ਪ੍ਰਿੰਸੀਪਲ ਨੇ ਵਿਦਿਆਰਥੀਆਂ ''ਤੇ ਲਾਇਆ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦਾ ਦੋਸ਼

09/13/2017 12:30:41 PM


ਮੋਗਾ (ਆਜ਼ਾਦ) - ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਸਥਿਤ ਐੱਮ. ਐੱਲ. ਐੱਮ. ਪੋਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਨੇ ਕਾਲਜ ਦੇ ਕੁਝ ਵਿਦਿਆਰਥੀਆਂ 'ਤੇ ਵਿਦਿਆਰਥਣਾਂ ਨਾਲ ਕਥਿਤ ਤੌਰ 'ਤੇ ਛੇੜਛਾੜ ਕਰਨ ਤੋਂ ਇਲਾਵਾ ਸਟਾਫ ਮੈਂਬਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੇ ਜਾਣ ਦਾ ਦੋਸ਼ ਲਾਇਆ ਹੈ। ਪੁਲਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਪ੍ਰਿੰਸੀਪਲ ਰਵੀ ਕੁਮਾਰ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਨਿਵਾਸੀ ਪਿੰਡ ਸਲਾਮਪੁਰਾ (ਸਿੱਧਵਾਂ ਬੇਟ) ਅਤੇ ਕਰਮ ਸਿੰਘ ਨਿਵਾਸੀ ਪਿੰਡ ਗਿੱਦੜਵਿੰਡੀ ਆਪਣੇ 30 ਹੋਰ ਅਣਪਛਾਤੇ ਸਾਥੀਆਂ ਨੂੰ ਨਾਲ ਲੈ ਕੇ ਕਾਲਜ ਦੇ ਗੇਟ 'ਤੇ ਪ੍ਰਧਾਨਗੀ ਦਾ ਪੋਸਟਰ ਲਾ ਕੇ ਨਾਅਰੇਬਾਜ਼ੀ ਕਰ ਰਹੇ ਸਨ, ਜਿਸ 'ਤੇ ਅਸੀਂ ਕਾਲਜ ਦੇ ਮੇਨ ਗੇਟ ਨੂੰ ਤਾਲਾ ਲਾ ਦਿੱਤਾ ਤਾਂ ਕਿ ਵਿਦਿਆਰਥੀਆਂ ਦੇ ਵਿਚਕਾਰ ਝਗੜਾ ਨਾ ਹੋ ਸਕੇ ਪਰ ਕਥਿਤ ਦੋਸ਼ੀ ਕਾਲਜ ਦਾ ਗੇਟ ਟੱਪ ਕੇ ਅੰਦਰ ਆ ਗਏ ਅਤੇ ਮੇਨ ਗੇਟ ਦਾ ਤਾਲਾ ਤੋੜ ਕੇ ਨਾਅਰੇਬਾਜ਼ੀ ਕਰਨ ਤੋਂ ਇਲਾਵਾ ਗਾਲ੍ਹੀ-ਗਲੋਚ ਕਰਨ ਲੱਗੇ, ਜਿਨ੍ਹਾਂ ਨੂੰ ਰੋਕਣ ਦਾ ਯਤਨ ਵੀ ਕੀਤਾ ਗਿਆ ਤਾਂ ਕਿ ਕਾਲਜ ਦਾ ਮਾਹੌਲ ਖਰਾਬ ਨਾ ਹੋਵੇ। ਕਥਿਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਾਲਜ ਦੀਆਂ ਵਿਦਿਆਰਥਣਾਂ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ ਅਤੇ ਗਲਤ ਵਰਤਾਓ ਕਰਨ ਲੱਗ ਪਏ, ਜਦੋਂ ਮੈਂ ਅਤੇ ਸਟਾਫ ਮੈਂਬਰਾਂ ਨੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਉਹ ਕਾਲਜ ਦਾ ਮਾਹੌਲ ਖਰਾਬ ਨਾ ਕਰਨ ਅਤੇ ਸ਼ਾਂਤੀ ਬਣਾਈ ਰੱਖਣ ਤਾਂ ਉਹ ਸਟਾਫ ਮੈਂਬਰਾਂ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗੇ, ਜਿਸ ਕਾਰਨ ਕਾਲਜ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਿਸ ਕਾਰਨ ਸਾਨੂੰ ਪੁਲਸ ਨੂੰ ਸੂਚਿਤ ਕਰਨਾ ਪਿਆ ਤਾਂ ਕਿ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਸਕੇ। 

ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਸੁਲੱਖਣ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਜਾਂਚ ਕਰਨ ਤੋਂ ਇਲਾਵਾ ਕਾਲਜ ਦੇ ਕਈ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਕੋਲੋਂ ਪੁੱਛਗਿੱਛ ਕੀਤੀ। ਪੁਲਸ ਨੇ ਕਾਲਜ ਦੇ ਪ੍ਰਿੰਸੀਪਲ ਰਵੀ ਕੁਮਾਰ ਦੀ ਸ਼ਿਕਾਇਤ 'ਤੇ ਦਿਲਪ੍ਰੀਤ ਸਿੰਘ, ਕਰਮ ਸਿੰਘ ਅਤੇ ਉਸ ਦੇ 30 ਅਣਪਛਾਤੇ ਸਾਥੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ, ਜਿਨ੍ਹਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।


Related News