ਜਲੰਧਰ ਬੱਸ ਸਟੈਂਡ ’ਤੇ ਮਾਹੌਲ ਹੋਇਆ ਤਣਾਅਪੂਰਨ, ਦਲ ਖ਼ਾਲਸਾ ਨੇ ਕੀਤਾ ਰੋਸ ਪ੍ਰਦਰਸ਼ਨ, ਜਾਣੋ ਵਜ੍ਹਾ

07/09/2022 10:55:12 PM

ਜਲੰਧਰ (ਮਹੇਸ਼, ਸੋਨੂੰ) : ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਸਰਕਾਰੀ ਬੱਸਾਂ ਤੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਤਸਵੀਰਾਂ ਉਤਾਰ ਦਿੱਤੀਆਂ ਗਈਆਂ ਸਨ। ਤਸਵੀਰਾਂ ਉਤਾਰਨ ਦਾ ਮਾਮਲਾ ਅੱਜ ਉਦੋਂ ਇਕ ਵਾਰ ਫਿਰ ਗਰਮਾ ਗਿਆ, ਜਦੋਂ ਜਲੰਧਰ ’ਚ ਦਲ ਖਾਲਸਾ ਵੱਲੋਂ ਇਸ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਦਲ ਖਾਲਸਾ ਦੇ ਮੈਂਬਰ ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਇਕੱਠੇ ਹੋਏ। ਇਸ ਦੌਰਾਨ ਉਹ ਬੱਸ ਸਟੈਂਡ ਵੱਲ ਵਧੇ ਤੇ ਸਰਕਾਰੀ ਬੱਸਾਂ ’ਚ ਭਿੰਡਰਾਂਵਾਲੇ ਦੀਆਂ ਤਸਵੀਰਾਂ ਲਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਸ ਵੱਲੋਂ ਉਨ੍ਹਾਂ ਨੂੰ ਬੈਰੀਕੇਡ ਲਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਦਲ ਖ਼ਾਲਸਾ ਦੇ ਮੈਂਬਰ ਬੱਸ ਸਟੈਂਡ ’ਤੇ ਪੁੱਜ ਕੇ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਦੇ ਦਫ਼ਤਰ ਦੇ ਬਾਹਰ ਧਰਨਾ ਦੇਣ ਲੱਗੇ। ਇਸ ਦੌਰਾਨ ਕੁਝ ਆਗੂਆਂ ਨੂੰ ਰਾਊਂਡਅਪ ਵੀ ਕੀਤਾ ਗਿਆ। ਦਲ ਖਾਲਸਾ ਆਗੂਆਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਸਰਕਾਰੀ ਬੱਸਾਂ ਦੇ ਉਪਰੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਤਸਵੀਰਾਂ ਹਟਾ ਦਿੱਤੀਆਂ ਗਈਆਂ ਸਨ ਅਤੇ ਇਸ ਦੇ ਹੁਕਮ ਪੰਜਾਬ ਸਰਕਾਰ ਨੇ ਦਿੱਤੇ ਸਨ।

ਇਹ ਖ਼ਬਰ ਵੀ ਪੜ੍ਹੋ : 2 ਮਹੀਨੇ ਪਹਿਲਾਂ ਹੀ ਕੈਨੇਡਾ ਗਈ ਸੀ ਪਤਨੀ, ਪਿੱਛੋਂ ਪਤੀ ਨੇ ਚੁੱਕਿਆ ਖੌਫ਼ਨਾਕ ਕਦਮ

ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸਰਕਾਰ ਨੂੰ ਸੁਨੇਹਾ ਭੇਜਿਆ ਗਿਆ ਕਿ ਉਹ ਦਲ ਖਾਲਸਾ ਨਾਲ ਗੱਲ ਕਰੇ ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਕਿਸੇ ਆਗੂ ਜਾਂ ਸਰਕਾਰੀ ਅਧਿਕਾਰੀ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਤੋਂ ਬਾਅਦ ਅੱਜ ਫੈਸਲਾ ਕੀਤਾ ਗਿਆ ਕਿ ਪੰਜਾਬ ਰੋਡਵੇਜ਼ ਦੀਆਂ ਬੱਸਾਂ 'ਤੇ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਉਨ੍ਹਾਂ ਦੀ ਮੁਲਾਕਾਤ ਜਨਰਲ ਮੈਨੇਜਰ ਨਾਲ ਕਰਵਾਉਣ ਲਈ ਕਾਫ਼ੀ ਪ੍ਰੇਸ਼ਾਨ ਕੀਤਾ। ਜੇਕਰ ਸਰਕਾਰ ਨੇ ਇਸ ਸਬੰਧੀ ਜਲਦੀ ਕੋਈ ਫੈਸਲਾ ਨਾ ਲਿਆ ਤਾਂ ਉਹ ਆਪਣੀ ਅਗਲੀ ਰਣਨੀਤੀ ਤਿਆਰ ਕਰਕੇ ਲਾਗੂ ਕਰਨਗੇ। ਦੂਜੇ ਪਾਸੇ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਗੁਰਿੰਦਰ ਸਿੰਘ ਨੇ ਦਲ ਖਾਲਸਾ ਨੂੰ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਇਸ ਸਬੰਧੀ ਪੰਜਾਬ ਸਰਕਾਰ ਤੱਕ ਪਹੁੰਚ ਕਰਨਗੇ ਤਾਂ ਜੋ ਇਸ ਮਾਮਲੇ ’ਚ ਜਲਦੀ ਤੋਂ ਜਲਦੀ ਕੋਈ ਫੈਸਲਾ ਲਿਆ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਵੱਲੋਂ ਹੜਤਾਲ ਦੇ ਸੱਦੇ ’ਤੇ ਕੈਬਨਿਟ ਮੰਤਰੀ ਜਿੰਪਾ ਨੇ ਦਿੱਤੀ ਚਿਤਾਵਨੀ

 


Manoj

Content Editor

Related News