ਸਕੂਟਰੀ ਸਵਾਰ ਨੌਜਵਾਨ ਦੀ ਮੌਤ ਦਾ ਮਾਮਲਾ : ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਰੋਡ ਜਾਮ ਕਰਕੇ ਕੀਤਾ ਪ੍ਰਦਰਸ਼ਨ
Tuesday, Jul 11, 2017 - 01:00 PM (IST)

ਮੋਗਾ(ਆਜ਼ਾਦ)-ਬੀਤੀ ਦੇਰ ਰਾਤ ਪਿੰਡ ਡਰੋਲੀ ਭਾਈ ਕੋਲ ਸਕੂਟਰੀ ਅਤੇ ਮੋਟਰਸਾਈਕਲ ਵਿਚਕਾਰ ਹੋਈ ਆਹਮੋ-ਸਾਹਮਣੇ ਟੱਕਰ 'ਚ ਬਹਾਦਰ ਸਿੰਘ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਾਲਕ ਰਵਿੰਦਰ ਸਿੰਘ ਜ਼ਖ਼ਮੀ ਹੋ ਗਿਆ ਸੀ, ਜੋ ਫਰੀਦਕੋਟ ਵਿਖੇ ਜ਼ੇਰੇ ਇਲਾਜ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਜਾਂਚ ਅਧਿਕਾਰੀ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਅਤੇ ਉਨ੍ਹਾਂ ਖਿਲਾਫ ਗਲਤ ਸ਼ਬਦਾਵਲੀ ਦਾ ਇਸਤੇਮਾਲ ਵੀ ਕੀਤਾ, ਜਿਸ ਕਾਰਨ ਰੋਸ ਵਜੋਂ ਪਰਿਵਾਰ ਨੇ ਥਾਣਾ ਸਦਰ ਮੋਗਾ-ਲੁਧਿਆਣਾ ਰੋਡ 'ਤੇ ਜਾਮ ਲਾ ਕੇ ਪੁਲਸ ਖਿਲਾਫ ਨਾਅਰੇਬਾਜ਼ੀ ਕਰਦਿਆਂ ਹਾਦਸੇ 'ਚ ਹੋਈ ਮੌਤ ਦੇ ਮਾਮਲੇ ਵਿਚ ਪੁਲਸ ਵੱਲੋਂ ਪੱਖਪਾਤ ਕਰਨ ਦੇ ਵੀ ਦੋਸ਼ ਲਾਏ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਤਾਰਾ ਸਿੰਘ ਖਿਲਾਫ ਕਾਰਵਾਈ ਦੀ ਮੰਗ ਕੀਤੀ। ਇਸ ਸਬੰਧੀ ਜਦੋਂ ਉਕਤ ਸੜਕ ਹਾਦਸੇ ਦੇ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਤਾਰਾ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਸ਼ਿਵ ਸਿੰਘ ਪੁੱਤਰ ਗੱਬਰ ਸਿੰਘ ਨਿਵਾਸੀ ਡਰੋਲੀ ਭਾਈ ਦੇ ਬਿਆਨਾਂ 'ਤੇ ਰਾਜਵੀਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ ਲਾਏ ਜਾ ਰਹੇ ਹਨ, ਉਹ ਬੇ-ਬਿਨਆਦ ਹਨ। ਪੀੜਤ ਪਰਿਵਾਰ ਨੂੰ ਹਰ ਹਾਲਾਤ 'ਚ ਇਨਸਾਫ ਦਿਵਾਇਆ ਜਾਵੇਗਾ।