ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ’ਤੇ ਦੇਸ਼ ਦੇ ਕਿਸਾਨਾਂ ਨੂੰ ਭਰੋਸਾ ਨਹੀਂ : ਪ੍ਰੋ. ਚੰਦੂਮਾਜਰਾ

Thursday, Jan 14, 2021 - 01:06 AM (IST)

ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ’ਤੇ ਦੇਸ਼ ਦੇ ਕਿਸਾਨਾਂ ਨੂੰ ਭਰੋਸਾ ਨਹੀਂ : ਪ੍ਰੋ. ਚੰਦੂਮਾਜਰਾ

ਚੰਡੀਗੜ੍ਹ, (ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨ ਲਾਗੂ ਕਰਨ ਖ਼ਿਲਾਫ਼ ਲਾਈ ਰੋਕ ਦਾ ਸਵਾਗਤ ਕਰਦਿਆਂ ਇਸ ਨੂੰ ਕਿਸਾਨਾਂ ਦੀ ਵੱਡੀ ਜਿੱਤ ਕਰਾਰ ਦਿੱਤਾ। ਚੰਦੂਮਾਜਰਾ ਨੇ ਕਿਹਾ ਕਿ ਇਸ ਮੌਕੇ ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ ਦਾ ਹੱਲ ਕੱਢਣ ਲਈ ਕਮੇਟੀ ਬਣਾਉਣ ਵਾਲਾ ਫ਼ੈਸਲਾ ਗੈਰ-ਭਰੋਸੇਯੋਗ ਅਤੇ ਪੱਖਪਾਤੀ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਵਿਚ ਸ਼ਾਮਲ ਵਿਅਕਤੀਆਂ ’ਤੇ ਦੇਸ਼ ਦੇ ਕਿਸਾਨਾਂ ਨੂੰ ਭਰੋਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਮੇਟੀ ਵਿਚ ਸ਼ਾਮਲ ਸਾਰੇ ਹੀ ਵਿਅਕਤੀ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਦੇ ਪੱਖ ਵਿਚ ਭੁਗਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਾਨੂੰਨਾਂ ਦਾ ਦੇਸ਼ ਵਿਚ ਹੀ ਨਹੀਂ ਬਲਕਿ ਪੂਰੇ ਸੰਸਾਰ ਵਿਚ ਵਿਰੋਧ ਹੋ ਰਿਹਾ ਹੈ ਪਰ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ’ਚ ਸ਼ਾਮਲ ਮੈਂਬਰ ਕਾਨੂੰਨਾਂ ਨੂੰ ਸਹੀ ਦੱਸ ਰਹੇ ਹਨ। ਅਜਿਹੀ ਕਮੇਟੀ ਤੋਂ ਦੇਸ਼ ਦੇ ਕਿਸਾਨਾਂ ਨੂੰ ਇਨਸਾਫ਼ ਦੀ ਆਸ ਨਹੀਂ, ਜੋ ਪਹਿਲਾਂ ਹੀ ਸਰਕਾਰ ਦੀ ਬੋਲੀ ਬੋਲ ਰਹੀ ਹੈ। ਇਕਪਾਸੜ ਨਜ਼ਰੀਏ ਵਾਲੇ ਵਿਅਕਤੀਆਂ ਨੂੰ ਕਮੇਟੀ ਦਾ ਹਿੱਸਾ ਬਣਾਉਣਾ ਮਸਲੇ ਨੂੰ ਹੋਰ ਵੀ ਗੰਭੀਰ ਬਣਾਉਣ ਦੇ ਬਰਾਬਰ ਹੈ।
ਚੰਦੂਮਾਜਰਾ ਨੇ ਕਿਸਾਨਾਂ ਵਲੋਂ 26 ਜਨਵਰੀ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕੱਢੀ ਜਾ ਰਹੀ ਟਰੈਕਟਰ ਰੈਲੀ ਨੂੰ ਉਨ੍ਹਾਂ ਦਾ ਜਮਹੂਰੀ ਹੱਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਆਪਣੇ ਢੰਗ-ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰਨਾ ਦਾ ਪੂਰਾ ਹੱਕ ਹੈ।


author

Bharat Thapa

Content Editor

Related News