ਭਾਜਪਾ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਕੇਵਲ ਸਿੰਘ ਢਿੱਲੋਂ ਨੂੰ ਚੋਣ ਮੈਦਾਨ ’ਚ ਉਤਾਰਿਆ
Sunday, Jun 05, 2022 - 08:57 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਲੋਕ ਸਭਾ ਹਲਕਾ ਸੰਗਰੂਰ ’ਚ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨ ਦਿੱਤੇ ਜਾਣ ਤੋਂ ਬਾਅਦ ਅੱਜ ਭਾਜਪਾ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਕੇਵਲ ਸਿੰਘ ਢਿੱਲੋਂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਕੇਵਲ ਸਿੰਘ ਢਿੱਲੋਂ ਹਾਲ ਹੀ ’ਚ ਲੰਘੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਟਿਕਟ ਤੋਂ ਵਿਧਾਨ ਸਭਾ ਹਲਕਾ ਬਰਨਾਲਾ ਵਿਖੇ ਵਿਧਾਇਕ ਦੀ ਚੋਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਤੋਂ ਹਾਰ ਗਏ ਸਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੇਵਲ ਸਿੰਘ ਢਿੱਲੋਂ ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਿਲ ਹੋਏ ਸਨ। ਕਾਂਗਰਸ ਦੇ ਤਿੰਨ ਦਰਜਨ ਦੇ ਕਰੀਬ ਵੱਡੇ ਕਾਂਗਰਸੀ ਆਗੂ ਵੀ ਭਾਜਪਾ ’ਚ ਸ਼ਾਮਲ ਹੋਏ ਸਨ। ਅੱਜ ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਦਾ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਵਜੋਂ ਐਲਾਨ ਹੋਣ ਤੋਂ ਬਾਅਦ ਭਾਜਪਾ ਆਗੂਆਂ ਵੱਲੋਂ ਸੰਗਰੂਰ ਵਿਖੇ ਲੋਕਾਂ ਨਾਲ ਸੰਪਰਕ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ CM ਮਾਨ ’ਤੇ ਵੱਡਾ ਹਮਲਾ, ਕਿਹਾ-ਪੰਜਾਬ ’ਚ ਕੋਈ ਵੀ ਨਹੀਂ ਸੁਰੱਖਿਅਤ
ਸੰਗਰੂਰ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਾਂ ਪੈਣਗੀਆਂ ਤੇ 26 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਮੀਦਵਾਰਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਕੱਲ੍ਹ ਆਖਰੀ ਤਾਰੀਖ਼ ਹੈ। ਆਮ ਆਦਮੀ ਪਾਰਟੀ ਨੇ ਗੁਰਮੇਲ ਸਿੰਘ, ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਮਲਦੀਪ ਕੌਰ, ਕਾਂਗਰਸ ਨੇ ਦਲਬੀਰ ਗੋਲਡੀ, ਸ਼੍ਰੋਮਣੀ ਅਕਾਲੀ ਦਲ ਨੇ ਸਿਮਰਨਜੀਤ ਸਿੰਘ ਮਾਨ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ।