ਨਹਿਰ ''ਚ ਪਏ ਪਾੜ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

Friday, Jun 30, 2017 - 06:56 AM (IST)

ਨਹਿਰ ''ਚ ਪਏ ਪਾੜ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਤਰਨਤਾਰਨ,   (ਰਾਜੂ)-  ਕਸਬਾ ਸਰਹਾਲੀ ਦੇ ਨੇੜੇ ਪਿੰਡ ਖਾਰਾ ਵਿਖੇ ਨਹਿਰ ਵਿਚ ਪਏ ਪਾੜ ਨਾਲ ਹੋਏ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿਵਾਇਆ।
 ਇਸ ਮੌਕੇ ਉਨ੍ਹਾਂ ਨਾਲ ਐੱਸ. ਡੀ. ਐੱਮ. ਸੁਰਿੰਦਰ ਸਿੰਘ ਸਮੇਤ ਜ਼ਿਲੇ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ। ਇਸ ਸਮੇਂ ਡਿਪਟੀ ਕਮਿਸ਼ਨਰ ਨੇ ਮੌਜੂਦ ਸਿੰਚਾਈ, ਨਹਿਰੀ ਤੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਹਿਰ ਵਿਚ ਪਏ ਪਾੜ ਨੂੰ ਬਿਨਾਂ ਕਿਸੇ ਦੇਰੀ ਦੇ ਬੰਨ੍ਹਿਆ ਜਾਵੇ ਤਾਂ ਜੋ ਕਿਸਾਨਾਂ ਦੀਆਂ ਫਸਲਾਂ ਦਾ ਹੋਰ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਨਹਿਰ ਵਿਚ ਪਿਆ ਇਹ ਪਾੜ ਚੰਗੀ ਤਰ੍ਹਾਂ ਨਾਲ ਬੰਦ ਨਹੀਂ ਕੀਤਾ ਜਾਂਦਾ, ਓਨੀ ਦੇਰ ਤੱਕ ਅਧਿਕਾਰੀ ਇੱਥੇ ਮੌਜੂਦ ਰਹਿਣਗੇ। ਡਿਪਟੀ ਕਮਿਸ਼ਨਰ ਨੇ ਇਸ ਸਮੇਂ ਪਿੰਡ ਬਲਿਆਂਵਾਲਾ ਅਤੇ ਸਰਹਾਲੀ ਦੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਪਿੰਡ ਦੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜਿਹੜੇ ਕਿਸਾਨਾਂ ਦੀ ਫਸਲ ਨਹਿਰ ਦੇ ਪਾਣੀ ਦੀ ਮਾਰ ਹੇਠ ਆਈ ਹੈ, ਉਸ ਦੀ ਰਿਪੋਰਟ ਤਿਆਰ ਕਰਨ ਲਈ ਐੱਸ. ਡੀ. ਐੱਮ. ਪੱਟੀ ਨੂੰ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਰਿਪੋਰਟ ਦੇ ਆਧਾਰ 'ਤੇ ਸਹਾਇਤਾ ਦਿੱਤੀ ਜਾ ਸਕੇ।  ਨਹਿਰ ਦੀ ਸਫਾਈ ਬਾਰੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨਹਿਰ ਦੀ ਸਫਾਈ ਲਈ 40 ਲੱਖ ਰੁਪਏ ਦਾ ਐਸਟੀਮੇਟ ਤਿਆਰ ਕੀਤਾ ਗਿਆ ਹੈ ਅਤੇ ਇਹ ਐਸਟੀਮੇਟ ਨਹਿਰੀ ਵਿਭਾਗ ਨੂੰ ਭੇਜਿਆ ਜਾ ਰਿਹਾ ਹੈ ਤਾਂ ਜੋ ਇਸ ਨਹਿਰ ਦੀ ਚੰਗੀ ਤਰ੍ਹਾਂ ਨਾਲ ਸਫਾਈ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਸੀਜ਼ਨ ਦੌਰਾਨ ਕਿਸੇ ਵੀ ਅਧਿਕਾਰੀ ਦੀ ਲਾਪ੍ਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 


Related News