ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ ਨੇ ਮਗਨਰੇਗਾ ਮਜ਼ਦੂਰਾਂ ਲਈ ਕੀਤੀ ਵਿਸ਼ਾਲ ਰੈਲੀ

Wednesday, Dec 31, 2025 - 06:03 PM (IST)

ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ ਨੇ ਮਗਨਰੇਗਾ ਮਜ਼ਦੂਰਾਂ ਲਈ ਕੀਤੀ ਵਿਸ਼ਾਲ ਰੈਲੀ

ਖੰਨਾ (ਵਿਪਨ): ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦਾ ਨਾਂ ਅਤੇ ਨਿਯਮ ਬਦਲਣ ਨੂੰ ਲੈ ਕੇ ਦੇਸ਼ ਭਰ ਵਿਚ ਸਿਆਸੀ ਮਾਹੌਲ ਕਾਫ਼ੀ ਭਖਿਆ ਹੋਇਆ ਹੈ। ਇਸ ਮੁੱਦੇ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਵਿਚ ਵੀ ਇਸ ਮਸਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

ਪੰਜਾਬ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਆਪਣੇ ਹਲਕਾ ਖੰਨਾ ਵਿਚ ਮਗਨਰੇਗਾ ਮਜ਼ਦੂਰਾਂ ਨੂੰ ਜਾਗਰੂਕ ਕਰਨ ਲਈ ਇਕ ਭਰਵੀਂ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿਚ ਖੰਨਾ ਹਲਕੇ ਦੇ 67 ਪਿੰਡਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਮਗਨਰੇਗਾ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਰੈਲੀ ਦੀ ਖ਼ਾਸ ਗੱਲ ਇਹ ਰਹੀ ਕਿ ਇਸ ਵਿਚ ਵੱਡੀ ਗਿਣਤੀ ਵਿਚ ਔਰਤਾਂ ਨੇ ਭਾਗ ਲਿਆ ਅਤੇ ਕੇਂਦਰ ਸਰਕਾਰ ਦੀ ਨੀਤੀ ਦੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।

ਰੈਲੀ ਨੂੰ ਸੰਬੋਧਨ ਕਰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਭਰ ਵਿਚ ਕਰੋੜਾਂ ਗਰੀਬ ਅਤੇ ਮਜ਼ਦੂਰ ਪਰਿਵਾਰਾਂ ਦੇ ਚੁੱਲ੍ਹੇ ਬੁਝਾਉਣ ਲਈ ਮਗਨਰੇਗਾ ਵਰਗੀ ਲੋਕ-ਹਿਤੈਸ਼ੀ ਸਕੀਮ ਨੂੰ ਬੰਦ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 28 ਰਾਜਾਂ ਵਿਚੋਂ ਇਕੱਲਾ ਪੰਜਾਬ ਹੀ ਹੈ ਜੋ ਮਗਨਰੇਗਾ ਨੂੰ ਬਚਾਉਣ ਲਈ ਮੋਹਰੀ ਬਣ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਖੜ੍ਹਾ ਹੈ।

ਦੂਜੇ ਪਾਸੇ, ਰੈਲੀ ਵਿਚ ਸ਼ਾਮਲ ਮਗਨਰੇਗਾ ਮਜ਼ਦੂਰਾਂ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ ਇਹ ਸਕੀਮ ਹੀ ਉਨ੍ਹਾਂ ਦੇ ਰੁਜ਼ਗਾਰ ਦਾ ਮੁੱਖ ਸਾਧਨ ਹੈ। ਇਸ ਨਾਲ ਹੀ ਉਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰ ਰਹੇ ਹਨ। ਮਜ਼ਦੂਰਾਂ ਨੇ ਮੰਗ ਕੀਤੀ ਕਿ ਮਗਨਰੇਗਾ ਸਕੀਮ ਕਿਸੇ ਵੀ ਹਾਲਤ ਵਿਚ ਬੰਦ ਨਾ ਕੀਤੀ ਜਾਵੇ ਅਤੇ ਇਸਨੂੰ ਹੋਰ ਮਜ਼ਬੂਤ ਕੀਤਾ ਜਾਵੇ।


author

Anmol Tagra

Content Editor

Related News