ਗੁਰਮਤਿ ਦੀ ਰੌਸ਼ਨੀ ''ਚ ਜੀਣ ਦੀ ਚਾਹਤ ਅਧਿਆਤਮਕ ਤੇ ਸਮਾਜਿਕ ਤੌਰ ''ਤੇ ਕਰ ਸਕਦੀ ਹੈ ਪ੍ਰਸੰਨ : ਪ੍ਰੋ. ਬਡੂੰਗਰ

Saturday, Aug 05, 2017 - 01:27 PM (IST)


ਅੰਮ੍ਰਿਤਸਰ(ਦੀਪਕ/ ਬਿਊਰੋ)-ਧਰਮ ਪ੍ਰਚਾਰ ਲਹਿਰ ਨੂੰ ਮਾਝੇ ਖੇਤਰ ਅੰਦਰ ਪ੍ਰਚੰਡ ਕਰਨ ਲਈ ਬਾਬਾ ਨਿਧਾਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰਮਤਿ ਦੀ ਰੌਸ਼ਨੀ ਵਿਚ ਜੀਣ ਦੀ ਚਾਹਤ ਸਾਨੂੰ ਅਧਿਆਤਮਕ ਤੇ ਸਮਾਜਿਕ ਤੌਰ 'ਤੇ ਪ੍ਰਸੰਨ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਸਮਾਜ ਵਿਚ ਫੈਲੀਆਂ ਕੁਰੀਤੀਆਂ ਨਾਲ ਪੈਦਾ ਹੋਏ ਅਸੰਤੁਲਨ ਨੂੰ ਦੂਰ ਕਰਨ ਲਈ ਗੁਰਮਤਿ ਜੁਗਤ ਨੂੰ ਅਪਣਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਗੁਰਬਾਣੀ ਵਿਚੋਂ ਸਾਨੂੰ ਮਨੁੱਖੀ ਜੀਵਨ ਦੇ ਹਰ ਪੱਖ ਨਾਲ ਸਬੰਧਤ ਸੇਧ ਪ੍ਰਾਪਤ ਹੁੰਦੀ ਹੈ ਪਰ ਇਸ ਲਈ ਸਾਨੂੰ ਗੁਰਬਾਣੀ ਦੀ ਵਿਚਾਰਧਾਰਾ ਨੂੰ ਅਮਲ ਵਿਚ ਲਿਆਉਣਾ ਪਵੇਗਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਦਾ ਮਕਸਦ ਵੀ ਸੰਗਤ ਨੂੰ ਗੁਰਮਤਿ ਨਾਲ ਜੋੜਨਾ ਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਾਝਾ ਇਲਾਕੇ ਅੰਦਰ ਧਰਮ ਪ੍ਰਚਾਰ ਲਹਿਰ ਦੀ ਅਗਵਾਈ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਕਰਨਗੇ। 
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿੱਖ ਧਰਮ ਅੰਦਰ ਵਹਿਮਾਂ-ਭਰਮਾਂ ਅਤੇ ਪਾਖੰਡਵਾਦ ਲਈ ਕੋਈ ਥਾਂ ਨਹੀਂ ਹੈ ਅਤੇ ਸਿੱਖ ਕੇਵਲ ਇਕ ਅਕਾਲ ਦਾ ਉਪਾਸਕ ਹੈ ਪਰ ਦੁੱਖ ਦੀ ਗੱਲ ਹੈ ਕਿ ਅੱਜ ਸਮਾਜ ਵਿਚ ਪਾਖੰਡਵਾਦ ਬਹੁਤ ਭਾਰੂ ਹੋ ਚੁੱਕਾ ਹੈ ਜਿਸ ਤੋਂ ਛੁਟਕਾਰਾ ਪਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਆਖਿਆ ਕਿ ਸਮਾਜ ਵਿਚੋਂ ਫੋਕਟ ਕਰਮਕਾਂਡਾਂ ਅਤੇ ਵਹਿਮਾਂ-ਭਰਮਾਂ ਦੇ ਖਾਤਮੇ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।
ਇਸ ਤੋਂ ਪਹਿਲਾਂ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਗ੍ਰੰਥੀ ਗਿਆਨੀ ਜਸਵੰਤ ਸਿੰਘ ਨੇ ਸੰਗਤ ਨੂੰ ਗੁਰਮਤਿ ਸਿਧਾਂਤਾਂ ਨਾਲ ਜੋੜਿਆ, ਉਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲੇ ਅਤੇ ਭਾਈ ਰਾਇ ਸਿੰਘ ਦੇ ਜਥਿਆਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ।


Related News