ਅਮਰਿੰਦਰ ਸਰਕਾਰ ਵੱਲੋਂ ਕਰਜ਼ਾ ਮੁਆਫੀ ਦੇ ਤੀਜੇ ਪੜਾਅ ''ਚ 200 ਕਰੋੜ ਦੀ ਰਾਹਤ ਦੇਣ ਦਾ ਫੈਸਲਾ

Thursday, Apr 05, 2018 - 08:08 AM (IST)

ਅਮਰਿੰਦਰ ਸਰਕਾਰ ਵੱਲੋਂ ਕਰਜ਼ਾ ਮੁਆਫੀ ਦੇ ਤੀਜੇ ਪੜਾਅ ''ਚ 200 ਕਰੋੜ ਦੀ ਰਾਹਤ ਦੇਣ ਦਾ ਫੈਸਲਾ

ਜਲੰਧਰ (ਧਵਨ) - ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੂਬੇ 'ਚ ਸ਼ੁਰੂ ਕੀਤੀ ਗਈ ਕਿਸਾਨ ਕਰਜ਼ਾ ਮੁਆਫੀ ਯੋਜਨਾ ਅਧੀਨ ਹੁਣ ਤੀਜਾ ਪੜਾਅ 5 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਇਸ ਸਬੰਧੀ ਗੁਰਦਾਸਪੁਰ ਵਿਚ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ 6 ਜ਼ਿਲਿਆਂ ਦੇ ਲੱਗਭਗ 50 ਹਜ਼ਾਰ ਕਿਸਾਨਾਂ ਨੂੰ ਕਰਜ਼ਾ ਮੁਆਫੀ ਤਹਿਤ 200 ਕਰੋੜ ਰੁਪਏ ਦੀ ਰਾਹਤ ਦਿੱਤੀ ਜਾਵੇਗੀ। ਸਰਕਾਰੀ ਹਲਕਿਆਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਜ਼ਾ ਮੁਆਫੀ ਪ੍ਰੋਗਰਾਮ ਵਿਚ ਸ਼ਾਮਲ ਹੋ ਕੇ ਖੁਦ ਕਿਸਾਨਾਂ ਨੂੰ ਮੁਆਫੀ ਦੇ ਸਰਟੀਫਿਕੇਟ ਦੇਣਗੇ। ਸਰਕਾਰ ਗੁਰਦਾਸਪੁਰ ਵਿਚ ਹੋਣ ਜਾ ਰਹੇ ਕਿਸਾਨ ਕਰਜ਼ਾ ਮੁਆਫੀ ਦੇ ਤੀਜੇ ਪੜਾਅ ਨੂੰ ਸਫਲ ਬਣਾਉਣ ਲਈ ਪੂਰਾ ਜ਼ੋਰ ਲਾ ਰਹੀ ਹੈ, ਕਿਉਂਕਿ ਗੁਰਦਾਸਪੁਰ ਖਿੱਤਾ ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਦਾ ਲੋਕ ਸਭਾ ਹਲਕਾ ਹੈ।
ਸਰਕਾਰੀ ਹਲਕਿਆਂ ਨੇ ਦੱਸਿਆ ਕਿ ਅਮਰਿੰਦਰ ਸਰਕਾਰ ਪਹਿਲੇ ਪੜਾਅ ਵਿਚ ਮਾਨਸਾ, ਬਠਿੰਡਾ, ਫਰੀਦਕੋਟ, ਮੁਕਤਸਰ ਅਤੇ ਮੋਗਾ ਜ਼ਿਲਿਆਂ ਦੇ 46556 ਕਿਸਾਨਾਂ ਦਾ 167.39 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰ ਚੁੱਕੀ ਹੈ। ਦੂਜੇ ਪੜਾਅ ਵਿਚ ਜਲੰਧਰ ਨੇੜੇ ਨਕੋਦਰ ਵਿਚ ਸੂਬਾ ਪੱਧਰੀ ਕਿਸਾਨ ਕਰਜ਼ਾ ਮੁਆਫੀ ਪ੍ਰੋਗਰਾਮ ਹੋਇਆ ਸੀ, ਜਿਸ ਵਿਚ ਜਲੰਧਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ 29192 ਕਿਸਾਨਾਂ ਦਾ 162.16 ਕਰੋੜ ਦਾ ਕਰਜ਼ਾ ਮੁਆਫ ਕੀਤਾ ਗਿਆ ਸੀ।
ਸਰਕਾਰੀ ਹਲਕਿਆਂ ਨੇ ਦੱਸਿਆ ਕਿ ਹੁਣ ਤੀਜੇ ਪੜਾਅ ਵਿਚ ਗੁਰਦਾਸਪੁਰ ਵਿਚ ਉਲੀਕੇ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਜ਼ਿਲਿਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਕਰਜ਼ਾ ਮੁਆਫੀ ਪ੍ਰੋਗਰਾਮ ਵਿਚ ਸ਼ਾਮਲ ਕੀਤਾ ਹੈ। ਇਸ ਵਿਚ ਸ਼ਾਮਲ ਕੀਤੇ ਜਾ ਰਹੇ ਕਿਸਾਨਾਂ ਦੀ ਚੋਣ ਕਰਜ਼ਾ ਮੁਆਫੀ ਲਈ ਕੀਤੀ ਜਾ ਚੁੱਕੀ ਹੈ। ਇਸ ਕੰਮ ਵਿਚ ਸਰਕਾਰ ਨੇ ਪਾਰਟੀ ਵਿਧਾਇਕਾਂ ਨੂੰ ਵੀ ਸ਼ਾਮਲ ਕੀਤਾ ਸੀ ਤੇ ਉਨ੍ਹਾਂ ਦੀ ਵੈਰੀਫਿਕੇਸ਼ਨ ਤੋਂ ਬਾਅਦ ਸੂਚੀਆਂ ਤਿਆਰ ਕੀਤੀਆਂ ਗਈਆਂ, ਕਿਉਂਕਿ ਮੁੱਖ ਮੰਤਰੀ ਨੇ ਇਹ ਫੈਸਲਾ ਲਿਆ ਸੀ ਕਿ ਵਿਧਾਇਕਾਂ ਨੂੰ ਆਪਣੇ ਹਲਕੇ ਵਿਚ ਲੋਕ ਕਿਸਾਨਾਂ ਬਾਰੇ ਜ਼ਿਆਦਾ ਜਾਣਕਾਰੀ ਹੁੰਦੀ ਹੈ। ਪ੍ਰੋਗਰਾਮ ਵਿਚ ਸੂਬਾ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਵੀ ਸ਼ਾਮਲ ਹੋਣਗੇ।


Related News