ਕੋਰੋਨਾ ਮਹਾਮਾਰੀ ਵਿਰੁੱਧ ਲੜਾਈ ’ਚ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ : ਓ. ਪੀ. ਸੋਨੀ

Wednesday, May 06, 2020 - 09:22 PM (IST)

ਫਰੀਦਕੋਟ, (ਬਾਂਸਲ, ਜਸਬੀਰ ਕੌਰ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਮਾਰੀ ਵਿਰੁੱਧ ਜੰਗ ਲੜੀ ਜਾ ਰਹੀ ਹੈ ਅਤੇ ਇਸ ਲੜਾਈ ’ਤੇ ਜਿੱਤ ਪ੍ਰਾਪਤ ਕਰਨ ਲਈ ਸਮਾਜ ਦੇ ਸਾਰੇ ਵਰਗਾਂ ਅਤੇ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ. ਪੀ. ਸੋਨੀ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਉਪ ਕੁਲਪਤੀ ਡਾ. ਰਾਜ ਬਹਾਦਰ, ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਅਤੇ ਐੱਸ. ਐੱਸ. ਪੀ. ਮਨਜੀਤ ਸਿੰਘ ਢੇਸੀ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਕਾਲਜ ਦੇ ਅਧਿਕਾਰੀਆਂ ਨਾਲ ਕੋਰੋਨਾ (ਕੋਵਿਡ-19) ਦੀ ਸਥਿਤੀ ਦਾ ਜਾਇਜ਼ਾ ਲੈਣ, ਜ਼ਿਲੇ ਵਿਚ ਲੋੜਵੰਦਾਂ ਨੂੰ ਰਾਸ਼ਨ ਦੀ ਵੰਡ, ਆਮ ਨਾਗਰਿਕਾਂ ਨੂੰ ਕਰਫਿਊ ਦੌਰਾਨ ਜ਼ਰੂਰੀ ਵਸਤਾਂ ਦੀ ਸਪਲਾਈ, ਦੂਜੇ ਸੂਬਿਆਂ ਤੋਂ ਆਏ ਲੋਕਾਂ ਦੇ ਸੈਂਪਲ ਲੈਣ, ਉਨ੍ਹਾਂ ਦੀ ਟੈਸਟਿੰਗ ਸਮੇਤ ਵੱਖ-ਵੱਖ ਕੰਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਓ. ਪੀ. ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਰੋਨਾ ਵਿਰੁੱਧ ਜੰਗ ਪੂਰੀਆਂ ਤਿਆਰੀਆਂ ਅਤੇ ਜਜ਼ਬੇ ਨਾਲ ਲੜ ਰਹੀ ਹੈ। ਉਨ੍ਹਾਂ ਇਸ ਲੜਾਈ ਵਿਚ ਅੱਗੇ ਹੋ ਕੇ ਕੰਮ ਕਰਨ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਪੁਲਸ ਆਦਿ ਦੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਪੂਰੇ ਸੂਬੇ ਵਿਚ ਕਰਫਿਊ ਚੱਲ ਰਿਹਾ ਹੈ, ਪਰ ਇਸ ਦੇ ਬਾਵਜਦੂ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਉਨ੍ਹਾਂ ਦੇ ਘਰਾਂ ਤੱਕ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਗਰੀਬ ਅਤੇ ਲੋੜਵੰਦਾਂ ਨੂੰ ਸਰਕਾਰ ਅਤੇ ਸਵੈ ਸੇਵੀ ਸੰਸਥਾਵਾਂ ਵੱਲੋਂ ਲੋੜੀਂਦਾ ਰਾਸ਼ਨ, ਲੰਗਰ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਜ਼ੂਰ ਸਾਹਿਬ ਅਤੇ ਦੂਜੇ ਸੂਬਿਆਂ ਤੋਂ ਆਏ ਪੰਜਾਬ ਦੇ ਵਸਨੀਕਾਂ ਨੂੰ ਇਕਾਂਤਵਾਸ ਕੇਂਦਰਾਂ ਵਿਚ ਰੱਖਿਆ ਗਿਆ ਹੈ, ਜਿਨ੍ਹਾਂ ਦੀ ਗਿਣਤੀ 7000 ਹੈ ਜੋ ਕਿ ਹਜ਼ੂਰ ਸਾਹਿਬ ਤੋਂ ਆਏ ਹਨ ਅਤੇ ਇਸ ਤੋਂ ਇਲਾਵਾ ਦੂਜੇ ਸੂਬਿਆਂ ਤੋਂ ਆਈ ਲੇਬਰ ਵੀ ਹੈ। ਸਰਕਾਰ ਵਲੋਂ ਇਨ੍ਹਾਂ ਦੇ ਸੈਂਪਲ ਲੈ ਕੇ ਜੰਗੀ ਪੱਧਰ ’ਤੇ ਟੈਸਟਿੰਗ ਕੀਤੀ ਜਾ ਰਹੀ ਹੈ ਅਤੇ ਹੁਣ ਸੂਬੇ ਵਿਚ ਰੋਜ਼ਾਨਾ ਟੈਸਟਾਂ ਦੀ ਸਮਰੱਥਾ 2 ਹਜ਼ਾਰ ਤੱਕ ਪਹੁੰਚ ਚੁੱਕੀ ਹੈ ਅਤੇ ਇਸ ਨੂੰ ਆਉਂਦੇ ਦਿਨਾਂ ਵਿਚ ਤਿੱਗੁਣੀ ਕਰਨ ਦੀ ਯੋਜਨਾ ਹੈ ਅਤੇ ਇਸ ਸਬੰਧੀ ਸਾਰੇ ਉਪਕਰਨ ਵਿਦੇਸ਼ਾਂ ਤੋਂ ਮੰਗਵਾਏ ਜਾ ਰਹੇ ਹਨ।

ਇਸ ਮੌਕੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਫਰੀਦਕੋਟ ਜ਼ਿਲੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਕਰਫਿਊ ਦੌਰਾਨ ਲੋਕਾਂ ਦੀ ਸਹੂਲਤ ਲਈ ਰਾਸ਼ਨ ਦੀ ਸਪਲਾਈ, ਕਣਕ ਦੀ ਖਰੀਦ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਉਪ ਕੁਲਪਤੀ ਬਾਬਾ ਫਰੀਦ ਯੂਨੀਵਰਸਿਟੀ ਡਾ. ਰਾਜ ਬਹਾਦਰ ਨੇ ਸੋਨੀ ਨੂੰ ਦੱਸਿਆ ਕਿ ਯੂਨੀਵਰਸਿਟੀ ਦੀ ਵੀ. ਆਰ. ਡੀ. ਐੱਲ. ਲੈਬ ਵਿਚ ਫਰੀਦਕੋਟ, ਫਾਜ਼ਿਲਕਾ, ਬਠਿੰਡਾ, ਮੁਕਤਸਰ, ਮਾਨਸਾ, ਫਰੀਦਕੋਟ ਸਮੇਤ ਹੋਰ ਕਈ ਜ਼ਿਲਿਆਂ ਦੇ ਵੀ ਕੋਰੋਨਾ ਮਰੀਜ਼ਾਂ ਦੇ ਸੈਂਪਲ ਆ ਰਹੇ ਹਨ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਸਟਾਫ ਵਲੋਂ ਦਿਨ-ਰਾਤ ਟੈਸਟਿੰਗ ਜਾਰੀ ਹੈ ਅਤੇ ਹੁਣ ਤੱਕ 5 ਹਜ਼ਾਰ ਦੇ ਕਰੀਬ ਟੈਸਟ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਲੋੜਵੰਦਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਰਾਸ਼ਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਜ਼ਿਲਾ ਪੁਲਸ ਮੁਖੀ ਮਨਜੀਤ ਸਿੰਘ ਢੇਸੀ ਨੇ ਜ਼ਿਲੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪ੍ਰਿੰ. ਡਾ. ਦੀਪਕ ਜੋਹਨ ਭੱਟੀ ਅਤੇ ਹੋਰ ਸਟਾਫ ਵੀ ਹਾਜ਼ਰ ਸੀ।


Bharat Thapa

Content Editor

Related News