ਖੇਤੀਬਾੜੀ ਵਿਭਾਗ ਨੇੇ ਪਰਾਲੀ ਸਾੜਨ ਵਾਲੇ 97 ਕਿਸਾਨਾਂ ਨੂੰ ਕੀਤਾ ਜੁਰਮਾਨਾ

11/01/2022 6:28:30 PM

ਲੁਧਿਆਣਾ (ਸਲੂਜਾ) : ਖੇਤੀਬਾੜੀ ਵਿਭਾਗ ਲੁਧਿਆਣਾ ਦੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਭਰ ’ਚ ਹੀ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਬਣਦੀ ਕਾਰਵਾਈ ਕਰਨ ਨੂੰ ਲੈ ਕੇ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਜ਼ਿਲ੍ਹਾ ਲੁਧਿਆਣਾ ’ਚ ਜਗਰਾਓਂ ਨਾਲ ਸਬੰਧਿਤ ਹਨ, ਜਿੱਥੇ 209 ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਾਈ ਹੈ। ਸਮਰਾਲਾ ਦੂਜੇ ਨੰਬਰ ’ਤੇ ਹੈ, ਇਥੇ 169 ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਾਈ। ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ 97 ਮਾਮਲਿਆਂ ’ਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ 1 ਲੱਖ 92 ਹਜ਼ਾਰ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਇਸ ਦੇ ਨਾਲ ਹੀ 79 ਮਾਮਲਿਆਂ ’ਚ ਰੈੱਡ ਐਂਟਰੀ ਪਾਈ ਗਈ ਹੈ, ਜਦਕਿ 47 ਮਾਮਲਿਆਂ ’ਚ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਅਜੇ ਤੱਕ ਜੁਰਮਾਨਾ ਨਹੀਂ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਨੇ ਪੁਲਸ ’ਤੇ ਲਾਏ ਵੱਡੇ ਇਲਜ਼ਾਮ

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਵਿਭਾਗੀ ਜਾਂਚ ਟੀਮਾਂ ਨੇ ਜਾਂਚ ਦੌਰਾਨ ਇਹ ਵੀ ਪਾਇਆ ਕਿ 360 ਕੇਸਾਂ ’ਚ ਪਰਾਲੀ ਨਾ ਸਾੜਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਵਿਭਾਗੀ ਟੀਮਾਂ ਵੱਲੋਂ ਕੀਤੀ ਜਾ ਰਹੀ ਇਸ ਚੈਕਿੰਗ ਦੌਰਾਨ ਕਿਸਾਨਾਂ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਸਰਕਾਰ ਅਤੇ ਖੇਤੀਬਾੜੀ ਦਾ ਸਹਿਯੋਗ ਕਰਨ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾ ਸਕੇ ਅਤੇ ਪ੍ਰਦੂਸ਼ਣ ਨਾ ਫੈਲੇ।

Manoj

This news is Content Editor Manoj