ਪੰਜਾਬ ''ਚ ਨਿਗਮ ਚੋਣਾਂ ਲਈ ਚੋਣ ਪ੍ਰਕਿਰਿਆ ਸ਼ੁਰੂ, ਜਾਣੋ ਕਦੋਂ ਪੈਣਗੀਆਂ ਵੋਟਾਂ
Wednesday, Nov 13, 2024 - 05:39 PM (IST)
ਚੰਡੀਗੜ੍ਹ/ਜਲੰਧਰ- ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਹਲਚਲ ਤੇਜ਼ ਕਰ ਦਿੱਤੀ ਗਈ ਹੈ। ਦਰਅਸਲ ਸੂਬਾ ਚੋਣ ਕਮਿਸ਼ਨ ਵੱਲੋਂ ਵੋਟਰ ਲਿਸਟ ਤਿਆਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਕੱਲ੍ਹ ਤੋਂ ਨਵੀਂ ਵੋਟਰ ਲਿਸਟ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। 7 ਦਸੰਬਰ ਤੱਕ ਫਾਈਨਲ ਵੋਟਰ ਲਿਸਟ ਤਿਆਰ ਕੀਤੀ ਜਾਵੇਗੀ। 5 ਨਗਰ ਨਿਗਮਾਂ ਅਤੇ 43 ਕੌਂਸਲ ਤੇ ਨਗਰ ਪੰਚਾਇਤਾਂ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਸੂਬਾ ਚੋਣ ਕਮਿਸ਼ਨ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ।
ਦੋ ਹਫ਼ਤਿਆਂ ਦੇ ਅੰਦਰ ਚੋਣ ਪ੍ਰੋਸੈਸ ਸ਼ੁਰੂ ਕਰਨ ਲਈ ਦਿੱਤਾ ਗਿਆ ਸੀ ਸਮਾਂ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਲਈ ਵੱਡੀ ਰਾਹਤ ਦਿੱਤੀ ਸੀ। ਸੁਪਰੀਮ ਕੋਰਟ ਨੇ ਸਰਕਾਰ ਨੂੰ 10 ਦਿਨ ਦੀ ਥਾਂ ਦੋ ਹਫ਼ਤਿਆਂ ਦੇ ਅੰਦਰ ਚੋਣ ਪ੍ਰੋਸੈਸ ਸ਼ੁਰੂ ਕਰਨ ਲਈ ਸਮਾਂ ਦੇ ਦਿੱਤਾ। ਪੰਜਾਬ ਸਰਕਾਰ ਵੱਲੋਂ ਹਾਈਕੋਰਟ ਦੇ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ ਸੀ।
ਇਹ ਵੀ ਪੜ੍ਹੋ- ਖ਼ੂਬ ਵਾਇਰਲ ਹੋ ਰਹੀਆਂ ਨੇ ਜਲੰਧਰ ਦੀਆਂ ਇਹ ਤਸਵੀਰਾਂ, ਕਲਿੱਕ ਕਰਦੇ ਹੀ ਛੁੱਟਣ ਲੱਗੇ ਲੋਕਾਂ ਦੇ ਪਸੀਨੇ
ਦੱਸ ਦਈਏ ਕਿ ਪੰਜਾਬ ਵਿਚ ਪੰਜ ਨਗਰ ਨਿਗਮਾਂ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਫਗਵਾੜਾ ਅਤੇ 42 ਮਿਉਂਸਿਪਲ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋਏ ਕਾਫ਼ੀ ਸਮਾਂ ਬੀਤ ਚੁੱਕਾ ਹੈ। ਇਸੇ ਦੌਰਾਨ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਗਰ ਨਿਗਮ ਅਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਵਿੱਚ ਕੀਤੀ ਜਾ ਰਹੀ ਦੇਰੀ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨਾਰਾਜ਼ ਸੀ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅਦਾਲਤ ਦਾ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਪੰਜਾਬ ਸਰਕਾਰ ਨੇ ਇਸ ਮਾਮਲੇ 'ਚ ਸੁਪਰੀਮ ਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਤਾਂ ਸਰਕਾਰ ਨੂੰ ਕੁਝ ਰਾਹਤ ਮਿਲਦੀ ਹੋਈ ਦਿਖਾਈ ਦਿੱਤੀ ਹੈ । ਸੁਪਰੀਪ ਕੋਰਟ ਦੇ ਦਿੱਤੇ ਹੁਕਮਾਂ ਮੁਤਾਬਕ ਹੁਣ ਪੰਜਾਬ ਸਰਕਾਰ ਨੂੰ ਪੰਜਾਬ 'ਚ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ 14 ਦਿਨਾਂ 'ਚ ਪ੍ਰੋਸੈਸ ਸ਼ੁਰੂ ਕਰਨਾ ਹੋਵੇਗਾ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਇਹ ਸਾਫ਼ ਹੋ ਗਿਆ ਹੈ ਕਿ ਮਿਊਂਸਿਪਲ ਚੋਣਾਂ ਦਾ ਐਲਾਨ ਇਸੇ ਮਹਿਨੇ ਦੇ ਆਖਿਰ 'ਚ ਹੋ ਸਕਦਾ ਹੈ।
ਇਹ ਵੀ ਪੜ੍ਹੋ- ਔਰਤ ਨੇ ਤਾਂਤਰਿਕ 'ਤੇ ਕੀਤਾ ਅੰਨ੍ਹਾ ਵਿਸ਼ਵਾਸ, ਫਿਰ ਹੋਇਆ ਉਹ ਜੋ ਸੋਚਿਆ ਨਾ ਸੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8