ਕਾਲ ਬਣ ਕੇ ਆਈ ਤੇਜ਼ ਰਫ਼ਤਾਰ ਥਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮੌਕੇ ’ਤੇ ਇਕ ਦੀ ਮੌਤ
Sunday, Dec 10, 2023 - 05:30 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਫਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ ’ਤੇ ਸਥਿਤ ਪਿੰਡ ਸੈਦੇ ਦੇ ਮੋਹਨ ਦੇ ਕੋਲ ਤੇਜ਼ ਰਫਤਾਰ ਥਾਰ ਜੀਪ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਰੋਸ਼ਨ ਲਾਲ ਪੁੱਤਰ ਭਾਗ ਸਿੰਘ ਆਪਣੇ ਸਾਥੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਲਾਲਾਬਾਦ ਵਾਲੀ ਸਾਈਡ ਨੂੰ ਜਾ ਰਿਹਾ ਸੀ ਜਦੋਂ ਉਹ ਪਿੰਡ ਸੈਦੇ ਕੇ ਮੋਹਨ ਵਿਖੇ ਬਣੇ ਇੱਟਾਂ ਵਾਲੇ ਭੱਠੇ ਨੂੰ ਮੁੜਨ ਲੱਗੇ ਤਾ ਜਲਾਲਾਬਾਦ ਵੱਲੋਂ ਆ ਰਹੀ ਇਕ ਤੇਜ਼ ਰਫਤਾਰ ਥਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਇਸ ਦੌਰਾਨ ਗੁਰੂਹਰਸਾਹਏ ਵਾਸੀ ਰੋਸ਼ਨ ਲਾਲ ਪੁੱਤਰ ਭਾਗ ਮਾਲ ਉਮਰ ਕਰੀਬ 75 ਸਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੂਜਾ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਕਿਸੇ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸੇ ਵਿਚ ਮੋਟਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਹਾਦਸੇ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਥਾਰ ਗੱਡੀ ਵਾਲਾ ਟੱਕਰ ਮਾਰਨ ਤੋਂ ਬਾਅਦ ਤੇਜ਼ੀ ਨਾਲ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ’ਤੇ ਥਾਣਾ ਗੁਰੂਹਰਸਹਾਏ ਦੀ ਪੁਲਸ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਹੈ।