ਸਾਲ-2025 ਅਧਿਆਪਕਾਂ ਦਾ ਗੈਰ-ਵਿੱਦਿਅਕ ਡਿਊਟੀਆਂ ਕਰਦਿਆਂ ਬੀਤਿਆ

Friday, Jan 02, 2026 - 04:37 PM (IST)

ਸਾਲ-2025 ਅਧਿਆਪਕਾਂ ਦਾ ਗੈਰ-ਵਿੱਦਿਅਕ ਡਿਊਟੀਆਂ ਕਰਦਿਆਂ ਬੀਤਿਆ

ਚੰਡੀਗੜ੍ਹ : ਪੰਜਾਬ ਦੇ ਸਕੂਲਾਂ 'ਚ ਵਿਦਿਆਰਥੀਆਂ ਨੂੰ ਪੜ੍ਹਾਉਂਦੇ ਅਧਿਆਪਕਾਂ ਨੂੰ ਗੈਰ-ਵਿੱਦਿਅਕ ਕੰਮ ਵੀ ਕਰਨਾ ਪੈ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਵਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੂਰਾ ਸਾਲ ਵਿਦਿਆਰਥੀਆਂ ਨੂੰ ਪੜ੍ਹਾਉਣ ਦੀ ਥਾਂ ਅਧਿਆਪਕਾਂ ਨੂੰ ਗੈਰ-ਵਿੱਦਿਅਕ ਕੰਮ ਕਰਨਾ ਪਿਆ। ਇਸ ਨੇ ਬੱਚਿਆਂ ਨੂੰ ਵਿਗਿਆਨਕ ਅਤੇ ਮਨੋਵਿਗਿਆਨਕ ਤਰੀਕੇ ਨਾਲ ਦਿੱਤੀ ਜਾਣ ਵਾਲੀ ਵਿੱਦਿਅਕ ਪ੍ਰਣਾਲੀ ਤੋਂ ਦੂਰ ਧੱਕ ਦਿੱਤਾ।

ਇਸ ਤੋਂ ਇਲਾਵਾ 20 ਹਜ਼ਾਰ ਦੇ ਕਰੀਬ ਅਧਿਆਪਕਾਂ ਦੀ ਬੀ. ਐੱਲ. ਓ. ਦੀ ਪੱਕੀ ਡਿਊਟੀ ਲਾਈ ਗਈ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਰਾਲੀ ਸਾੜਨ ਤੋਂ ਰੋਕਣ 'ਚ ਵੀ ਅਧਿਆਪਕਾਂ ਦੀ ਡਿਊਟੀ ਦੇ ਹੁਕਮ ਦਿੱਤੇ ਗਏ ਅਤੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਅਧਿਆਪਕਾਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ। ਇਸ ਤਰ੍ਹਾਂ ਪੂਰਾ ਸਾਲ ਅਧਿਆਪਕਾਂ ਦੀਆਂ ਗੈਰ-ਵਿੱਦਿਅਕ ਕੰਮਾਂ 'ਚ ਡਿਊਟੀਆਂ ਲੱਗਦੀਆਂ ਰਹੀਆਂ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਹੈ।

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਵਲੋਂ ਸਿਹਤ ਅਤੇ ਸਿੱਖਿਆ ਦੇ ਮੁੱਦੇ ਨੂੰ ਲੈ ਕੇ ਚੋਣਾਂ ਲੜੀਆਂ ਗਈਆਂ ਅਤੇ ਪਾਰਟੀ ਫਿਰ ਜਿੱਤ ਕੇ ਸੱਤਾ 'ਚ ਆਈ ਪਰ ਅਧਿਆਪਕਾਂ ਨੂੰ ਕਿਸੇ ਤਰ੍ਹਾਂ ਦੀ ਛੋਟ ਨਹੀਂ ਦਿੱਤੀ ਹੈ। ਅਧਿਆਪਕਾਂ ਨੂੰ ਪੜ੍ਹਾਉਣ ਦੇ ਕੰਮ ਤੋਂ ਦੂਰ ਰੱਖਿਆ ਗਿਆ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ 'ਤੇ ਮਾੜਾ ਅਸਰ ਪਿਆ ਹੈ।


author

Babita

Content Editor

Related News