ਕਿਸਾਨ ਕਰਜ਼ਾ ਮੁਆਫੀ ਦੇ ਦੂਜੇ ਪੜਾਅ ''ਚ 600 ਕਰੋੜ ਰੁਪਏ ਵੰਡਣ ਦਾ ਫੈਸਲਾ
Sunday, Feb 18, 2018 - 07:19 AM (IST)

ਜਲੰਧਰ (ਧਵਨ) - ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਿਸਾਨ ਕਰਜ਼ਾ ਮੁਆਫੀ ਦੇ ਦੂਜੇ ਪੜਾਅ ਦੀ ਮੁਹਿੰਮ ਦੇ ਤਹਿਤ 600 ਕਰੋੜ ਰੁਪਿਆ ਕਿਸਾਨਾਂ 'ਚ ਵੰਡਿਆ ਜਾਣਾ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਸੰਬੰਧ 'ਚ ਸਰਕਾਰੀ ਅਧਿਕਾਰੀਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸਰਕਾਰੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਮਾਰਚ ਦੇ ਸ਼ੁਰੂ 'ਚ ਅੰਮ੍ਰਿਤਸਰ, ਜਲੰਧਰ ਅਤੇ ਗੁਰਦਾਸਪੁਰ 'ਚ ਇਕੱਠਿਆਂ ਹੀ ਇਸ ਮੁਹਿੰਮ ਨੂੰ ਸ਼ੁਰੂ ਕੀਤਾ ਜਾਵੇਗਾ। ਪਤਾ ਲੱਗਾ ਹੈ ਕਿ ਅਜੇ ਤਕ ਸਰਕਾਰ ਨੇ ਪਹਿਲੇ ਪੜਾਅ 'ਚ ਇਸ ਯੋਜਨਾ ਦੇ ਤਹਿਤ 160 ਕਰੋੜ ਰੁਪਏ ਦੀ ਰਾਸ਼ੀ ਦੀ ਵੰਡ ਕੀਤੀ ਹੈ। ਦੂਜੇ ਪੜਾਅ 'ਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਾਰਟੀ ਵਿਧਾਇਕਾਂ ਨੂੰ ਕਿਸਾਨ ਕਰਜ਼ਾ ਮੁਆਫੀ ਮੁਹਿੰਮ 'ਤੇ ਪੂਰੀ ਨਜ਼ਰ ਰੱਖਣ ਦੀ ਛੂਟ ਦਿੱਤੀ ਹੈ ਕਿਉਂਕਿ ਪਹਿਲੇ ਪੜਾਅ ਦੀ ਮੁਹਿੰਮ 'ਚ ਇਹ ਗੱਲ ਸਾਹਮਣੇ ਆਈ ਸੀ ਕਿ ਕੁਝ ਫਰਜ਼ੀ ਲੋਕ ਵੀ 2-2 ਲੱਖ ਰੁਪਏ ਦੀ ਕਰਜ਼ਾ ਮੁਆਫੀ ਦਾ ਲਾਭ ਉਠਾਉਣਾ ਚਾਹੁੰਦੇ ਹਨ। ਦੂਜੇ ਪੜਾਅ 'ਚ ਉਨ੍ਹਾਂ ਕਿਸਾਨਾਂ 'ਤੇ ਨਜ਼ਰ ਰੱਖੀ ਜਾਵੇਗੀ, ਜੋ ਕਿਸਾਨ ਕਰਜ਼ਾ ਮੁਆਫੀ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕਰਦੇ। ਇਸ ਤਰ੍ਹਾਂ ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਪੰਜਾਬ ਤੋਂ ਬਾਹਰ ਵੀ ਹਨ, ਉਨ੍ਹਾਂ 'ਤੇ ਵੀ ਨਜ਼ਰ ਰਹੇਗੀ। ਨਵੇਂ ਨਿਯਮਾਂ ਅਨੁਸਾਰ ਕਿਸਾਨਾਂ ਨੂੰ ਸੈਲਫ ਸਰਟੀਫਿਕੇਟ ਦੇਣੇ ਹੋਣਗੇ ਕਿ ਉਹ ਇਸ ਯੋਜਨਾ ਦੀਆਂ ਸ਼ਰਤਾਂ ਨੂੰ ਪੂਰਾ ਕਰਦੇ ਹਨ। ਇਸ ਨਾਲ ਉਨ੍ਹਾਂ ਨੂੰ ਪ੍ਰਸ਼ਾਸਨਿਕ ਦਫਤਰਾਂ ਦੇ ਚੱਕਰ ਕੱਟਣ ਤੋਂ ਮੁਕਤੀ ਮਿਲ ਸਕਦੀ ਹੈ।