ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ’ਚ ਸਫ਼ਲ ਹੋਈ ਭ੍ਰਿਸ਼ਟਾਚਾਰ ਵਿਰੋਧੀ ‘ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ’

Thursday, May 25, 2023 - 03:59 PM (IST)

ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ’ਚ ਸਫ਼ਲ ਹੋਈ ਭ੍ਰਿਸ਼ਟਾਚਾਰ ਵਿਰੋਧੀ ‘ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ’

ਚੰਡੀਗੜ੍ਹ (ਅਸ਼ਵਨੀ): ਪੰਜਾਬ ਨੂੰ ‘ਭ੍ਰਿਸ਼ਟਾਚਾਰ ਮੁਕਤ’ ਸੂਬਾ ਬਣਾਉਣ ਲਈ ਆਮ ਆਦਮੀ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ‘ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਐਕਸ਼ਨ ਲਾਈਨ ਦੇ ਅਧੀਨ ਬੀਤੇ ਇਕ ਸਾਲ ’ਚ 300 ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ। ਪੰਜਾਬ ਦੇ ਲੋਕਾਂ ਨੂੰ ਵੀਡੀਓ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ, “ਮੈਂ ਅਹਿਦ ਲੈਂਦਾ ਹਾਂ ਕਿ ਮੇਰੀ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ, ਪਾਰਦਰਸ਼ੀ ਅਤੇ ਬਿਹਤਰ ਸ਼ਾਸਨ ਮੁਹੱਈਆ ਕਰਵਾਉਣ ਲਈ ਆਪਣੇ ਯਤਨ ਨਿਰੰਤਰ ਜਾਰੀ ਰੱਖੇਗੀ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿਚੋਂ ਨਿਕਲੀ ਹੈ, ਜਿਸ ਕਾਰਨ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਰਜਕਾਲ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਭ੍ਰਿਸ਼ਟਾਚਾਰੀਆਂ ਨਾਲ ਕੋਈ ਲਿਹਾਜ ਨਾ ਵਰਤਣ ਦੀ ਨੀਤੀ ਅਪਣਾਈ ਗਈ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਕ ਸਾਲ ਪਹਿਲਾਂ ਅੱਜ ਦੇ ਦਿਨ ਸ਼ੁਰੂ ਕੀਤੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੇ ਮਨਚਾਹੇ ਨਤੀਜੇ ਸਾਹਮਣੇ ਲਿਆਂਦੇ ਹਨ।

ਇਹ ਵੀ ਪੜ੍ਹੋ : ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ : ਸਿਹਤ ਮੰਤਰੀ    

ਮੁੱਖ ਮੰਤਰੀ ਨੇ ਕਿਹਾ ਕਿ ਵ੍ਹਟਸਐਪ ਨੰਬਰ 9501200200 ’ਤੇ ਲੋਕਾਂ ਤੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਆਧਾਰ ’ਤੇ ਹੁਣ ਤਕ 300 ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਫੜ੍ਹਿਆ ਗਿਆ ਹੈ, ਜਿਨ੍ਹਾਂ ਵਿਰੁੱਧ ਕਾਰਵਾਈ ਵਿੱਢੀ ਗਈ ਹੈ ਅਤੇ ਉਹ ਸਲਾਖਾਂ ਪਿੱਛੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਸੀ, ਜਿਸ ਲਈ ਇਹ ਪਹਿਲਕਦਮੀ ਕੀਤੀ ਗਈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਭ੍ਰਿਸ਼ਟਾਚਾਰ ਦੇ ਖ਼ਤਰੇ ਦੀ ਜੜ੍ਹ ਵੱਢੀ ਜਾਵੇਗੀ, ਜਿਸ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮਹਾਨ ਕਾਰਜ ਲਈ ਪੰਜਾਬੀਆਂ ਨੂੰ ਤਹਿ-ਦਿਲ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਮਦਦ ਨਾਲ ਇਹ ਮੁਹਿੰਮ ਆਉਣ ਵਾਲੇ ਸਮੇਂ ਵਿਚ ਸਫ਼ਲਤਾ ਦੇ ਝੰਡੇ ਗੱਡੇਗੀ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਤੋਂ ਕਿਸੇ ਵੀ ਕੰਮ ਲਈ ਕੋਈ ਵੀ ਰਿਸ਼ਵਤ ਜਾਂ ਕਮਿਸ਼ਨ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਮਨ੍ਹਾ ਕਰਨ ਦੀ ਥਾਂ ਇਸ ਦੀ ਆਡੀਓ ਜਾਂ ਵੀਡੀਓ ਬਣਾ ਕੇ ਇਸ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਭੇਜੋ। ਭਗਵੰਤ ਮਾਨ ਨੇ ਭਰੋਸਾ ਦਿੱਤਾ ਕਿ ਸਰਕਾਰ ਇਸ ਦੀ ਜਾਂਚ ਕਰਵਾਏਗੀ ਅਤੇ ਜੇ ਕੋਈ ਮੁਲਜ਼ਮ ਪਾਇਆ ਗਿਆ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੈਸੇ ਦੀ ਲੁੱਟ ਦਾ ਇਕ-ਇਕ ਰੁਪਿਆ ਹਰ ਕੀਮਤ ’ਤੇ ਵਸੂਲਿਆ ਜਾਵੇਗਾ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਹੋਵੇਗੀ, ਭਾਜਪਾ ਲਈ ਨੀਤੀਆਂ ਘਾਤਕ ਸਾਬਿਤ ਹੋਣਗੀਆਂ : ਹਰਭਜਨ ਸਿੰਘ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News