ਅਧਿਆਪਕ ਜਗਦੀਪ ਸਿੰਘ ਕਤਲ ਕਾਂਡ 'ਚ ਜਥੇਦਾਰ ਗੜਗੱਜ ਦਾ ਵੱਡਾ ਬਿਆਨ

Tuesday, Jun 02, 2026 - 06:30 PM (IST)

ਅਧਿਆਪਕ ਜਗਦੀਪ ਸਿੰਘ ਕਤਲ ਕਾਂਡ 'ਚ ਜਥੇਦਾਰ ਗੜਗੱਜ ਦਾ ਵੱਡਾ ਬਿਆਨ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿਚ ਤਲਵੰਡੀ ਮਾਣਕ ਪਿੰਡ ਦੇ ਵਾਸੀ ਅਧਿਆਪਕ ਜਗਦੀਪ ਸਿੰਘ ਦੇ ਦਿਨ ਦਿਹਾੜੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਜਗਦੀਪ ਸਿੰਘ ਇਕ ਹੋਣਹਾਰ ਗੁਰਸਿੱਖ ਸੀ ਜੋ ਸਰਕਾਰੀ ਸਕੂਲ ਵਿਚ ਅਧਿਆਪਕ ਦੀਆਂ ਸੇਵਾਵਾਂ ਨਿਭਾਅ ਰਿਹਾ ਸੀ। ਉਨ੍ਹਾਂ ਕਿਹਾ ਕਿ ਜਗਦੀਪ ਸਿੰਘ ਸਕੂਲ ਵਿਚ ਉਨ੍ਹਾਂ ਦੇ ਨਾਲ ਪੜ੍ਹਦਾ ਰਿਹਾ ਹੈ ਅਤੇ ਉਹ ਬਹੁਤ ਹੀ ਲਿਆਕਤ ਵਾਲੀ ਸਖ਼ਸ਼ੀਅਤ ਸੀ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨਾਂ ਦਾ ਇਸ ਤਰ੍ਹਾਂ ਜਾਣਾ ਪੰਜਾਬ ਅਤੇ ਪੰਥ ਲਈ ਵੱਡਾ ਘਾਟਾ ਹੈ।

ਇਹ ਵੀ ਪੜ੍ਹੋ : 30 ਸਾਲਾਂ ਤੋਂ ਲਟਕਿਆ ਮਾਮਲਾ ਸੁਲਝਿਆ, 1100 ਤੋਂ ਵੱਧ ਤਰੱਕੀਆਂ ਦਾ ਰਾਹ ਸਾਫ਼

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਇਸ ਤਰ੍ਹਾਂ ਪੰਜਾਬ ਦੇ ਹੋਣਹਾਰ ਨੌਜਵਾਨ ਸੂਬੇ ਅੰਦਰ ਅਪਰਾਧ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਬਿਨਾਂ ਦੇਰੀ ਜਗਦੀਪ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਪੀੜਤ ਪਰਿਵਾਰ ਨਾਲ ਇਨਸਾਫ਼ ਕਰੇ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਮਿਲ ਰਹੀ ਹੈ ਕਿ ਪੁਲਸ ਵੱਲੋਂ ਜਗਦੀਪ ਸਿੰਘ ਦੇ ਮਾਮਲੇ ਵਿਚ ਜਾਂਚ ਵਿਚ ਬਹੁਤ ਢਿੱਲਾਪਣ ਵਰਤਿਆ ਜਾ ਰਿਹਾ ਹੈ, ਜਿਸ ਕਰਕੇ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਪੁਲਸ ਤੁਰੰਤ ਪ੍ਰਭਾਵ ਨਾਲ ਇਲਾਕੇ ਵਿਚ ਵਿਚਰ ਰਹੇ ਅਪਰਾਧਿਕ ਅਨਸਰਾਂ ਨੂੰ ਨੱਥ ਪਾਵੇ ਅਤੇ ਆਮ ਲੋਕਾਂ ਦੀ ਜਾਨ ਮਾਲ ਨੂੰ ਯਕੀਨੀ ਬਣਾਵੇ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

 


author

Gurminder Singh

Content Editor

Related News