ਦੀਵਾਲੀ ਦਾ ਤੋਹਫਾ ਦੇਣ 'ਤੇ ਅਧਿਆਪਕਾਂ ਦੇ ਵਫਦ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

10/07/2022 10:02:25 PM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ ਵੱਲੋਂ ਹਾਲ ਹੀ 'ਚ ਰੈਗੂਲਰ ਕੀਤੇ ਗਏ 8736 ਅਧਿਆਪਕਾਂ ਦੇ ਇਕ ਵਫਦ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ। 5 ਮੈਂਬਰੀ ਵਫਦ ਨੇ ਸੇਵਾਵਾਂ ਰੈਗੂਲਰ ਕਰਨ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਦਾ ਤਹਿ-ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ ’ਤੇ ਸਿਰਫ ਲਟਕਾਈ ਰੱਖਿਆ ਪਰ ਭਗਵੰਤ ਮਾਨ ਸਰਕਾਰ ਨੇ ਸਾਰੀਆਂ ਰੁਕਾਵਟਾਂ ਦੂਰ ਕਰਕੇ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕੀਤਾ। ਵਫਦ ਨੇ ਕਿਹਾ ਕਿ ਉਹ ਇਸ ਇਤਿਹਾਸਕ ਉਪਰਾਲੇ ਲਈ ਮੁੱਖ ਮੰਤਰੀ ਦੇ ਸਦਾ ਰਿਣੀ ਰਹਿਣਗੇ।

ਇਹ ਵੀ ਪੜ੍ਹੋ : ਟੁੱਟੀਆਂ ਸੜਕਾਂ ਦੀ ਰਿਪੇਅਰ ਨਾ ਹੋਣ 'ਤੇ MLA ਖਹਿਰਾ ਨੇ ਸਮਰਥਕਾਂ ਸਣੇ SDM ਦਫ਼ਤਰ ਮੂਹਰੇ ਲਾਇਆ ਧਰਨਾ

ਇਸ ਦੌਰਾਨ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਨੋਟੀਫਿਕੇਸ਼ਨ ਦੀ ਕਾਪੀ ਸੌਂਪਦਿਆਂ ਉਨ੍ਹਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਤੇ ਕਿਹਾ ਕਿ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਹੁਣ ਉਹ ਸੂਬਾ ਸਰਕਾਰ ਦਾ ਹਿੱਸਾ ਬਣ ਚੁੱਕੇ ਹਨ। ਭਗਵੰਤ ਮਾਨ ਨੇ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਠੇਕੇ ਦੇ ਆਧਾਰ ‘ਤੇ ਕੰਮ ਕਰ ਰਹੇ ਸਨ। ਇੱਥੋਂ ਤੱਕ ਕਿ ਇਨ੍ਹਾਂ 'ਚੋਂ ਕੁਝ ਅਧਿਆਪਕ ਪਿਛਲੇ 14 ਸਾਲਾਂ ਤੋਂ ਆਪਣੀ ਡਿਊਟੀ ਨਿਭਾਅ ਰਹੇ ਹਨ।

ਇਹ ਵੀ ਪੜ੍ਹੋ : CM ਮਾਨ ਨਾਲ ਕਿਸਾਨਾਂ ਦੀ ਹੋਈ ਮੀਟਿੰਗ, ਵੱਖ-ਵੱਖ ਮੁੱਦਿਆਂ ਦੇ ਹੱਲ ਲਈ ਦੁਹਰਾਈ ਵਚਨਬੱਧਤਾ

ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਅਧਿਆਪਕਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕੀਤਾ ਜਾਣਾ ਜ਼ਰੂਰੀ ਹੈ। ਇਸ ਤੱਥ ਨੂੰ ਮੁੱਖ ਰੱਖਦਿਆਂ ਹੀ ਉਨ੍ਹਾਂ ਨੇ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਫੈਸਲਾ ਲਿਆ ਹੈ। ਸੀ.ਐੱਮ. ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਕਾਨਵੈਂਟ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਕਾਬਲ ਬਣਾਉਣ ਲਈ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ। ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਰੇਕ ਖੇਤਰ ਵਿਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਸੂਬਾ ਸਰਕਾਰ ਨੇ ਅਧਿਆਪਕਾਂ ਦੀਆਂ ਸੇਵਾਵਾਂ ਸਿਰਫ ਅਧਿਆਪਨ ਕਾਰਜਾਂ ਲਈ ਹੀ ਲੈਣ ਦਾ ਫੈਸਲਾ ਕੀਤਾ ਹੈ। ਮਾਨ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News