ ਇਸ ਦੀ ਕਾਨੂੰਨੀ ਪ੍ਰਕਿਰਿਆ ਵੀ ਚੱਲ ਰਹੀ ਹੈ। ਜਿਸ ਤਰ੍ਹਾਂ ਦੇ ਹਾਲਾਤ ਪੰਜਾਬ ਅੰਦਰ ਬਣ ਗਏ ਹਨ, ਰੋਜ਼ ਲਗਾਤਾਰ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਜਿਨ੍ਹਾਂ ਲੋਕਾਂ ਕੋਲ ਸੁਰੱਖਿਆ ਹੈ, ਉਨ੍ਹਾਂ ਦਾ ਕਤਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਇਨਸਾਨ ਬਣਿਆ ਹੈਵਾਨ! ਪਟਿਆਲਾ 'ਚ ਰਾਹ ਜਾਂਦੀ ਬੇਸਹਾਰਾ ਗਾਂ ਨੂੰ ਵਿਅਕਤੀ ਨੇ ਮਾਰੀ ਗੋਲ਼ੀ
ਅਜਿਹੇ ਹਾਲਾਤ ਤੋਂ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਹਰਿਆ-ਭਰਿਆ ਪੰਜਾਬ ਹੁਣ ਅੱਜ ਅਪਰਾਧ ਦੀ ਰਾਜਧਾਨੀ ਬਣ ਗਿਆ ਹੈ। ਚੁੱਘ ਨੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨਿਕਮੀ ਹੈ ਅਤੇ ਭ੍ਰਿਸ਼ਟਾਚਾਰ, ਅੱਤਵਾਦ, ਮਾਫ਼ੀਆਬਾਦ , ਅੱਤਿਆਚਾਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਸਰਕਾਰ ਨੇ ਸੂਬੇ ਨੂੰ ਅਪਰਾਧ ਦੀ ਰਾਜਧਾਨੀ ਬਣਾ ਦਿੱਤਾ ਹੈ, ਜੋ ਕਿ ਬਹੁਤ ਦੁਖਦਾਈ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਜ਼ਿਕਰਯੋਗ ਹੈ ਕਿ ਅੱਜ ਸਵੇਰੇ ਕੋਟਕਪੂਰਾ ਵਿਖੇ ਬਰਗਾੜੀ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਪਰਦੀਪ ਦਾ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਪਰਦੀਪ ਬਰਗਾੜੀ ਬੇਅਦਬੀ ਮਾਮਲੇ 'ਚ ਐੱਫ. ਆਈ. ਆਰ. ਨੰਬਰ 63 'ਚ ਨਾਮਜ਼ਦ ਸੀ। ਇਸ ਘਟਨਾ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਸਖ਼ਤੀ ਦਿਖਾਈ ਜਾ ਰਹੀ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।