ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਬੂਟਾ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Sunday, Jan 03, 2021 - 01:13 AM (IST)

ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਬੂਟਾ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 86 ਵਰਿਆਂ ਦੇ ਸਨ ਜੋ ਅੱਜ ਸਵੇਰੇ ਦਿੱਲੀ 'ਚ ਏਮਜ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ 'ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਉੱਘੇ ਕਾਂਗਰਸੀ ਨੇਤਾ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਪਹੁੰਚਿਆ ਹੈ ਜੋ ਅੱਠ ਵਾਰ ਚੁਣੇ ਗਏ ਲੋਕ ਸਭਾ ਮੈਂਬਰ, ਸਾਬਕਾ ਕੇਂਦਰੀ ਮੰਤਰੀ, ਬਿਹਾਰ ਦੇ ਸਾਬਕਾ ਰਾਜਪਾਲ ਅਤੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਚੇਅਰਮੈਨ ਸਨ । ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਖਰੀ ਦਮ ਤੱਕ ਸਮਾਜ ਦੇ ਗਰੀਬ ਅਤੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਅਤੇ ਤਰੱਕੀ ਲਈ ਅਣਥੱਕ ਕਾਰਜ ਕੀਤੇ।
ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।


author

Bharat Thapa

Content Editor

Related News