ਸਿੱਖਿਆ ਸੁਧਾਰਾਂ ਲਈ ਅਧਿਆਪਕ ਹੀ ਮੁੱਖ ਜ਼ਰੀਆ : ਮੀਤ ਹੇਅਰ

Wednesday, Apr 20, 2022 - 10:07 PM (IST)

ਸਿੱਖਿਆ ਸੁਧਾਰਾਂ ਲਈ ਅਧਿਆਪਕ ਹੀ ਮੁੱਖ ਜ਼ਰੀਆ : ਮੀਤ ਹੇਅਰ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਸੂਬੇ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ 'ਆਪ' ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਸੂਬੇ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਉਸਾਰੂ ਤੇ ਸਿਹਤਮੰਦ ਮਾਹੌਲ ਸਿਰਜਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਵੱਖ-ਵੱਖ ਯੂਨੀਅਨਾਂ ਵੱਲੋਂ ਉਠਾਏ ਗਏ ਮਾਮਲਿਆਂ 'ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਬਹੁਤੀਆਂ ਮੰਗਾਂ ਨੂੰ ਮੌਕੇ 'ਤੇ ਹੀ ਸਹੀ ਠਹਿਰਾਇਆ ਅਤੇ ਇਸ ਤੋਂ ਇਲਾਵਾ ਹੋਰ ਵੀ ਜਾਇਜ਼ ਤੇ ਸੰਭਵ ਮੰਗਾਂ ਨੂੰ ਮੰਨਣ ਦਾ ਵਿਸ਼ਵਾਸ ਦਿਵਾਇਆ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਮੀਤ ਹੇਅਰ ਨੇ ਕਿਹਾ ਕਿ ਸਕੂਲ ਸਿੱਖਿਆ ਵਿੱਚ ਸੁਧਾਰ ਅਧਿਆਪਕਾਂ ਜ਼ਰੀਏ ਹੀ ਹੋ ਸਕਦਾ ਹੈ ਅਤੇ ਇਸ ਲਈ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਇਮਾਨਦਾਰੀ ਨਾਲ ਇਸ ਖੇਤਰ ਵਿੱਚ ਕੰਮ ਕਰੇਗੀ। ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਹੈ। ਸਿੱਖਿਆ ਖੇਤਰ ਵਿੱਚ ਕੰਮ ਕਰਨ ਲਈ ਉਹ ਜ਼ਮੀਨੀ ਪੱਧਰ 'ਤੇ ਫੀਡਬੈਕ ਲੈ ਕੇ ਕੰਮ ਕਰਨਗੇ। ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀ ਆਨਲਾਈਨ ਤਬਾਦਲਾ ਨੀਤੀ ਨੂੰ ਪੂਰਨ ਤੌਰ 'ਤੇ ਲਾਗੂ ਕਰਨ ਸਮੇਤ ਹੋਰ ਵੀ ਸੁਧਾਰਾਂ ਲਈ ਅਧਿਆਪਕ ਜਥੇਬੰਦੀਆਂ ਤੋਂ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਅਧਿਆਪਕ ਸੰਘਰਸ਼ ਦੌਰਾਨ ਵਿਤਕਰੇਬਾਜ਼ੀ ਦਾ ਸ਼ਿਕਾਰ ਹੋਏ ਅਧਿਆਪਕਾਂ ਦੇ ਕੇਸਾਂ ਨੂੰ ਰੀਵਿਊ ਕਰਕੇ ਇਨਸਾਫ਼ ਦਿਵਾਇਆ ਜਾਵੇਗਾ। ਵਿੱਤ ਵਿਭਾਗ ਬਾਰੇ ਮੰਗਾਂ ਨੂੰ ਸਬੰਧਿਤ ਵਿਭਾਗ ਨਾਲ ਵਿਚਾਰਿਆ ਜਾਵੇਗਾ।

ਇਹ ਵੀ ਪੜ੍ਹੋ : ਘਰ ਅੱਗੇ ਤੂੜੀ ਸੁੱਟਣ ਤੋਂ ਹੋਏ ਝਗੜੇ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ

ਮੀਟਿੰਗ ਦੌਰਾਨ ਅਧਿਆਪਕ ਜਥੇਬੰਦੀਆਂ ਵੱਲੋਂ ਉਠਾਏ ਗਏ ਮਾਮਲਿਆਂ ਵਿੱਚ ਕੌਮੀ ਸਿੱਖਿਆ ਨੀਤੀ-2020 ਨੂੰ ਲਾਗੂ ਕਰਨ 'ਤੇ ਰੋਕ ਲਗਾਉਣਾ, ਪਿਛਲੇ ਸਮੇਂ 'ਚ ਅਧਿਆਪਕਾਂ ਨਾਲ ਹੋਈਆਂ ਵਿਤਕਰੇਬਾਜ਼ੀਆਂ ਦੇ ਕੇਸਾਂ ਨੂੰ ਰੀਵਿਊ ਕਰਕੇ ਅਧਿਆਪਕਾਂ ਨੂੰ ਇਨਸਾਫ਼ ਦੇਣਾ, ਸਕੂਲਾਂ ਦੀਆਂ ਖਾਲੀ ਅਸਾਮੀਆਂ ਭਰਨੀਆਂ, ਚੱਲ ਰਹੀਆਂ ਨਵੀਆਂ ਭਰਤੀਆਂ ਨੂੰ ਮੁਕੰਮਲ ਕਰਨਾ, ਖਤਮ ਕੀਤੀਆਂ ਅਸਾਮੀਆਂ ਬਹਾਲ ਕਰਨਾ, ਵੱਖ-ਵੱਖ ਕਾਡਰ ਦੀਆਂ ਪਦਉੱਨਤੀਆਂ ਸਮਾਂਬੱਧ ਕੀਤੀਆਂ ਜਾਣ, ਪਦਉੱਨਤੀਆਂ ਲਈ ਕੋਟੇ ਦੀ ਫੀਸਦੀ ਦਰ ਪਹਿਲਾਂ ਵਾਂਗ ਕਰਨੀ, ਦਫ਼ਤਰਾਂ 'ਚ ਤਾਇਨਾਤ ਅਧਿਆਪਕਾਂ ਨੂੰ ਵਾਪਸ ਪਿੱਤਰੀ ਸਕੂਲਾਂ ਵਿੱਚ ਭੇਜਣਾ, ਅਧਿਆਪਕਾਂ ਤੋਂ ਗੈਰ-ਵਿੱਦਿਅਕ ਕੰਮ ਲੈਣੇ ਬੰਦ ਕਰਨੇ, ਬੀ. ਪੀ. ਈ. ਓਜ਼ ਦਫ਼ਤਰਾਂ ਵਿੱਚ ਸ਼ਿਫਟ ਕੀਤੇ ਪੀ. ਟੀ. ਆਈਜ਼ ਵਾਪਸ ਮਿਡਲ ਸਕੂਲਾਂ 'ਚ ਭੇਜੇ ਜਾਣ, ਆਦਰਸ਼ ਸਕੂਲਾਂ (ਪੀ.ਪੀ.ਪੀ. ਮੋਡ) ਦੇ ਪ੍ਰਬੰਧਾਂ ਨੂੰ ਸਹੀ ਲੀਹ 'ਤੇ ਲਿਆਂਦਾ ਜਾਵੇ, ਪਿਛਲੇ ਸਮੇਂ ਵਿੱਚ ਕੋਵਿਡ ਗ੍ਰਸਤ ਅਧਿਆਪਕਾਂ ਦੀ ਕੱਟੀ ਗਈ ਤਨਖਾਹ ਜਾਂ ਮੈਡੀਕਲ ਛੁੱਟੀ ਨੂੰ ਕੁਆਰੰਟਾਈਨ ਛੁੱਟੀ ਵਿੱਚ ਤਬਦੀਲ ਕੀਤਾ ਜਾਵੇ, ਵੱਖ-ਵੱਖ ਛੁੱਟੀਆਂ ਦੀ ਪ੍ਰਵਾਨਗੀ ਦੇਣ ਦੇ ਅਧਿਕਾਰਾਂ ਦਾ ਵਿਕੇਂਦਰੀਕਰਨ ਕੀਤਾ ਜਾਵੇ ਆਦਿ ਸ਼ਾਮਲ ਸਨ। ਇਸ ਤੋਂ ਇਲਾਵਾ ਵਿੱਤ ਤੇ ਪਰਸੋਨਲ ਵਿਭਾਗ ਨਾਲ ਸਬੰਧਿਤ ਮਾਮਲੇ ਅਤੇ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੇ ਮੁੱਦੇ ਉਠਾਏ ਗਏ।

ਇਹ ਵੀ ਪੜ੍ਹੋ : ਪੰਜਾਬ ਵੱਲੋਂ ਕਣਕ ਦੀ ਖਰੀਦ ਦੇ ਮਿੱਥੇ 130 ਲੱਖ ਮੀਟ੍ਰਿਕ ਟਨ ਦੇ ਟੀਚੇ 'ਚੋਂ 50 ਫ਼ੀਸਦੀ ਖਰੀਦ ਕਾਰਜ ਮੁਕੰਮਲ

ਮੀਟਿੰਗ 'ਚ 18 ਅਧਿਆਪਕ ਜਥੇਬੰਦੀਆਂ 'ਤੇ ਆਧਾਰਿਤ ਸਾਂਝਾ ਅਧਿਆਪਕ ਮੋਰਚਾ ਵੱਲੋਂ ਸੁਖਵਿੰਦਰ ਸਿੰਘ ਚਾਹਲ, ਵਿਕਰਮ ਦੇਵ ਸਿੰਘ, ਬਾਜ ਸਿੰਘ ਖਹਿਰਾ, ਹਰਜੀਤ ਸਿੰਘ ਬਸੋਤਾ, ਹਰਵਿੰਦਰ ਸਿੰਘ ਬਿਲਗਾ ਸ਼ਾਮਲ ਹੋਏ। ਸਿੱਖਿਆ ਮੰਤਰੀ ਨੇ ਇਸ ਤੋਂ ਇਲਾਵਾ ਵੱਖ-ਵੱਖ ਕਾਡਰਾਂ ਨਾਲ ਸਬੰਧਿਤ ਯੂਨੀਅਨਾਂ ਦੇ ਆਗੂਆਂ ਨਾਲ ਵੀ ਮੀਟਿੰਗਾਂ ਕੀਤੀਆਂ।


author

Gurminder Singh

Content Editor

Related News