ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟਾਇਆ

07/22/2017 12:34:49 PM

ਨਵਾਂਸ਼ਹਿਰ (ਮਨੋਰੰਜਨ)- ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰ ਰਹੀ 5178 ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਜ਼ਿਲਾ ਪ੍ਰਧਾਨ ਜਸਵਿੰਦਰ ਔਜਲਾ ਦੀ ਅਗਵਾਈ 'ਚ ਹੋਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਨੇ ਕਿਹਾ ਕਿ 5178 ਅਧਿਆਪਕ ਤਿੰਨ ਸਾਲਾਂ ਤੋਂ ਨਾਮਾਤਰ 6000 ਰੁਪਏ ਪ੍ਰਤੀ ਮਹੀਨਾ ਤਨਖਾਹ 'ਤੇ ਸੇਵਾਵਾਂ ਨਿਭਾਅ ਰਹੇ ਹਨ। ਇਨ੍ਹਾਂ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ ਨਵੰਬਰ 2014 'ਚ ਤਿੰਨ ਸਾਲ ਦੇ ਠੇਕੇ 'ਤੇ ਰੱਖਿਆ ਗਿਆ ਸੀ ਤੇ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਮੁਤਾਬਕ 3 ਸਾਲ ਪੂਰੇ ਹੋਣ 'ਤੇ ਰੈਗੂਲਰ ਕੀਤਾ ਜਾਣਾ ਹੈ। ਵਿਭਾਗ ਦਾ ਇਹ ਆਮ ਰਿਵਾਜ ਹੈ ਕਿ ਰੈਗੂਲਰ ਦੀ ਪ੍ਰਕਿਰਿਆ ਪੂਰੀ ਕਰਨ ਨੂੰ 6 ਮਹੀਨੇ ਲੱਗਦੇ ਹਨ, ਜਦੋਂਕਿ 5178 ਅਧਿਆਪਕਾਂ ਨੂੰ ਰੈਗੂਲਰ ਹੋਣ ਲਈ ਸਿਰਫ 3 ਮਹੀਨੇ ਬਾਕੀ ਹਨ ਪਰ ਹਾਲੇ ਤੱਕ ਸਰਕਾਰ ਵੱਲੋਂ ਇਸ ਸਬੰਧੀ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।
ਯੂਨੀਅਨ ਵੱਲੋਂ 27 ਜੂਨ 2017 ਨੂੰ ਪ੍ਰਿੰਸੀਪਲ ਸਕੱਤਰ/ਮੁੱਖ ਮੰਤਰੀ ਤੇਜਵੀਰ ਸਿੰਘ ਤੇ 5 ਜੁਲਾਈ 2017 ਨੂੰ ਸਿੱਖਿਆ ਮੰਤਰੀ ਅਰੁਣਾ ਚੌਧਰੀ ਨਾਲ ਪੈਨਲ ਮੀਟਿੰਗ ਕੀਤੀ ਗਈ ਸੀ, ਜਿਸ ਵਿਚ ਉਨ੍ਹਾਂ ਇਸ ਮੰਗ 'ਤੇ ਸਹਿਮਤੀ ਪ੍ਰਗਟਾਈ ਸੀ ਤੇ ਜਲਦ ਹੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਵਾਅਦਾ ਕੀਤਾ ਸੀ ਪਰ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਦੇ ਰੋਸ 'ਚ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।
ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਤੇਜ਼ ਕੀਤਾ ਜਾਵੇਗਾ।


Related News