ਵਫਦ ਨੇ ਮਹਾਰਾਣੀ ਪ੍ਰਨੀਤ ਕੌਰ ਨਾਲ ਕੀਤੀ ਮੁਲਾਕਾਤ

01/18/2018 4:07:49 PM

ਪਟਿਆਲਾ, ਰੱਖੜਾ (ਰਾਣਾ)-ਠੇਕਾ ਮੁਲਾਜ਼ਮ ਯੂਨੀਅਨ ਐਕਸ਼ਨ ਕਮੇਟੀ ਦੇ ਕਾਰਕੁੰਨਾਂ ਵੱਲੋਂ ਲੋਹੜੀ ਦੇ ਤਿਉਹਾਰ ਮੌਕੇ ਮੋਤੀ ਮਹਿਲ ਦਾ ਘਿਰਾਓ ਕਰ ਕੇ ਤੇ ਖਾਲੀ ਪੀਪੇ ਖੜ੍ਹਕਾ ਕੇ ਲੋਹੜੀ ਮੰਗਣੀ ਸੀ, ਇਸ ਐਕਸ਼ਨ ਨੂੰ ਟਾਲਣ ਲਈ ਪੁਲਸ ਵਿਭਾਗ ਦੇ ਐੱਸ. ਪੀ. ਕੇਸਰ ਸਿੰਘ ਵੱਲੋਂ ਮੁੱਖ ਮੰਤਰੀ ਤੱਕ ਸਮੁੱਚੀਆਂ ਮੰਗਾਂ ਸਬੰਧੀ ਸੁਨੇਹਾ ਪਹੁੰਚਾਉਣ ਲਈ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਭਰੋਸਾ ਦੁਆਇਆ ਗਿਆ ਸੀ, ਜਿਸਨੂੰ ਪੂਰਾ ਕਰਵਾਉਣ ਲਈ ਸਮੁੱਚੀ ਯੂਨੀਅਨ ਦੇ ਵਫ਼ਦ ਨੇ ਮੁੱਖ ਮੰਤਰੀ ਦੇ ਗ੍ਰਹਿ ਮੋਤੀ ਮਹਿਲ ਵਿਖੇ ਮਹਾਰਾਣੀ ਪ੍ਰਨੀਤ ਕੌਰ ਨਾਲ ਮੁਲਾਕਾਤ ਕੀਤੀ, ਜਿਥੇ ਉਨ੍ਹਾਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਦਿੱਤਾ। 
ਮਹਾਰਾਣੀ ਪ੍ਰਨੀਤ ਕੌਰ ਨੇ ਸਮੁੱਚੀਆਂ ਮੰਗਾਂ ਸਬੰਧੀ ਜਲਦੀ ਹੀ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਦਾ ਭਰੋਸਾ ਦੁਆਇਆ। ਇਸ ਮੌਕੇ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਪ੍ਰਵੀਨ ਸ਼ਰਮਾ, ਚਮਕੌਰ ਸਿੰਘ, ਦਵਿੰਦਰ ਸਿੰਘ, ਸੁਖਜਿੰਦਰ ਰਾਜੂ ਕੁਲਾਰਾਂ, ਚੰਨਪ੍ਰੀਤ ਸਿੰਘ ਹਾਜ਼ਰ ਸਨ। 
ਐਕਸ਼ਨ ਕਮੇਟੀ ਆਗੂਆਂ ਨੇ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਨੇ ਪੂਰੀ ਤਰ੍ਹਾਂ ਸਾਡੀਆਂ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦੁਆਇਆ ਹੈ। ਵਫ਼ਦ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਤੁਰੰਤ ਪੂਰੀਆਂ ਨਾ ਕੀਤੀਆਂ ਤੇ ਪ੍ਰਨੀਤ ਕੌਰ ਵੱਲੋਂ ਦੁਬਾਰਾ ਮੀਟਿੰਗ ਨਾ ਕੀਤੀ ਗਈ ਤਾਂ ਸਮੁੱਚੇ ਮੁਲਾਜ਼ਮ 24 ਜਨਵਰੀ ਨੂੰ ਜਲੰਧਰ ਵਿਖੇ ਕੈਪਟਨ ਅਮਰਿੰਦਰ ਸਿੰਘ ਦੇ ਵਾਅਦਿਆਂ ਦੇ ਇਕ ਸਾਲ ਪੂਰਾ ਹੋਣ 'ਤੇ ਕੇਕ ਕੱਟ ਕੇ ਵਾਅਦਾ ਖਿਲਾਫੀ ਦਿਵਸ ਮਨਾਉਣਗੇ।


Related News