ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਗਰਮਾਇਆ ਮਾਹੌਲ, ਬਾਜਵਾ ਨੇ ਸਪੀਕਰ ਤੋਂ ਮੰਗਿਆ ਜਵਾਬ
Monday, Aug 03, 2026 - 12:38 PM (IST)
ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਗਿਆ, ਜੋ 10 ਅਗਸਤ ਤੱਕ ਚੱਲੇਗਾ। ਇਹ ਭਗਵੰਤ ਮਾਨ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖ਼ਰੀ ਮਾਨਸੂਨ ਸੈਸ਼ਨ ਹੈ। ਸਦਨ ਦੀ ਕਾਰਵਾਈ ਦੇ ਪਹਿਲੇ ਹੀ ਦਿਨ ਵਿਰੋਧੀ ਧਿਰ ਵਲੋਂ ਪੇਪਰ ਲੀਕ ਦੀਆਂ ਘਟਨਾਵਾਂ 'ਤੇ ਸਰਕਾਰ ਨੂੰ ਘੇਰਿਆ ਗਿਆ। ਇਸ ਨੂੰ ਲੈ ਕੇ ਹੋਏ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ।
ਵਿਰੋਧੀ ਧਿਰ ਦੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਕਰੀਬ ਇੱਕ ਮਹੀਨਾ ਪਹਿਲਾਂ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ ਗਈ ਸੀ। ਉਨ੍ਹਾਂ ਕਿਹਾ ਕਿ ਸਪੀਕਰ ਖ਼ੁਦ ਅੰਮ੍ਰਿਤਧਾਰੀ ਸਿੱਖ ਹਨ, ਇਸ ਲਈ ਉਹ ਸਪੱਸ਼ਟ ਕਰਨ ਕਿ ਗੁਰੂ-ਦੋਖੀਆਂ ਅਤੇ ਪੰਥ ਵਿਰੋਧੀਆਂ ਬਾਰੇ ਉਨ੍ਹਾਂ ਦਾ ਕੀ ਸਟੈਂਡ ਹੈ। ਬਾਜਵਾ ਨੇ ਕਿਹਾ ਕਿ ਸਦਨ ਦੇ ਅੰਦਰ ਅਤੇ ਬਾਹਰ ਧਾਰਮਿਕ ਮਰਿਆਦਾ ਅਤੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਸਨਮਾਨ ਹੋਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਪੀਕਰ ਇਸ ਮੁੱਦੇ 'ਤੇ ਆਪਣਾ ਰੁਖ ਜਨਤਕ ਤੌਰ 'ਤੇ ਸਪੱਸ਼ਟ ਕਰਨ।
