ਸਿੱਖਾਂ ਦਾ ਜ਼ਬਰਨ ਧਰਮ ਪਰਿਵਰਤਨ, ਕੈਪਟਨ ਨੇ ਸੁਸ਼ਮਾ ਸਵਰਾਜ ਕੋਲ ਚੁੱਕੀ ਮੰਗ

Wednesday, Dec 20, 2017 - 03:47 PM (IST)

ਸਿੱਖਾਂ ਦਾ ਜ਼ਬਰਨ ਧਰਮ ਪਰਿਵਰਤਨ, ਕੈਪਟਨ ਨੇ ਸੁਸ਼ਮਾ ਸਵਰਾਜ ਕੋਲ ਚੁੱਕੀ ਮੰਗ


ਜਲੰਧਰ/ ਚੰਡੀਗੜ (ਧਵਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਖੈਬਰ ਪਖਤੂਨਖਵਾ ਵਿਖੇ ਸਿੱਖਾਂ ਦੇ ਜਬਰੀ ਧਰਮ ਤਬਦੀਲੀ ਦਾ ਮਾਮਲਾ ਪਾਕਿਸਤਾਨ ਦੇ ਅਧਿਕਾਰੀਆਂ ਅਤੇ ਉਥੋਂ ਦੀ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ ਹੈ।  ਮੁੱਖ ਮੰਤਰੀ ਨੇ ਟਵੀਟ ਕਰ ਕੇ ਸੁਸ਼ਮਾ ਸਵਰਾਜ ਨੂੰ ਕਿਹਾ ਹੈ ਕਿ ਪਾਕਿਸਤਾਨ ਦੇ ਹੰਗੂ ਜ਼ਿਲੇ 'ਚ ਸਿੱਖ ਭਾਈਚਾਰੇ ਵੱਲੋਂ ਜਬਰੀ ਧਰਮ ਤਬਦੀਲੀ ਕਰਵਾਉਣ ਸਬੰਧੀ ਕੀਤੀਆਂ ਗਈਆਂ ਸ਼ਿਕਾਇਤਾਂ ਦੀਆਂ ਰਿਪੋਰਟਾਂ ਸਾਹਮਣੇ ਆਉਣੀਆਂ ਚਿੰਤਾਜਨਕ ਹਨ। ਦੁਨੀਆ ਦੇ ਕਿਸੇ ਵੀ ਹਿੱਸੇ 'ਚ ਵਸੇ ਸਿੱਖ ਭਾਈਚਾਰੇ ਦੇ ਹਿੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਭਾਰਤ ਸਰਕਾਰ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੇ ਲੋਕਾਂ ਨੇ ਸਬੰਧਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੂੰ ਬਾਕਾਇਦਾ ਸ਼ਿਕਾਇਤ ਭੇਜੀ ਹੈ।  ਇਹ ਗੰਭੀਰ ਮਾਮਲਾ ਹੈ ਕਿਉਂਕਿ ਇਸ 'ਚ ਇਕ ਸਰਕਾਰੀ ਅਧਿਕਾਰੀ ਵੱਲੋਂ ਹੀ ਜਬਰੀ ਧਰਮ ਤਬਦੀਲੀ ਕਰਵਾਉਣ ਦੇ ਮਾਮਲੇ ਦੀ ਅਗਵਾਈ ਕੀਤੀ  ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ 'ਚ  ਦਖਲ ਦੇਣਾ ਭਾਰਤ ਸਰਕਾਰ ਦੀ ਜ਼ਿੰਮੇਵਾਰੀ ਹੈ। 
ਉਨ੍ਹਾਂ ਕਿਹਾ ਕਿ ਜਿਥੇ-ਜਿਥੇ ਸਿੱਖ ਭਾਈਚਾਰੇ ਦੇ ਲੋਕ ਰਹਿ ਰਹੇ ਹਨ, ਉਥੇ ਉਨ੍ਹਾਂ ਦੀ ਪਛਾਣ ਦੀ ਰਾਖੀ ਕਰਨਾ ਸਾਡਾ ਫਰਜ਼ ਬਣਦਾ ਹੈ।  ਭਾਰਤੀ ਵਿਦੇਸ਼ ਮੰਤਰਾਲਾ ਨੂੰ ਇਸਲਾਮਾਬਾਦ ਵਿਖੇ ਉੱਚ ਪੱਧਰ 'ਤੇ ਇਸ ਮਾਮਲੇ ਦੀ ਪੈਰਵੀ ਕਰਨੀ ਚਾਹੀਦੀ ਹੈ ਤਾਂ ਜੋ ਇਸ ਧਾਰਮਿਕ ਜਬਰ ਦਾ ਤੁਰੰਤ ਅੰਤ ਕੀਤਾ ਜਾ ਸਕੇ।


Related News