ਟੈਕਸੇਸ਼ਨ ਕਮਿਸ਼ਨਰ ਨੇ ਸੂਬੇ ਦੇ GST ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

Friday, Apr 29, 2022 - 11:34 PM (IST)

ਟੈਕਸੇਸ਼ਨ ਕਮਿਸ਼ਨਰ ਨੇ ਸੂਬੇ ਦੇ GST ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਚੰਡੀਗੜ੍ਹ/ਜਲੰਧਰ/ਲੁਧਿਆਣਾ (ਬਿਊਰੋ) : ਪੰਜਾਬ ਦੇ ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਨੇ ਅੱਜ ਟੈਕਸ (ਕਰ) ਅਧਿਕਾਰੀਆਂ ਨੂੰ ਵੈਟ ਅਤੇ ਜੀ. ਐੱਸ. ਟੀ. ਦੇ ਬਕਾਇਆ ਪਏ ਸਾਰੇ ਕੇਸਾਂ ਨੂੰ ਜੂਨ ਦੇ ਅੰਤ ਤੱਕ ਨਿਪਟਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਜੀ. ਐੱਸ. ਟੀ. ਭਵਨ ਵਿਖੇ ਕਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਰ ਕਮਿਸ਼ਨਰ ਨੇ ਕਿਹਾ ਕਿ ਸੂਬੇ ਭਰ ਦੇ ਵਪਾਰੀਆਂ ਨੂੰ ਲੋੜੀਂਦੀ ਰਾਹਤ ਦੇਣਾ ਸਮੇਂ ਦੀ ਮੁੱਖ ਲੋੜ ਹੈ। ਯਾਦਵ ਨੇ ਕਿਹਾ ਕਿ ਅਧਿਕਾਰੀ ਵੈਟ ਅਤੇ ਜੀ. ਐੱਸ. ਟੀ. ਦੇ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ, ਉਹ ਹਰ ਹਫਤੇ ਨਿੱਜੀ ਤੌਰ ’ਤੇ ਇਸ ਕੰਮ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਰ ਕਮਿਸ਼ਨਰ ਨੇ ਅੱਗੇ ਐਲਾਨ ਕੀਤਾ ਕਿ ਵਿਭਾਗ ਜਲਦ ਹੀ ਸੂਬੇ ਵਿੱਚ ਜਾਅਲੀ ਫਰਮਾਂ ਨੂੰ ਨੱਥ ਪਾਉਣ ਲਈ ਇਕ ਵੱਡੀ ਮੁਹਿੰਮ ਸ਼ੁਰੂ ਕਰੇਗਾ। ਅਜਿਹੀ ਕੋਈ ਵੀ ਜਾਅਲੀ ਫਰਮ ਜੋ ਗੈਰ-ਕਾਨੂੰਨੀ ਤਰੀਕਿਆਂ ਨਾਲ ਟੈਕਸ ਚੋਰੀ ਕਰਨ ਦੀ ਕੋਸ਼ਿਸ਼ ਕਰਦੀ ਹੈ, ਉਸ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਜਾਅਲੀ ਫਰਮ ਦੇ ਸੰਚਾਲਨ ਲਈ ਜਵਾਬਦੇਹ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਵਿੱਤ ਮੰਤਰੀ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੇ ਪੈਨਸ਼ਨਰਾਂ ਨੂੰ 62.68 ਕਰੋੜ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ

ਇਕ ਹੋਰ ਮੁੱਦੇ 'ਤੇ ਚਰਚਾ ਕਰਦਿਆਂ ਕਰ ਕਮਿਸ਼ਨਰ ਨੇ ਕਿਹਾ ਕਿ ਹਰੇਕ ਅਧਿਕਾਰੀ ਇਹ ਯਕੀਨੀ ਬਣਾਏਗਾ ਕਿ ਅਸੈਸਮੈਂਟ ਕੇਸ ਸਤੰਬਰ ਦੇ ਅੰਤ ਤੱਕ ਮੁਕੰਮਲ ਹੋ ਜਾਣ। ਉਨ੍ਹਾਂ ਕਿਹਾ ਕਿ ਅਧਿਕਾਰੀ ਵਿੱਤੀ ਸਾਲ ਦੇ ਅੰਤ ਤੱਕ ਇੰਤਜ਼ਾਰ ਨਾ ਕਰਨ, ਸਗੋਂ ਬਾਰੀਕੀ ਨਾਲ ਅਧਿਐਨ ਕਰਕੇ ਸਤੰਬਰ ਦੇ ਅੰਤ ਤੱਕ ਇਸ ਕਾਰਜ ਨੂੰ ਨੇਪਰੇ ਚਾੜ੍ਹਨ। ਵਿਭਾਗ ਵੱਲੋਂ ਜਲਦ ਹੀ ਹਰੇਕ ਅਧਿਕਾਰੀ ਦੁਆਰਾ ਆਪਣੀਆਂ ਅਸੈਸਮੈਂਟਸ ਪੂਰੀਆਂ ਕਰਨ ਲਈ ਮਹੀਨਾਵਾਰ ਟੀਚਾ ਮਿੱਥਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਖੇਤਰ ਦੇ ਦੌਰੇ ਵਧਾਉਣ ਦੇ ਨਿਰਦੇਸ਼ ਦਿੱਤੇ ਤੇ ਕਿਹਾ ਕਿ ਇਹ ਇਕ ਪਾਸੇ ਵਿਭਾਗ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣ ਅਤੇ ਦੂਜੇ ਪਾਸੇ ਟੈਕਸਾਂ ਨਾਲ ਸਬੰਧਿਤ ਮਾਮਲਿਆਂ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰੇਗਾ। ਯਾਦਵ ਨੇ ਕਿਹਾ ਕਿ ਜਾਂਚ ਕਰਨਾ ਹਰੇਕ ਅਧਿਕਾਰੀ ਲਈ ਜ਼ਰੂਰੀ ਹੈ ਅਤੇ ਇਸ ਸਬੰਧੀ ਵਿਭਾਗ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ।

ਇਹ ਵੀ ਪੜ੍ਹੋ : CM ਮਾਨ ਨੇ ਨਵੇਂ ਸਥਾਪਤ ਕੀਤੇ ਫਾਇਰ ਸਟੇਸ਼ਨਾਂ ਲਈ 20 ਨਵੀਆਂ ਅੱਗ ਬੁਝਾਊ ਗੱਡੀਆਂ ਨੂੰ ਦਿਖਾਈ ਹਰੀ ਝੰਡੀ

ਟੈਕਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਡੀਮਡ ਅਪਰੂਵਲ ਆਰ. ਸੀਜ਼ ਲਈ ਵੀ ਨਿਰੀਖਣ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੀ ਲੋੜ ਹੈ। ਵਿਭਾਗ ਵੱਲੋਂ ਫੀਲਡ ਨਿਰੀਖਣ ਕਰਨ ਵਿੱਚ ਅਧਿਕਾਰੀਆਂ ਦੀ ਕੁਤਾਹੀ ਦਾ ਸਖਤ ਨੋਟਿਸ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗਲਤੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਨ ਦੱਸੋ ਨੋਟਿਸ ਜਾਰੀ ਕਰਨ ਸਮੇਤ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕਿਹਾ ਕਿ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟੈਕਸ ਚੋਰੀ ਕਰਨ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੁੰਦਾ ਹੈ ਜੋ ਕਿ ਕਿਸੇ ਵੀ ਤਰ੍ਹਾਂ ਬਰਦਾਸ਼ਤਯੋਗ ਨਹੀਂ ਹੈ ਅਤੇ ਵਿਭਾਗ ਵੱਲੋਂ ਹੁਣ ਸਾਰੇ ਟੈਕਸ ਚੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਿਆ ਜਾਵੇਗਾ। ਯਾਦਵ ਨੇ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੋਈ ਵੀ ਟੈਕਸ ਚੋਰੀ ਕਰਨ ਵਾਲਾ ਸਰਕਾਰ ਦੇ ਸ਼ਿਕੰਜੇ ਤੋਂ ਬਚ ਕੇ ਨਾ ਨਿਕਲੇ। ਕਰ ਕਮਿਸ਼ਨਰ ਨੇ ਟੈਕਸਾਂ ਦੇ ਖੜ੍ਹੇ ਬਕਾਏ ਦੀ ਜਲਦੀ ਵਸੂਲੀ ਲਈ ਵੀ ਜ਼ੋਰ ਪਾਇਆ। ਉਨ੍ਹਾਂ ਕਿਹਾ ਕਿ ਅਧਿਕਾਰੀ ਡਿਫਾਲਟਰਾਂ ਤੋਂ ਬਕਾਏ ਦੀ ਵਸੂਲੀ ਲਈ ਵੱਡੇ ਪੱਧਰ 'ਤੇ ਰਿਕਵਰੀ ਮੁਹਿੰਮ ਸ਼ੁਰੂ ਕਰਨ। ਸੂਬੇ ਵਿੱਚ ਕਰ ਉਗਰਾਹੀ ਨੂੰ ਵਧਾਉਣ ਲਈ ਇਹ ਸਮੇਂ ਦੀ ਲੋੜ ਹੈ।

ਇਹ ਵੀ ਪੜ੍ਹੋ : ਬਿਜਲੀ ਸੰਕਟ : ਪੰਜਾਬ 'ਚ ਸ਼ਨੀਵਾਰ ਨੂੰ ਬੰਦ ਰਹਿਣਗੇ ਇਹ ਉਦਯੋਗ

ਅਧਿਕਾਰੀਆਂ ਵੱਲੋਂ ਟੈਕਸ ਸੁਧਾਰਾਂ ਲਈ ਦਿੱਤੇ ਗਏ ਨਵੇਂ ਵਿਚਾਰਾਂ/ਸੁਝਾਵਾਂ ਦਾ ਸਵਾਗਤ ਕਰਦਿਆਂ ਕਰ ਕਮਿਸ਼ਨਰ ਨੇ ਕਿਹਾ ਕਿ ਟੈਕਸ ਸੁਧਾਰਾਂ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਸੂਬਾ ਪੱਧਰ 'ਤੇ ਵੀ ਅਧਿਕਾਰੀਆਂ ਵੱਲੋਂ ਪੇਸ਼ ਕੀਤੇ ਗਏ ਨਵੇਂ ਵਿਚਾਰਾਂ ਨੂੰ ਅਪਣਾਏਗਾ। ਵਿਭਾਗ ਸੂਬੇ ਵਿੱਚ ਟੈਕਸ ਵਸੂਲੀ ਨੂੰ ਹੋਰ ਬਿਹਤਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ। ਭ੍ਰਿਸ਼ਟਾਚਾਰ ਬਿਲਕੁਲ ਸਹਿਣ ਨਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਰ ਕਮਿਸ਼ਨਰ ਨੇ ਕਿਹਾ ਕਿ ਇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਵਿਭਾਗ ਟੈਕਸ ਵਸੂਲੀ ਅਤੇ ਸੇਵਾਵਾਂ ਦੇਣ ਵਿੱਚ ਇਕ ਨਵਾਂ ਮਾਪਦੰਡ ਸਥਾਪਤ ਕਰੇਗਾ।

ਇਹ ਵੀ ਪੜ੍ਹੋ : ਬਿਜਲੀ ਮੰਤਰੀ ਹਰਭਜਨ ਸਿੰਘ ਨੇ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦੇ ਚਾਰੋਂ ਯੂਨਿਟ ਚਲਾਉਣ ਦੇ ਦਿੱਤੇ ਆਦੇਸ਼

ਉਨ੍ਹਾਂ ਸਮੂਹ ਵਪਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਬਕਾਇਆ ਟੈਕਸ ਸਰਕਾਰ ਨੂੰ ਜਮ੍ਹਾ ਕਰਵਾਉਣ। ਇਸ ਟੈਕਸ ਦੀ ਵਰਤੋਂ ਢੁੱਕਵੇਂ ਢੰਗ ਨਾਲ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਂਦੀ ਹੈ, ਜਿਸ ਕਾਰਨ ਟੈਕਸ ਅਦਾ ਕਰਨ ਵਾਲੇ ਇਸ ਵਿਕਾਸ ਦਾ ਹਿੱਸਾ ਬਣਦੇ ਹਨ। ਯਾਦਵ ਨੇ ਇਹ ਵੀ ਕਿਹਾ ਕਿ ਕਰਦਾਤਾਵਾਂ ਦੇ ਸਹਿਯੋਗ ਤੋਂ ਬਿਨਾਂ ਰਾਜ ਦੇ ਵਿਕਾਸ ਦਾ ਟੀਚਾ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਵਧੀਕ ਕਮਿਸ਼ਨਰ ਸ਼੍ਰੀਮਤੀ ਬ੍ਰਹਮਨੀਤ ਕੌਰ ਅਤੇ ਰਵਨੀਤ ਸਿੰਘ ਖੁਰਾਣਾ, ਡਿਪਟੀ ਆਬਕਾਰੀ ਤੇ ਕਰ ਕਮਿਸ਼ਨਰ ਪਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ।


author

Mukesh

Content Editor

Related News