ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸਿੱਧੀ ਅਦਾਇਗੀ ਦਾ ਕੀਤਾ ਵਿਰੋਧ
Thursday, Mar 25, 2021 - 02:05 AM (IST)
ਚੰਡੀਗੜ੍ਹ, (ਅਸ਼ਵਨੀ)- ਕਿਸਾਨਾਂ ਲਈ ਬੈਂਕ ਖਾਤਿਆਂ ਵਿਚ ਸਿੱਧੀ ਅਦਾਇਗੀ (ਡੀ.ਬੀ.ਟੀ.) ਸਕੀਮ ਦਾ ਸਖਤ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਆਗਾਮੀ ਹਾੜ੍ਹੀ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਸ ਮਸਲੇ ਦਾ ਜਲਦੀ ਹੱਲ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਜਿਨ੍ਹਾਂ ਨੇ ਇਸ ਮੁੱਦੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਮੀਟਿੰਗ ਲਈ ਸਮਾਂ ਮੰਗਿਆ ਹੈ, ਨੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿਚ ਆਪਣਾ ਨਿੱਜੀ ਦਖਲ ਦੇਣ ਦੀ ਮੰਗ ਕਰਦਿਆਂ ਇਸ ਸਬੰਧੀ ਭਾਰਤ ਸਰਕਾਰ ਦੇ ਖੁਰਾਕ, ਖਪਤਕਾਰ ਮਾਮਲੇ ਤੇ ਜਨਤਕ ਵੰਡ ਮੰਤਰਾਲਾ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਇਸ ਸਕੀਮ ਨੂੰ ਘੱਟੋ-ਘੱਟ ਇਕ ਸਾਲ ਲਈ ਮੁਲਤਵੀ ਕਰਨ ਦੀ ਅਪੀਲ ਕੀਤੀ।
ਆੜ੍ਹਤੀਆਂ ਤੇ ਕਿਸਾਨਾਂ ਵਿਚਾਲੇ ਚਿਰ ਸਥਾਈ ਸਬੰਧਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਇਸ ਗੱਲ ’ਤੇ ਸਵਾਲ ਕੀਤਾ ਕਿ ਜਦੋਂ ਇਹ ਸਿਸਟਮ ਬਹੁਤ ਵਧੀਆ ਚੱਲ ਰਿਹਾ ਹੈ ਤਾਂ ਇਸ ਨੂੰ ਕਿਉਂ ਬਦਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੀਬ 50 ਫੀਸਦੀ ਕਿਸਾਨ ਆਪਣੀ ਜ਼ਮੀਨ ਠੇਕੇ ’ਤੇ ਦਿੰਦੇ ਹਨ ਤਾਂ ਇਸ ਤਰ੍ਹਾਂ ਠੇਕੇ ’ਤੇ ਜ਼ਮੀਨ ਵਾਹੁਣ ਵਾਲਿਆਂ ਨੂੰ ਡੀ.ਬੀ.ਟੀ. ਰਾਹੀਂ ਪੈਸਾ ਕਿਵੇਂ ਮਿਲੇਗਾ।
ਇਹ ਵੀ ਪੜ੍ਹੋ : 'ਬਕਾਇਆ ਫੀਸ ਹੋਣ ਦੇ ਬਾਵਜੂਦ ਵੀ ਹੁਣ ਨਹੀਂ ਕੱਟਿਆ ਜਾਵੇਗਾ ਬੱਚਿਆਂ ਦਾ ਸਕੂਲ ’ਚੋਂ ਨਾਂ'
ਆਪਣੇ ਪੱਤਰ ਵਿਚ ਕੈਪਟਨ ਨੇ ਪ੍ਰਧਾਨ ਮੰਤਰੀ ਦਾ ਧਿਆਨ ਮੰਤਰਾਲਾ ਦੇ ਦਿਸ਼ਾ-ਨਿਰਦੇਸ਼ਾਂ ਵੱਲ ਖਿੱਚਿਆ, ਜਿਨਾਂ ਵਿਚ ਪੰਜਾਬ ਸਰਕਾਰ ਨੂੰ ਕਿਸਾਨਾਂ ਨੂੰ ਸਿੱਧੀ ਅਦਾਇਗੀ ਅਤੇ ਜ਼ਮੀਨ ਦੇ ਮਾਲਕਾਂ ਅਤੇ ਵਾਹੁਣ ਵਾਲਿਆਂ ਦੇ ਵੇਰਵੇ ਆਨਲਾਈਨ ਜਮ੍ਹਾ ਕਰਵਾਉਣੇ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ (ਆੜ੍ਹਤੀਆਂ) ਜੋ ਕਿ ਖੇਤੀਬਾੜੀ ਉਪਜ ਮੰਡੀਕਰਨ ਕਮੇਟੀ (ਏ.ਪੀ.ਐੱਮ.ਸੀ.) ਐਕਟ 1961 ਅਧੀਨ ਲਾਇਸੈਂਸ ਧਾਰਕ ਹਨ, ਵਿਚਾਲੇ ਬਹੁਤ ਪੁਰਾਣੇ ਸਬੰਧ ਹਨ। ਦਹਾਕਿਆਂ ਤੋਂ ਸੂਬੇ ਦੀਆਂ ਖਰੀਦ ਏਜੰਸੀਆਂ ਅਤੇ ਐੱਫ਼. ਸੀ. ਆਈ. ਕੇਂਦਰੀ ਪੂਲ ਲਈ ਅਨਾਜ ਦੀ ਖਰੀਦ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਚੋਣ ਸਰਵੇਖਣ ਨੂੰ ਕੇਜਰੀਵਾਲ ਦਾ ਭਾੜੇ ਦਾ ਸਰਵੇਖਣ ਦੱਸਦੇ ਹੋਏ ਨਕਾਰਿਆ
ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਕਦੇ ਵੀ ਐੱਮ.ਐੱਸ.ਪੀ. ਦੀ ਅਦਾਇਗੀ ਨਾ ਹੋਣ ਦੀ ਸ਼ਿਕਾਇਤ ਨਹੀਂ ਕੀਤੀ ਅਤੇ ਸੂਬਾ ਸਰਕਾਰ ਇਨ੍ਹਾਂ ਆੜ੍ਹਤੀਆਂ ਰਾਹੀਂ ਹੀ ਕਿਸਾਨਾਂ ਨੂੰ ਆਨਲਾਈਨ ਅਦਾਇਗੀ ਯਕੀਨੀ ਬਣਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜ਼ਮੀਨ ਦੇ ਮਾਲਕਾਂ ਅਤੇ ਕਾਸ਼ਤਕਾਰਾਂ (ਠੇਕੇ ’ਤੇ ਜ਼ਮੀਨ ਲੈਣ ਵਾਲੇ) ਦੇ ਮਾਮਲੇ ਵਿਚ ਬੇਵਜ੍ਹਾ ਕਾਨੂੰਨੀ ਪੇਚੀਦਗੀਆਂ ਪੈਦਾ ਹੋ ਸਕਦੀਆਂ ਹਨ, ਖਾਸ ਕਰਕੇ ਕਿਸਾਨੀ ਅੰਦੋਲਨ ਦੌਰਾਨ। ਇਹ ਕਿਸਾਨਾਂ ਦਰਮਿਆਨ ਬੇਲੋੜੀ ਬੇਚੈਨੀ ਅਤੇ ਗੁੱਸੇ ਦਾ ਕਾਰਨ ਬਣ ਸਕਦੀ ਹੈ। ਇਸ ਦਿਸ਼ਾ ਵਿਚ ਪ੍ਰਸਤਾਵਿਤ ਦਿਸ਼ਾ-ਨਿਰਦੇਸ਼ਾਂ ਤਹਿਤ ਸਾਫਟਵੇਅਰ ਨੂੰ ਲਿਆਉਣ ਵਿਚ ਕਾਫੀ ਸਮਾਂ ਲੱਗੇਗਾ।