ਮੋਬਾਇਲ ਫੋਨ ਦੀ ਰਿਕਾਰਡਿੰਗ ਨਾਲ ਮਿਲਾਏ ਜਾਣਗੇ ਵਿਜੇ ਸਿੰਗਲਾ ਦੀ ਆਵਾਜ਼ ਦੇ ਨਮੂਨੇ, ਅਦਾਲਤ ਨੇ ਦਿੱਤੀ ਇਜਾਜ਼ਤ

05/28/2022 5:56:41 PM

ਮੋਹਾਲੀ/ਰੂਪਨਗਰ (ਪਰਦੀਪ, ਕੈਲਾਸ਼)- ਮੋਹਾਲੀ ਦੀ ਇਕ ਅਦਾਲਤ ਨੇ ਪੰਜਾਬ ਦੇ ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਬੀਤੇ ਦਿਨ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। 25 ਮਈ ਨੂੰ ਡਾ. ਸਿੰਗਲਾ ਅਤੇ ਉਸ ਦੇ ਓ. ਐੱਸ. ਡੀ. ਪ੍ਰਦੀਪ ਕੁਮਾਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਨੂੰ ਬਰਖ਼ਾਸਤ ਕੀਤਾ ਸੀ। ਇਸ ਤੋਂ ਪਹਿਲਾਂ ਅਦਾਲਤ ਨੇ ਉਸ ਨੂੰ ਸ਼ੁੱਕਰਵਾਰ ਤਕ ਤਿੰਨ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਸੀ। ਸ਼ੁੱਕਰਵਾਰ ਉਸ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਗਿਆ। ਸੁਣਵਾਈ ਦੀ ਅਗਲੀ ਤਰੀਕ 10 ਜੂਨ ਤੈਅ ਕੀਤੀ ਗਈ ਹੈ।

ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਦੇ ਕਤਲ ਕਾਂਡ 'ਚ ਪੁਲਸ ਹੱਥ ਲੱਗੇ ਅਹਿਮ ਸੁਰਾਗ, ਗ੍ਰਿਫ਼ਤਾਰ ਮੁਲਜ਼ਮਾਂ ਤੋਂ ਖੁੱਲ੍ਹੀਆਂ ਹੋਰ ਪਰਤਾਂ

ਪੁਲਸ ਨੇ ਉਸ ਦੀ ਆਵਾਜ਼ ਦੇ ਨਮੂਨੇ ਲੈਣ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰੀ ਦੇ ਦਿੱਤੀ ਸੀ। ਆਵਾਜ਼ ਦੇ ਨਮੂਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਿਚ ਡੈਪੂਟੇਸ਼ਨ ’ਤੇ ਤਾਇਨਾਤ ਸ਼ਿਕਾਇਤਕਰਤਾ ਰਜਿੰਦਰ ਸਿੰਘ ਸੁਪਰਡੈਂਟ ਇੰਜੀਨੀਅਰ ਵਲੋਂ ਮੋਬਾਈਲ ਫੋਨ ਦੀ ਰਿਕਾਰਡਿੰਗ ਨਾਲ ਮਿਲਾਏ ਜਾਣਗੇ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਪੰਜਾਬ ਭਵਨ ਦੇ ਕਮਰਾ ਨੰਬਰ 203 ਦੀ ਤਲਾਸ਼ੀ ਲਈ ਹੈ ਅਤੇ ਮਾਮਲੇ ਨਾਲ ਸਬੰਧਤ ਕਈ ਦਸਤਾਵੇਜ ਜ਼ਬਤ ਕੀਤੇ ਹਨ, ਜਿਨ੍ਹਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਪੁਲਸ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਉਨ੍ਹਾਂ ਕਮਰਿਆਂ ਦੀ ਸੀ. ਡੀ. ਆਰ. ਅਤੇ ਸੀ. ਸੀ. ਟੀ. ਵੀ. ਫੁਟੇਜ ਪ੍ਰਾਪਤ ਕਰ ਲਈ ਹੈ, ਜਿੱਥੇ ਸਿੰਗਲਾ ਅਤੇ ਉਸਦੇ ਓ. ਐੱਸ. ਡੀ. ਨੇ ਕਥਿਤ ਤੌਰ ’ਤੇ ਕਮਿਸ਼ਨ ਦੀ ਮੰਗ ਕੀਤੀ ਸੀ। ਅਦਾਲਤ ’ਚ ਪੇਸ਼ ਹੋਣ ਤੋਂ ਬਾਅਦ ਸਿੰਗਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੈਨੂੰ ਆਪਣੀ ਪਾਰਟੀ ਅਤੇ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ ਅਤੇ ਮੈਂ ਮਾਮਲੇ ’ਚੋਂ ਸਾਫ਼-ਸੁਥਰਾ ਬਾਹਰ ਆਵਾਂਗਾ। ਪ੍ਰਦੀਪ ਕੁਮਾਰ ਨੂੰ ਵੀ 10 ਜੂਨ ਤਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਜ਼ਿਮਨੀ ਚੋਣ ਨੂੰ ਲੈ ਕੇ ਸੰਗਰੂਰ ਹਲਕਾ ਚਰਚਾ 'ਚ, ਇਸ ਸੀਟ ਨੇ ਪੰਜਾਬ ਨੂੰ ਦਿੱਤੇ ਹਨ ਤਿੰਨ ਮੁੱਖ ਮੰਤਰੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri