ਪਰਾਲੀ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਪ੍ਰਸ਼ਾਸ਼ਨ ਹੋਇਆ ਸਖ਼ਤ, 9 ਕਿਸਾਨਾਂ ''ਤੇ ਮਾਮਲਾ ਦਰਜ
Thursday, Oct 17, 2024 - 06:08 PM (IST)
ਗੁਰਦਾਸਪੁਰ (ਹਰਮਨ,ਵਿਨੋਦ)- ਜ਼ਿਲ੍ਹਾ ਪ੍ਰਸ਼ਾਸ਼ਨ ਗੁਰਦਾਸਪੁਰ ਵਲੋਂ ਪਰਾਲੀ ਨੂੰ ਅੱਗ ਲਾਏ ਜਾਣ ਤੋਂ ਰੋਕਣ ਲਈ ਜਿੱਥੇ ਵੱਡੀ ਪੱਧਰ ’ਤੇ ਪਿੰਡ-ਪਿੰਡ ਜਾ ਕੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਚਲਾਨ ਕਰਨ ਦੇ ਨਾਲ-ਨਾਲ ਐੱਫ.ਆਈ.ਆਰ ਵੀ ਦਰਜ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨਾ ਸਾੜਨ ਲਈ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਵੀ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਪਰਾਲੀ ਨੂੰ ਅੱਗ ਲੱਗਣ ਦੇ ਮਾਮਲਿਆਂ ਵਿਚ ਸਖ਼ਤ ਕਾਰਵਾਈ ਕਰਦੇ ਹੋਏ ਪਿੰਡ ਵੀਲਾ ਤੇਜਾ ਦੇ 1 ਕਿਸਾਨ ਵਿਰੁੱਧ ਪੁਲਸ ਥਾਣਾ ਫਤਿਹਗੜ੍ਹ ਚੂੜੀਆਂ ਵਿੱਚ, ਪਿੰਡ ਰੰਗੜ ਨੰਗਲ ਦੇ 1 ਕਿਸਾਨ ਵਿਰੁੱਧ ਪੁਲਸ ਥਾਣਾ ਰੰਗੜ ਨੰਗਲ ਵਿੱਚ, ਪਿੰਡ ਧੀਰ ਤੇ ਮਰੜ ਦੇ 1-1 ਕਿਸਾਨਾਂ ਵਿਰੁੱਧ ਪੁਲਸ ਥਾਣਾ ਸਦਰ ਵਿੱਚ, ਪਿੰਡ ਸਾਰਚੂਰ ਦੇ 1 ਕਿਸਾਨ, ਪਿੰਡ ਮਾਨਸੈਂਡਵਾਲ ਦੇ 2 ਕਿਸਾਨਾਂ, ਪਿੰਡ ਖਹਿਰਾਂ ਕਲਾਂ ਦੇ 1 ਕਿਸਾਨ ਅਤੇ ਪਿੰਡ ਜਾਂਗਲਾ ਦੇ 1 ਕਿਸਾਨ ਵਿਰੁੱਧ ਪੁਲਸ ਥਾਣਾ ਘਣੀਏ-ਕੇ-ਬਾਂਗਰ ਵਿਖੇ ਐੱਫ.ਆਈ.ਆਰ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦਾ ਮਹਿੰਗਾ ਟੋਲ ਪਲਾਜ਼ਾ ਹੋਇਆ ਫਰੀ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਜਾਣੂੰ ਕਰਵਾਇਆ ਗਿਆ ਹੈ ਅਤੇ ਪਰਾਲੀ ਪ੍ਰਬੰਧਨ ਲਈ ਜਿਲ੍ਹੇ ਵਿੱਚ ਲੋਂੜੀਦੀ ਖੇਤੀ ਮਸ਼ੀਨਰੀ ਉਪਲੱਬਧ ਹੈ ਅਤੇ ਉਸ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ ਅਤੇ ਲਗਾਤਾਰ ਇਹ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਹੈਰੀਟੇਜ ਸਟਰੀਟ 'ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਦਿੱਤੀ ਚਿਤਾਵਨੀ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਵਲੋਂ ਰੋਜ਼ਾਨਾ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਸਬਸਿਡੀ ਉੱਪਰ ਮਿਲੀ ਮਸ਼ੀਨਰੀ ਦੀ ਸਹੀ ਵਰਤੋਂ ਕਰਕੇ ਪਰਾਲੀ ਦਾ ਖੇਤਾਂ ਵਿਚ ਹੀ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਪਰਾਲੀ ਦੀ ਸੰਭਾਲ ਲਈ ਬੇਲਰ ਉਪਲਬਧ ਕਰਵਾਏ ਗਏ ਹਨ ਤਾਂ ਜੋ ਪਰਾਲੀ ਨੂੰ ਗੱਠਾਂ ਬਣਾਕੇ ਬਾਇਲਰ ਯੂਨਿਟਾਂ ਵਿਚ ਬਾਲਣ ਦੇ ਤੌਰ ’ਤੇ ਵਰਤਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਸਬਸਿਡੀ ਉੱਪਰ ਦਿੱਤੀ ਮਸ਼ੀਨਰੀ ਦਾ ਸਹੀ ਇਸਤੇਮਾਲ ਕਰਦੇ ਹੋਏ ਪਰਾਲੀ ਨੂੰ ਸਾੜਨ ਦੀ ਥਾਂ ਖੇਤਾਂ ਵਿਚ ਨਿਪਟਾਰਾ ਕਰਨ ਜਿਸ ਨਾਲ ਨਾ ਸਿਰਫ਼ ਜ਼ਮੀਨ ਦੀ ਸਿਹਤ ਵਿਚ ਸੁਧਾਰ ਹੋਵੇਗਾ ਸਗੋਂ ਵਾਤਾਵਰਣ ਸੰਭਾਲ ਵਿਚ ਵੀ ਮਦਦ ਮਿਲੇਗੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: SGPC ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਰੱਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8