ਕੈਨੇਡਾ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਮਿਲੀ ਵੱਡੀ ਰਾਹਤ (ਵੀਡੀਓ)
Friday, Jun 09, 2023 - 04:01 AM (IST)
ਕੈਨੇਡਾ (ਬਿਊਰੋ) : ਕੈਨੇਡਾ ’ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਤਕਰੀਬਨ 700 ਪੰਜਾਬੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਕੈਨੇਡੀਅਨ ਇਮੀਗਰੇਸ਼ਨ ਸਟੈਂਡਿੰਗ ਕਮੇਟੀ ਨੇ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਡਿਪੋਰਟੇਸ਼ਨ ਰੋਕਣ ਬਾਰੇ ਮਤਾ ਪਾਸ ਕਰ ਦਿੱਤਾ ਹੈ। ਕੈਨੇਡੀਅਨ ਇਮੀਗਰੇਸ਼ਨ ਸਟੈਂਡਿੰਗ ਕਮੇਟੀ ਵੱਲੋਂ ਪਾਸ ਕੀਤੇ ਗਏ ਇਸ ਮਤੇ ਨਾਲ ਵਿਦਿਆਰਥੀਆਂ ਨੂੰ ਆਸ ਬੱਝ ਗਈ ਹੈ ਕਿ ਉਨ੍ਹਾਂ ਦਾ ਪੱਖ ਵੀ ਸੁਣਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਸਮਾਰਟ ਰਾਸ਼ਨ ਡਿਪੂਆਂ ਨੂੰ ਲੈ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਅਹਿਮ ਬਿਆਨ, ਕਹੀ ਇਹ ਗੱਲ
ਜ਼ਿਕਰਯੋਗ ਹੈ ਕਿ ਫਰਜ਼ੀ ਦਾਖ਼ਲਾ ਪੱਤਰਾਂ ਕਾਰਨ ਕੈਨੇਡਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਕਿਹਾ ਸੀ ਕਿ ਉਹ ਹਰੇਕ ਕੇਸ ਦਾ ਮੁਲਾਂਕਣ ਕਰਨਗੇ ਅਤੇ ਧੋਖਾਧੜੀ ਦੇ ਪੀੜਤਾਂ ਨੂੰ ਆਪਣੀ ਸਥਿਤੀ ਬਾਰੇ ਦੱਸਣ ਅਤੇ ਆਪਣੇ ਕੇਸ ਦੇ ਸਮਰਥਨ ਲਈ ਸਬੂਤ ਪੇਸ਼ ਕਰਨ ਦਾ ਮੌਕਾ ਮਿਲੇਗਾ।
ਦੱਸ ਦੇਈਏ ਕਿ ਅੱਜ ਪੰਜਾਬ ਦੇ ਐੱਨ. ਆਰ. ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀ ਨੂੰ ਮੁਫ਼ਤ ਕਾਨੂੰਨੀ ਮਦਦ ਦੇਵੇਗੀ। ਇਨ੍ਹਾਂ ਵਿਦਿਆਰਥੀਆਂ ’ਚ ਜ਼ਿਆਦਾ ਪੰਜਾਬ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਕੈਨੇਡਾ ’ਚ ਇਮੀਗ੍ਰੇਸ਼ਨ ਕਾਨੂੰਨਾਂ ਦੇ ਮਾਹਿਰ ਵਕੀਲਾਂ ਵੱਲੋਂ ਮਦਦ ਦਿਵਾਈ ਜਾਵੇਗੀ। ਇਸ ਦੇ ਨਾਲ ਹੀ ਧਾਲੀਵਾਲ ਨੇ ਇਨ੍ਹਾਂ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੈਨੇਡਾ ਦੇ ਪੰਜਾਬੀ ਮੂਲ ਦੇ ਸਾਰੇ ਐੱਮ.ਪੀਜ਼ ਨੂੰ ਵੀ ਚਿੱਠੀ ਲਿਖੀ ਹੈ ਤਾਂ ਜੋ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ।