ਲੋਕਾਂ ਨੂੰ ਵਾਜਬ ਕੀਮਤਾਂ ''ਤੇ ਰੇਤਾ ਮੁਹੱਈਆ ਕਰਵਾਉਣ ਲਈ ਕੋਸ਼ਿਸ਼ਾਂ ਜਾਰੀ, ਮੁੱਖ ਸਕੱਤਰ ਨੇ ਦਿੱਤੇ ਇਹ ਨਿਰਦੇਸ਼
Monday, Nov 07, 2022 - 07:34 PM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਰੇਤੇ ਦੀ ਢੋਆ-ਢੁਆਈ ਦੇ ਪ੍ਰਬੰਧਨ ਨੂੰ ਬਿਹਤਰ ਬਣਾਉਣ ਦੇ ਨਿਰਦੇਸ਼ਾਂ ਦੇ ਚੱਲਦਿਆਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਟਰਾਂਸਪੋਰਟ ਤੇ ਖਣਨ ਵਿਭਾਗ ਨਾਲ ਮੀਟਿੰਗ ਕਰ ਕੇ ਰੇਤੇ ਵਾਲੇ ਵਾਹਨਾਂ ਉਤੇ ਸਖਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਦਿਆਂ ਰੇਤਾ ਲਿਜਾਣ ਵਾਲੇ ਵਾਹਨਾਂ ਜਿਵੇਂ ਟਿੱਪਰ, ਟਰੱਕ, ਟਰੇਲਰ ਆਦਿ ਦੀ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕੋਈ ਵਾਹਨ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰੇਤੇ ਦੀ ਕੀਮਤ 9 ਰੁਪਏ ਕਿਊਬਿਕ ਫੁੱਟ ਤੈਅ ਕੀਤੀ ਗਈ ਹੈ ਪਰ ਰੇਤੇ ਦੀ ਢੋਆ-ਢੁਆਈ ਵਾਲਿਆਂ ਵੱਲੋਂ ਜ਼ਿਆਦਾ ਕੀਮਤ ਵਸੂਲਣ ਨਾਲ ਲੋਕਾਂ ਨੂੰ ਮਹਿੰਗਾ ਰੇਤਾ ਮਿਲਦਾ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਖਣਨ ਵਿਭਾਗ ਦੇ ਐਕਸੀਅਨ ਪੱਧਰ ਦੇ ਅਧਿਕਾਰੀਆਂ ਨੂੰ ਵਾਹਨਾਂ ਦੀ ਚੈਕਿੰਗ ਲਈ ਅਧਿਕਾਰਤ ਕੀਤਾ ਹੈ। ਉਨ੍ਹਾਂ ਇਸ ਕੰਮ ਨਾਲ ਜੁੜੇ ਟਰਾਂਸਪੋਰਟਰਾਂ ਨੂੰ ਵੀ ਚਿਤਾਵਨੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਨਕਦ ਇਨਾਮ ਜਿੱਤਣ ਦਾ ਮੌਕਾ, 10 ਨਵੰਬਰ ਤੋਂ ਪਹਿਲਾਂ ਕਰੋ ਇਹ ਕੰਮ
ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੂੰ ਇਹ ਵੀ ਆਖਿਆ ਗਿਆ ਹੈ ਕਿ ਰੇਤੇ ਦੀ ਢੋਆ-ਢੁਆਈ ਟਰੈਕਟਰ-ਟਰਾਲੀ ਰਾਹੀਂ ਕਰਨ ਲਈ ਕਾਨੂੰਨੀ ਤਰੀਕਾ ਲੱਭਿਆ ਜਾਵੇ ਕਿਉਂਕਿ ਖੇਤੀਬਾੜੀ ਲਈ ਟਰੈਕਟਰ-ਟਰਾਲੀ ਦੀ ਵਰਤੋਂ ਸਾਲ ਵਿਚ ਦੋ ਵਾਰ ਫ਼ਸਲ ਦੀ ਬਿਜਾਈ ਤੇ ਵਾਢੀ ਮੌਕੇ ਸੀਮਤ ਸਮੇਂ ਲਈ ਹੁੰਦੀ ਹੈ। ਇਸ ਨਾਲ ਜਿੱਥੇ ਕਿਸਾਨਾਂ ਨੂੰ ਵੀ ਆਰਥਿਕ ਮੱਦਦ ਮਿਲੇਗੀ ਉਥੇ ਲੋਕਾਂ ਨੂੰ ਵੀ ਵਾਜਬ ਕੀਮਤ ਉਤੇ ਰੇਤਾ ਮਿਲੇਗਾ। ਮੀਟਿੰਗ ਵਿਚ ਪ੍ਰਮੁੱਖ ਸਕੱਤਰ ਖਣਨ ਕ੍ਰਿਸ਼ਨ ਕੁਮਾਰ ਤੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਕਾਸ ਗਰਗ ਹਾਜ਼ਰ ਸਨ।