ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਕੀਤੇ ਜਾਣ ਦਾ ਦੋਸ਼
Wednesday, Oct 21, 2026 - 02:08 PM (IST)
ਗੁਰੂਹਰਸਹਾਏ (ਮਨਜੀਤ) : ਹਲਕਾ ਗੁਰੂਹਰਸਹਾਏ 'ਚ ਰਾਤ ਸਮੇਂ ਪੁਲ ਦੇ ਹੇਠਾਂ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ, ਵਾਸੀ ਬਸਤੀ ਮੱਘਰ ਸਿੰਘ ਵਾਲੀ, ਟਰੱਕ ਯੂਨੀਅਨ ਦੇ ਨੇੜੇ ਵਜੋਂ ਹੋਈ ਹੈ। ਮਿਤ੍ਰਕ ਦੇ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ 'ਚ ਚਾਰ ਭੈਣਾਂ ਅਤੇ ਦੋ ਭਰਾ ਹਨ। ਪਰਿਵਾਰ ਪਹਿਲਾਂ ਹੀ ਦੁੱਖਾਂ ਦਾ ਸਾਹਮਣਾ ਕਰ ਰਿਹਾ ਸੀ, ਕਿਉਂਕਿ ਲਗਭਗ
ਪੰਜ ਸਾਲ ਪਹਿਲਾਂ ਲਖਵਿੰਦਰ ਸਿੰਘ ਦੇ ਵੱਡੇ ਭਰਾ ਸੁਰਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਦੀ ਵੀ ਮੌਤ ਹੋ ਚੁੱਕੀ ਹੈ। ਹੁਣ ਲਖਵਿੰਦਰ ਸਿੰਘ ਦੀ ਮੌਤ ਹੋਣ ਤੋਂ ਬਾਅਦ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਰਿਵਾਰ ਵੱਲੋਂ ਇਸ ਮਾਮਲੇ ਨੂੰ ਕਤਲ ਦੱਸਦਿਆਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਅਸਲ ਕਾਰਨ ਦਾ ਪਤਾ ਲੱਗੇਗਾ ਕਿ ਨੌਜਵਾਨ ਦੀ ਮੌਤ ਕਿਨ੍ਹਾਂ ਹਾਲਾਤਾਂ ਵਿੱਚ ਹੋਈ ਅਤੇ ਇਸ ਘਟਨਾ ਪਿੱਛੇ ਕੀ ਕਾਰਨ ਹਨ। ਫਿਲਹਾਲ ਪੁਲਸ ਦੀ ਕਾਰਵਾਈ ਅਤੇ ਜਾਂਚ ਸਬੰਧੀ ਅਧਿਕਾਰਤ ਜਾਣਕਾਰੀ ਮਿਲਣੀ ਬਾਕੀ ਹੈ।
