30 ਮਾਰਚ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ : ਐਡਵੋਕੇਟ ਧਾਮੀ

Tuesday, Mar 08, 2022 - 04:56 PM (IST)

30 ਮਾਰਚ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ : ਐਡਵੋਕੇਟ ਧਾਮੀ

ਅੰਮ੍ਰਿਤਸਰ (ਗੁਰਿੰਦਰ ਸਾਗਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬਜਟ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਐਡਵੋਕੇਟ ਧਾਮੀ ਨੇ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਬਜਟ ਇਜਲਾਸ 30 ਮਾਰਚ ਨੂੰ ਸੱਦਣ ਦੀ ਪ੍ਰਵਾਨਗੀ ਦਿੱਤੀ ਹੈ, ਜੋ ਦੁਪਹਿਰ 1:00 ਵਜੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਜਲਾਸ ਦੌਰਾਨ ਵਿੱਤੀ ਵਰ੍ਹੇ ਸਾਲ 2022-23 ਦਾ ਬਜਟ ਪਾਸ ਕੀਤਾ ਜਾਵੇਗਾ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜਾਂ ਦੀਆਂ ਤਰਜੀਹਾਂ ਨਿਰਧਾਰਤ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਯੂਕ੍ਰੇਨ-ਰੂਸ ਜੰਗ ਦੇ ਪ੍ਰਭਾਵ ਕਾਰਨ 28 ਹਜ਼ਾਰ ਪ੍ਰਤੀ ਮੀਟ੍ਰਿਕ ਟਨ ਪੁੱਜਾ ਕੋਲੇ ਦਾ ਮੁੱਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ ਉਡਾਣਾਂ ਚਾਲੂ ਕਰਨ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਿਓਤੀਰਾਦਿੱਤਿਆ ਸਿੰਧੀਆ ਨਾਲ ਰਾਬਤਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ’ਚ ਕੈਨੇਡਾ ਤੇ ਅਮਰੀਕਾ ਦੇ ਸਿੱਖ ਆਗੂਆਂ ਵੱਲੋਂ ਇਸ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕੀਤਾ ਗਿਆ ਹੈ, ਜਿਸ ਨੂੰ ਅੰਤ੍ਰਿੰਗ ਕਮੇਟੀ ਨੇ ਸੰਜੀਦਗੀ ਨਾਲ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਵਿਦੇਸ਼ਾਂ 'ਚ 50 ਲੱਖ ਕਰੀਬ ਸਿੱਖ ਵੱਸਦੇ ਹਨ, ਜਿਨ੍ਹਾਂ ਨੂੰ ਸ੍ਰੀ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਨਾ ਹੋਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ, ਕੈਨੇਡਾ, ਯੂਰਪੀ ਦੇਸ਼, ਆਸਟ੍ਰੇਲੀਆ, ਯੂ. ਕੇ. ਆਦਿ ਦੇਸ਼ਾਂ ਲਈ ਸਿੱਧੀਆਂ ਉਡਾਣਾਂ ਚਾਲੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਜਿਸ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਵੱਲੋਂ ਮਤਾ ਪਾਸ ਕੀਤਾ ਗਿਆ ਹੈ ਅਤੇ ਜਲਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ ਵੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਖੁੱਲ੍ਹਾ ਚੈਲੇਂਜ ਕਰਨ ਵਾਲੇ ਹੌਲਦਾਰ ਸੰਦੀਪ ’ਤੇ ਪੁਲਸ ਨੇ ਕੱਸਿਆ ਸ਼ਿਕੰਜਾ, ਜਾਣੋ ਕੀ ਹੈ ਮਾਮਲਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਲਈ 15 ਲੱਖ ਰੁਪਏ ਸਾਲਾਨਾ ਸਹਾਇਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਗਤ ਪੂਰਨ ਸਿੰਘ ਨੇ ਮਨੁੱਖਤਾ ਦੀ ਭਲਾਈ ਲਈ ਮਿਸਾਲ ਕਾਇਮ ਕੀਤੀ ਹੈ ਅਤੇ ਉਨ੍ਹਾਂ ਦੀ ਸੋਚ ਨੂੰ ਲੈ ਕੇ ਪਿੰਗਲਵਾੜਾ ਸੁਸਾਇਟੀ ਅੱਗੇ ਵੱਧ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ 15 ਲੱਖ ਰੁਪਏ ਦੀ ਸਾਲਾਨਾ ਸਹਾਇਤਾ ਜਾਰੀ ਰੱਖੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜੰਗ ਦੇ ਮਾਹੌਲ ਦਰਮਿਆਨ ਯੂਕ੍ਰੇਨ ਤੋਂ ਵਾਪਸ ਮੁੜਦੇ ਪੰਜਾਬੀਆਂ ਨੂੰ ਦਿੱਲੀ ਤੋਂ ਪੰਜਾਬ ਲਿਆਉਣ ਲਈ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਸਬੰਧੀ ਇੰਡੋ ਕੈਨੇਡੀਅਨ ਬੱਸ ਸਰਵਿਸ ਨਾਲ ਸਮਝੌਤਾ ਕੀਤਾ ਗਿਆ ਹੈ, ਜੋ ਦਿੱਲੀ ਹਵਾਈ ਅੱਡੇ ਤੋਂ ਇਨ੍ਹਾਂ ਵਿਦਿਆਰਥੀਆਂ ਨੂੰ ਲੈ ਕੇ ਆਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਲਿਆਂਦੇ ਜਾਣ ਵਾਲੇ ਇਨ੍ਹਾਂ ਬੱਚਿਆਂ ਨੂੰ ਬੱਸ 'ਚ ਖਾਣ-ਪੀਣ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ ਅਤੇ ਦਿੱਲੀ ਵਿਖੇ ਬੱਚਿਆਂ ਦਾ ਸਹਿਯੋਗ ਕਰਨ ਲਈ ਦਿੱਲੀ ਸਿੱਖ ਮਿਸ਼ਨ ਦਾ ਸਟਾਫ਼ ਕਾਰਜ ਕਰੇਗਾ।

ਇਹ ਵੀ ਪੜ੍ਹੋ : ਕਿਸਾਨ ਦੀ ਕੁੱਟਮਾਰ ਦੇ ਮਾਮਲੇ 'ਚ ਪਾਸਟਰ ਸਮੇਤ ਕਈਆਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ 'ਤੇ ਮੁਕੱਦਮਾ ਦਰਜ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਦਾ ਯੁੱਗ ਸੋਸ਼ਲ ਮੀਡੀਆ ਦਾ ਯੁੱਗ ਹੈ ਅਤੇ ਅੰਤ੍ਰਿੰਗ ਕਮੇਟੀ ਨੇ ਆਈ. ਟੀ. ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਸੋਧਾਂ ਅਤੇ ਸੇਧਾਂ ਨੂੰ ਪ੍ਰਵਾਨਗੀ ਦਿੱਤੀ ਹੈ। ਆਈ. ਟੀ. ਵਿੰਗ ਨੂੰ ਚੁਸਤ-ਦਰੁਸਤ ਬਣਾਉਣ ਲਈ ਕਮੇਟੀ ਕਾਇਮ ਕੀਤੀ ਗਈ ਸੀ, ਜਿਸ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿਚ ਸਿੱਖ ਮਸਲੇ ਜਾਣਬੁਝ ਕੇ ਉਲਝਾਏ ਜਾ ਰਹੇ ਹਨ, ਜਿਨ੍ਹਾਂ ਬਾਰੇ ਵਿਚਾਰ-ਚਰਚਾ ਅਤੇ ਪ੍ਰਮਾਣਿਕ ਜਾਣਕਾਰੀ ਦੇਣ ਲਈ ਪ੍ਰੋਗਰਾਮ ਬਣਾਏ ਜਾਣਗੇ। ਇਸ ਦੇ ਨਾਲ ਹੀ ਭਰੋਸੇਯੋਗ ਸਿੱਖ ਖ਼ਬਰਾਂ ਦੇ ਬੁਲੇਟਿਨ ਤਿਆਰ ਕੀਤੇ ਜਾਣਗੇ ਅਤੇ ਸਿੱਖ ਇਤਿਹਾਸ ਤੇ ਸਿਧਾਂਤਾਂ ਬਾਰੇ ਜਾਣਕਾਰੀ ਦਿੰਦੇ ਪ੍ਰੋਗਰਾਮ ਵੀ ਚਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 300 ਪਾਵਨ ਸਰੂਪ ਭੇਜਣ ਦਾ ਵੀ ਫੈਸਲਾ ਕੀਤਾ ਹੈ। ਇਹ ਪਾਵਨ ਸਰੂਪ ਛੱਤੀਸਗੜ੍ਹ ਅਤੇ ਮਹਾਰਾਸ਼ਟਰ ਦੀਆਂ ਸੰਗਤਾਂ ਲਈ ਵਿਸ਼ੇਸ਼ ਬੱਸ ਰਾਹੀਂ ਭੇਜੇ ਜਾਣਗੇ।

ਇਹ ਵੀ ਪੜ੍ਹੋ : ਸਰਕਾਰ ਕਿਸੇ ਦੀ ਵੀ ਬਣੇ, ਵੱਡਾ ਸਵਾਲ- ਕਿੱਥੋਂ ਆਉਣਗੇ ਚੋਣ ਵਾਅਦਿਆਂ ਲਈ 33 ਹਜ਼ਾਰ ਕਰੋੜ ਰੁਪਏ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਿੱਖ ਬੰਦੀਆਂ ਦੀ ਰਿਹਾਈ ਜਲਦ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਮਸਲਿਆਂ ’ਤੇ ਸਰਕਾਰਾਂ ਦੀ ਉਦਾਸੀਨਤਾ ਮਾੜੀ ਗੱਲ ਹੈ ਅਤੇ ਸਿੱਖਾਂ ਨੂੰ ਦੇਸ਼ ਦੇ ਸੰਵਿਧਾਨ ਅਨੁਸਾਰ ਹੱਕ ਮਿਲਣੇ ਚਾਹੀਦੇ ਹਨ। 3-3 ਦਹਾਕੇ ਸਜ਼ਾ ਪੂਰੀਆਂ ਕਰਨ ਵਾਲੇ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਇਥੋਂ ਤੱਕ ਕਿ ਕਈਆਂ ਨੂੰ ਪੈਰੋਲ ਵੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਵਿਰੁੱਧ ਦਿੱਲੀ ਦੀ ਕੇਜਰੀਵਾਲ ਸਰਕਾਰ ਅੜੀ ਹੋਈ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਮਸਲੇ ’ਤੇ ਭਾਰਤ ਦੇ ਗ੍ਰਹਿ ਮੰਤਰੀ ਨੂੰ ਮਿਲੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਦੌਰਾਨ ਜੇਲ੍ਹਾਂ ਵਿਚ ਸੰਗਰਾਂਦ ਤੇ ਗੁਰਪੁਰਬਾਂ ਮੌਕੇ ਰਸਦਾਂ ਭੇਜਣ ਦਾ ਵੀ ਐਲਾਨ ਕੀਤਾ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਬੰਗਲੌਰ ਤੇ ਮੰਗਲੌਰ ਵਿਖੇ ਸਿੱਖ ਬੱਚਿਆਂ ਨੂੰ ਦਸਤਾਰ ਸਮੇਤ ਕਲਾਸਾਂ ਵਿਚ ਬੈਠਣ ਤੋਂ ਰੋਕਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਦੇ ਕਰਨਾਟਕਾ ਦੇ ਮੁੱਖ ਮੰਤਰੀ ਬਸਵਾਰਾਜ ਬੋਮਈ ਅਤੇ ਸਿੱਖਿਆ ਮੰਤਰੀ ਬੀ. ਸੀ. ਨਾਗੇਸ਼ ਨਾਲ ਮੁਲਾਕਾਤ ਕੀਤੀ ਹੈ, ਜਿਨ੍ਹਾਂ ਨੇ ਭਵਿੱਖ 'ਚ ਅਜਿਹਾ ਨਾ ਵਾਪਰਨ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : 'ਬਿਕਰਮ ਮਜੀਠੀਆ' ਦੀ ਨਿਆਇਕ ਹਿਰਾਸਤ ਨੂੰ ਲੈ ਕੇ ਅਦਾਲਤ ਨੇ ਸੁਣਾਇਆ ਇਹ ਫ਼ੈਸਲਾ

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਤੋਂ ਇਲਾਵਾ 20 ਹਜ਼ਾਰ ਤੱਕ ਤਨਖ਼ਾਹ ਵਾਲੇ ਮੁਲਾਜ਼ਮਾਂ ਨੂੰ 1000 ਰੁਪਏ, 20 ਤੋਂ 40 ਹਜ਼ਾਰ ਤੱਕ 500 ਰੁਪਏ ਵਿਸ਼ੇਸ਼ ਭੱਤਾ ਵੀ ਦਿੱਤਾ ਜਾਵੇਗਾ। ਇਸੇ ਤਰ੍ਹਾਂ ਬਿਲਮੁਕਤਾ ਮੁਲਾਜ਼ਮਾਂ ਨੂੰ 1000 ਹਜ਼ਾਰ ਰੁਪਏ, ਦਿਹਾੜੀ ਵਾਲੇ ਮੁਲਾਜ਼ਮਾਂ ਨੂੰ 15 ਰੁਪਏ ਪ੍ਰਤੀ ਦਿਹਾੜੀ ਅਤੇ ਪਾਰਟ ਟਾਈਮ ਨੂੰ 500 ਰੁਪਏ ਮਾਸਿਕ ਵਾਧਾ ਦਿੱਤਾ ਜਾਵੇਗਾ। ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਹਰਜਾਪ ਸਿੰਘ ਸੁਲਤਾਨਵਿੰਡ ਆਦਿ ਵੀ ਹਾਜ਼ਰ ਸਨ।


author

Harnek Seechewal

Content Editor

Related News