ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਫਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ

Monday, Apr 14, 2025 - 05:39 PM (IST)

ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਫਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 429.24 ਕਰੋੜ ਰੁਪਏ ਦੇ ਫੰਡ ਵੰਡਣ ਦੀ ਸ਼ਲਾਘਾ ਕੀਤੀ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਕੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੁਫਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਆਪਣੇ ਵਿਚਾਰ ਸਾਂਝੇ ਕਰਦਿਆਂ ਮਾਲੇਰਕੋਟਲਾ ਤੋਂ ਪ੍ਰਭਜੀਤ ਕੌਰ ਨੇ ਕਿਹਾ ਕਿ ਉਹ ਬੀ. ਸੀ. ਏ. ਆਨਰ ਦੀ ਵਿਦਿਆਰਥਣ ਸੀ ਅਤੇ ਉਸ ਦੇ ਪਿਤਾ ਦਿਹਾੜੀਦਾਰ ਹਨ ਅਤੇ ਉਸ ਦੇ ਪਿਤਾ ਲਈ ਪੰਜ ਭੈਣ-ਭਰਾਵਾਂ ਦੀ ਪੜ੍ਹਾਈ ਦਾ ਖਰਚਾ ਚੁੱਕਣਾ ਮੁਸ਼ਕਲ ਸੀ। ਉਸ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਉਹ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਯੋਗ ਹੋਈ ਹੈ। ਉਸ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੇ ਉਸ ਦੀ ਕਿਸਮਤ ਬਦਲ ਦਿੱਤੀ ਹੈ, ਜਿਸ ਲਈ ਉਹ ਬਾਬਾ ਸਾਹਿਬ ਅੰਬੇਡਕਰ ਅਤੇ ਸੂਬਾ ਸਰਕਾਰ ਦੀ ਧੰਨਵਾਦੀ ਹੈ।

ਬੀ.ਸੀ.ਏ. ਆਨਰ ਦੀ ਇੱਕ ਹੋਰ ਵਿਦਿਆਰਥਣ ਮੁਸਕਾਨ ਦੇਵੀ ਨੇ ਵੀ ਕਿਹਾ ਕਿ ਉਹ ਖ਼ੁਸ਼ਕਿਸਮਤ ਹੈ ਕਿ ਸੂਬਾ ਸਰਕਾਰ ਬਾਬਾ ਸਾਹਿਬ ਡਾ. ਬੀ.ਆਰ ਅੰਬੇਡਕਰ ਦੀ ਵਿਰਾਸਤ ਨੂੰ ਅੱਗੇ ਵਧਾ ਰਹੀ ਹੈ ਤਾਂ ਜੋ ਖਾਸ ਕਰ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਨੌਜਵਾਨਾਂ ਨੂੰ ਸਮਰੱਥ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਉਨ੍ਹਾਂ ਦੇ ਸੁਪਨਿਆਂ ਨੂੰ ਖੰਭ ਦਿੱਤੇ ਹਨ, ਜਿਸ ਨਾਲ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਇੱਕ ਸਰਗਰਮ ਭਾਈਵਾਲ ਬਣੇ ਹਨ। ਬੀ-ਟੈਕ ਮਕੈਨੀਕਲ ਇੰਜੀਨੀਅਰਿੰਗ ਦੀ ਗੁਰਲੀਨ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੇ ਹਰੇਕ ਵਿਦਿਆਰਥੀ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿਚ ਬਹੁਤ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਬਾਬਾ ਸਾਹਿਬ ਅਤੇ ਸੂਬਾ ਸਰਕਾਰ ਦੀ ਰਿਣੀ ਹੈ ਕਿ ਉਨ੍ਹਾਂ ਨੇ ਸਿੱਖਿਆ ਰਾਹੀਂ ਉਨ੍ਹਾਂ ਨੂੰ ਸਮਰੱਥ ਬਣਾਇਆ।

ਫਿਜ਼ੀਓਥੈਰੇਪੀ ਵਿਭਾਗ ਤੋਂ ਪ੍ਰੋਫੈਸਰ ਰਵਿੰਦਰ ਕੌਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਮੇਂ ਸਿਰ ਸਕਾਲਰਸ਼ਿਪ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਇਕ ਹੋਰ ਅਧਿਆਪਕਾ ਡਾ. ਜਗਪ੍ਰੀਤ ਕੌਰ ਨੇ ਕਿਹਾ ਕਿ ਉਹ ਇਸ ਗੱਲ ਦੀ ਗਵਾਹ ਹੈ ਕਿ ਇਸ ਸਕੀਮ ਦਾ ਲਾਭ ਕਈ ਵਿਦਿਆਰਥੀਆਂ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕਾਲਰਸ਼ਿਪ ਸਕੀਮ ਕਾਰਨ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਕਈ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੇਸ਼ੇਵਰ ਕੋਰਸਾਂ ਦੀ ਫੀਸ ਨਿਯਮਤ ਕੋਰਸਾਂ ਨਾਲੋਂ ਵੱਧ ਹੈ, ਜਿਸ ਕਾਰਨ ਪੋਸਟ ਮੈਟ੍ਰਿਕ ਸਕੀਮ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ।


author

Gurminder Singh

Content Editor

Related News