ED ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਨੇ ਚੋਣ ਕਮਿਸ਼ਨ ਦਾ ਕੀਤਾ ਰੁਖ਼, ਕਿਹਾ-ਸਿਆਸਤ ਤੋਂ ਪ੍ਰੇਰਿਤ ਹੈ ਛਾਪੇਮਾਰੀ
Thursday, Jan 20, 2022 - 06:37 PM (IST)
ਚੰਡੀਗੜ੍ਹ (ਬਿਊਰੋ)-ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਪੰਜਾਬ ’ਚ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ’ਚ ਕੀਤੀ ਛਾਪੇਮਾਰੀ ਨੂੰ ਲੈ ਕੇ ਹੰਗਾਮਾ ਮਚ ਗਿਆ ਹੈ। ਇਸ ਛਾਪੇਮਾਰੀ ਖ਼ਿਲਾਫ ਕਾਂਗਰਸ ਨੇ ਚੋਣ ਕਮਿਸ਼ਨ ਦਾ ਰੁਖ਼ ਕੀਤਾ ਹੈ। ਕਾਂਗਰਸ ਨੇ ਈ. ਡੀ. ਦੀ ਛਾਪੇਮਾਰੀ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਦਿਆਂ ਕਿਹਾ ਹੈ ਕਿ ਇਹ ਛਾਪੇਮਾਰੀ ਸਿਆਸਤ ਤੋਂ ਪ੍ਰੇਰਿਤ ਹੈ, ਇਸ ਲਈ ਇਸ ਸਬੰਧ ’ਚ ਈ. ਡੀ. ਨੂੰ ਹੁਕਮ ਜਾਰੀ ਕੀਤੇ ਜਾਣ। ਕਾਂਗਰਸ ਵੱਲੋਂ ਚੋਣ ਕਮਿਸ਼ਨ ਕੋਲ ਰਣਦੀਪ ਸੁਰਜੇਵਾਲਾ, ਅਭਿਸ਼ੇਕ ਮਨੂਸਿੰਘਵੀ ਤੇ ਹਰੀਸ਼ ਚੌਧਰੀ ਪਹੁੰਚੇ ਹਨ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਜਦੋਂ ਵੋਟਰ ਬਣਿਆ ਸਕਾ ਪਰ ਕਿਸਮਤ ਦੇ ਗਈ ਦਗ਼ਾ
ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚੰਨੀ ਤੇ ਕਾਂਗਰਸ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਆਪਣੇ ਪੱਧਰ ’ਤੇ ਇਸ ਮਾਮਲੇ ਦੀ ਜਾਣਕਾਰੀ ਲੈ ਕੇ ਸੁਣਵਾਈ ਕਰਨ ਦਾ ਭਰੋਸਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਬੀਤੇ ਦਿਨੀਂ ਨਾਜਾਇਜ਼ ਮਾਈਨਿੰਗ ਦੇ ਮਾਮਲੇ ਸਬੰਧੀ ਪੰਜਾਬ ਤੇ ਹਰਿਆਣਾ ’ਚ ਕਈ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਮੋਹਾਲੀ ਸਥਿਤ ਟਿਕਾਣਿਆਂ 'ਤੇ ਈ. ਡੀ. ਵੱਲੋਂ ਛਾਪੇਮਾਰੀ ਕੀਤੀ ਗਈ। ਮੋਹਾਲੀ ਤੋਂ ਇਲਾਵਾ ਲੁਧਿਆਣਾ ਅਤੇ ਪੰਚਕੂਲਾ 'ਚ ਵੀ ਛਾਪੇਮਾਰੀ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੰਘੀ ਏਜੰਸੀ ਦੇ ਅਧਿਕਾਰੀਆਂ ਵੱਲੋਂ ਚੰਡੀਗੜ੍ਹ, ਮੋਹਾਲੀ, ਪਠਾਨਕੋਟ ਤੇ ਲੁਧਿਆਣਾ 'ਚ ਦਰਜਨਾਂ ਸਥਾਨਾਂ ’ਤੇ ਛਾਪੇਮਾਰੀ ਕੀਤੀ ਗਈ।