ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ, MSP ’ਤੇ ਮੂੰਗੀ ਦੀ ਖ਼ਰੀਦ ਦੀ ਮਿਤੀ ਵਧਾਈ
Thursday, Aug 04, 2022 - 11:22 AM (IST)
ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ)- ਸੂਬੇ ਭਰ ਦੇ ਮੂੰਗੀ ਦੇ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰਮੀਆਂ ਦੀ ਮੂੰਗੀ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਖ਼ਰੀਦ ਦੀ ਮਿਤੀ 10 ਅਗਸਤ ਤੱਕ ਵਧਾ ਦਿੱਤੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਵਿਚ ਘੱਟੋ-ਘੱਟ ਸਮਰਥਨ ਮੁੱਲ ’ਤੇ ਮੂੰਗੀ ਦੀ ਫ਼ਸਲ ਦੀ ਖ਼ਰੀਦ 31 ਜੁਲਾਈ ਨੂੰ ਖ਼ਤਮ ਹੋਣੀ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਦੀ ਸਹੂਲਤ ਦੇਣ ਲਈ ਸੂਬਾ ਸਰਕਾਰ ਨੇ ਇਸ ਖ਼ਰੀਦ ਸੀਜ਼ਨ ਨੂੰ 10 ਅਗਸਤ ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਕਿਸਾਨਾਂ ਨੇ ਅਜੇ ਤੱਕ ਆਪਣੀ ਫ਼ਸਲ ਨਹੀਂ ਵੇਚੀ, ਉਹ ਹੁਣ ਵਧੀ ਤਰੀਕ ਤੱਕ ਇਸ ਨੂੰ ਮੰਡੀਆਂ ਵਿਚ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਖ਼ਰੀਦ ਲਈ ਰਾਜ ਦੀ ਨੋਡਲ ਏਜੰਸੀ ਮਾਰਕਫੈੱਡ ਦੇ ਪ੍ਰਬੰਧ ਨਿਰਦੇਸਕ (ਐੱਮ. ਡੀ.) ਰਾਮਵੀਰ ਨੂੰ ਇਸ ਸਬੰਧੀ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਅਨੋਖਾ ਪਿਆਰ! ਵਿਆਹ ਕਰਵਾਉਣ ਲਈ ਜਲੰਧਰ ਦਾ ਸ਼ੁਭਮ ਬਣਿਆ 'ਜੀਆ', ਹੁਣ ਪਈ ਰਿਸ਼ਤੇ 'ਚ ਤਰੇੜ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮੂੰਗੀ ਦੇ ਦਾਣੇ ਦੇ ਸੁੰਗੜਨ ਕਾਰਨ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ’ਤੇ ਵੇਚੀ ਗਈ ਮੂੰਗੀ ਦੀ ਫ਼ਸਲ ਲਈ 1000 ਰੁਪਏ ਪ੍ਰਤੀ ਕੁਇੰਟਲ ਤੱਕ ਦੀ ਰਾਸ਼ੀ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਉਨ੍ਹਾਂ ਸਾਰੇ ਮੂੰਗੀ ਕਾਸ਼ਤਕਾਰਾਂ ਨੂੰ ਵੀ ਦਿੱਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਫਸਲ ਪਹਿਲਾਂ ਹੀ ਵਪਾਰੀਆਂ ਨੂੰ ਵੇਚ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਅਧਿਕਾਰੀਆਂ ਨੂੰ ਹਦਾਇਤ ਕਰ ਚੁੱਕੇ ਹਨ ਕਿ ਸਬੰਧਤ ਕਿਸਾਨਾਂ ਨੂੰ ਇਸ ਰਾਸ਼ੀ ਦੀ ਅਦਾਇਗੀ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਸੂਬਾ ਸਰਕਾਰ ਨੇ ਸੂਬੇ ਵਿਚ 4807 ਮੀਟ੍ਰਿਕ ਟਨ ਗਰਮੀਆਂ ਦੀ ਮੂੰਗੀ ਦੀ ਖਰੀਦ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਲਈ 32.23 ਕਰੋੜ ਰੁਪਏ ਦੀ ਅਦਾਇਗੀ ਜਾਰੀ ਕੀਤੀ ਗਈ ਹੈ, ਜੋ ਕੁੱਲ ਅਦਾਇਗੀ ਦਾ 92.15 ਫੀਸਦੀ ਬਣਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਅਦਾਇਗੀ ਵੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਖਹਿਰਾ ਦੀ ਭਗਵੰਤ ਮਾਨ ਤੇ ਕੁਲਦੀਪ ਧਾਲੀਵਾਲ ਨੂੰ ਚੁਣੌਤੀ, ਕਿਹਾ-ਦਮ ਹੈ ਤਾਂ LPU ਮਾਮਲੇ ਦੀ ਕਰੋ ਜਾਂਚ
ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਮੁੱਖ ਮੰਤਰੀ ਦੀਆਂ ਮਿਸਾਲੀ ਪਹਿਲਕਦਮੀ ਤਹਿਤ ਗਰਮੀਆਂ ਦੀ ਮੂੰਗੀ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਕਿਸਾਨਾਂ ਤੋਂ ਸਿੱਧਾ 7275 ਰੁਪਏ ਪ੍ਰਤੀ ਕੁਇੰਟਲ ਤਹਿਤ ਖ਼ਰੀਦ ਸ਼ੁਰੂ ਕੀਤੀ ਸੀ। ਇਸ ਉਪਰਾਲੇ ਨਾਲ ਕਿਸਾਨਾਂ ਨੂੰ ਕਣਕ ਦੀ ਵਾਢੀ ਅਤੇ ਝੋਨੇ ਦੀ ਕਾਸ਼ਤ ਦੇ ਸਮੇਂ ਦੌਰਾਨ ਔਸਤਨ ਪ੍ਰਤੀ ਏਕੜ ਪੰਜ ਕੁਇੰਟਲ ਝਾੜ ਦੇ ਲਿਹਾਜ਼ ਨਾਲ 36 ਹਜ਼ਾਰ ਰੁਪਏ ਦੀ ਵਾਧੂ ਆਮਦਨ ਹੋਵੇਗੀ। ਮੁੱਖ ਮੰਤਰੀ ਵਲੋਂ ਕੀਤੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਦਿੰਦਿਆਂ ਸੂਬੇ ਦੇ ਕਿਸਾਨਾਂ ਨੇ ਇਸ ਸਾਲ ਲਗਭਗ ਇਕ ਲੱਖ ਏਕੜ ਰਕਬੇ ਵਿਚ ਗਰਮੀਆਂ ਦੀ ਮੂੰਗੀ ਦੀ ਬਿਜਾਈ ਕੀਤੀ ਹੈ, ਜਦਕਿ ਪਿਛਲੇ ਸਾਲ ਇਹ 50,000 ਏਕੜ ਰਕਬੇ ਵਿਚ ਸੀ।
ਇਹ ਵੀ ਪੜ੍ਹੋ: ਜਲੰਧਰ ਵਿਖੇ ਗੁਰਦੁਆਰਾ ਸਾਹਿਬ 'ਚ ਕੁੜੀ ਨੇ ਕੀਤੀ ਬੇਅਦਬੀ ਦੀ ਕੋਸ਼ਿਸ਼, ਘਟਨਾ CCTV 'ਚ ਹੋਈ ਕੈਦ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ