ਤਕਨੀਕੀ ਸਿੱਖਿਆ ਵਿਭਾਗ ਨੇ ਉਦਯੋਗ ਜਗਤ ਦੀ ਪਹਿਲੀ ਅਕਾਦਮਿਕ ਇਕੱਤਰਤਾ ਕਰਵਾਈ

05/10/2022 4:26:45 PM

ਚੰਡੀਗੜ੍ਹ : ਉਦਯੋਗ ਅਤੇ ਅਕਾਦਮੀਆਂ ਦਰਮਿਆਨ ਤਾਲਮੇਲ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਉਦਯੋਗ ਜਗਤ ਦੀ ਪਹਿਲੀ ਅਕਾਦਮਿਕ ਇਕੱਤਰਤਾ-2022 ਕਰਵਾਈ ਗਈ। ਬੀਤੀ ਸ਼ਾਮ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਤਕਨੀਕੀ ਸਿੱਖਿਆ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਇਹ ਨਿਵੇਕਲੀ ਪਹਿਲ ਕਦਮੀ ਉਦਯੋਗਾਂ ਅਤੇ ਅਕਾਦਮੀਆਂ ਦਰਮਿਆਨ ਤਾਲਮੇਲ ਪੈਦਾ ਕਰਨ ਲਈ ਬਹੁਤ ਸਹਾਈ ਸਿੱਧ ਹੋਵੇਗੀ, ਜਿਸ ਨਾਲ ਸਾਡੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਤਕਨੀਕੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇਗੀ ਅਤੇ ਉਨ੍ਹਾਂ ਨੂੰ ਵਿਸ਼ਵ ਭਰ ਵਿੱਚ ਬਿਹਤਰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇਗਾ।

ਇਸ ਤੋਂ ਇਲਾਵਾ ਇਹ ਪਹਿਲ ਕਦਮੀ ਹੁਨਰ ਦੇ ਪਾੜੇ ਨੂੰ ਪੂਰਨ ਵਿੱਚ ਵੀ ਮਦਦ ਕਰੇਗੀ। ਇਸ ਪਹਿਲੀ ਮੀਟਿੰਗ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਡੀ. ਪੀ. ਐੱਸ. ਖਰਬੰਦਾ ਨੇ ਕਿਹਾ ਕਿ ਸੂਬੇ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਯੋਗ ਬਣਾਉਣ ਲਈ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਉਦਯੋਗਾਂ ਅਤੇ ਅਕਾਦਮੀਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ ਤਾਂ ਜੋ ਪੁਰਾਣੇ ਕੋਰਸਾਂ ਅਤੇ ਪਾਠਕ੍ਰਮਾਂ ਨੂੰ ਉਦਯੋਗਾਂ ਦੀਆਂ ਲੋੜਾਂ ਖ਼ਾਸ ਕਰਕੇ ਸਥਾਨਕ ਲੋੜਾਂ ਅਨੁਸਾਰ ਤਬਦੀਲ ਕੀਤਾ ਜਾ ਸਕੇ। ਮੀਟਿੰਗ ਵਿੱਚ 50 ਤੋਂ ਵੱਧ ਪ੍ਰਮੁੱਖ ਉਦਯੋਗਿਕ ਐਸੋਸੀਏਸ਼ਨਾਂ/ਉਦਯੋਗਪਤੀਆਂ ਨੇ ਸ਼ਮੂਲੀਅਤ ਕੀਤੀ। 

Babita

This news is Content Editor Babita