ਕੋਟਕਪੂਰਾ ਗੋਲੀਕਾਂਡ ਦੇ ਮੁਲਜ਼ਮਾਂ ਅਤੇ ਸਾਜ਼ਿਸ਼ਕਰਤਾਵਾਂ ਦੇ ਚਿਹਰੇ ਦਾ ਹੋਇਆ ਪਰਦਾਫਾਸ਼ : ਅਰੋੜਾ
Saturday, Feb 25, 2023 - 04:15 PM (IST)
ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਨੇ ਕੋਟਕਪੁਰਾ ਗੋਲੀਕਾਂਡ ਵਿਚ ਐੱਸ. ਆਈ. ਟੀ. ਵੱਲੋਂ ਪੇਸ਼ ਚਲਾਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ’ਤੇ ਹਮਲਾ ਬੋਲਦੇ ਹੋਏ ਕਿਹਾ ਕਿ ਨੇਕ ਨੀਅਤ ਅਤੇ ਇਮਾਨਦਾਰੀ ਨਾਲ ਕੀਤਾ ਗਿਆ ਹਰ ਕੰਮ ਸਫਲਤਾ ਵੱਲ ਲਿਜਾਂਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਬਾਦਲਾਂ ਖ਼ਿਲਾਫ਼ ਚਲਾਨ ਪੇਸ਼ ਕਰ ਕੇ ਸਪੱਸ਼ਟ ਕਰ ਦਿੱਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਅਤੇ ਪੰਜਾਬ ਖ਼ਿਲਾਫ਼ ਸਾਜ਼ਿਸ਼ ਰਚਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ । ਇਹ ਗੱਲ ‘ਆਪ’ ਨੇਤਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ,‘‘ਕੋਟਕਪੁਰਾ ਗੋਲੀਕਾਂਡ ਦੇ ਮੁਲਜ਼ਮਾਂ ਅਤੇ ਸਾਜ਼ਿਸ਼ਕਰਤਾਵਾਂ ਦਾ ਹੋਇਆ ਪਰਦਾਫਾਸ਼.. ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸ਼ਾਂਤੀ ਮਿਲੇਗੀ...ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ’ਤੇ ਕਾਇਮ ਹਾਂ, ਮੰਤਰੀ ਹੋਵੇ ਜਾਂ ਚੌਕੀਦਾਰ ਕਾਨੂੰਨ ਸਭ ਲਈ ਇਕ ਹੈ...ਸੱਚਾਈ ਕਦੇ ਲੁਕਦੀ ਨਹੀਂ..।
ਇਹ ਵੀ ਪੜ੍ਹੋ : ਛੱਤੀਸਗੜ੍ਹ ’ਚ ‘ਆਪ’ ਕਰੇਗੀ ਚੋਣ ਸ਼ੰਖਨਾਦ, ਪਾਰਟੀ ਨੂੰ ਕਿਉਂ ਨਜ਼ਰ ਆ ਰਿਹਾ ਹੈ ਤੀਜਾ ਬਦਲ!
ਜ਼ਿਕਰਯੋਗ ਹੈ ਕਿ ਏ. ਡੀ. ਜੀ. ਪੀ. ਲਕਸ਼ਮੀ ਕਾਂਤ ਯਾਦਵ ਦੀ ਪ੍ਰਧਾਨਗੀ ਵਾਲੀ ਐੱਸ. ਆਈ. ਟੀ. ਨੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿਚ ਇਹ ਚਲਾਨ ਪੇਸ਼ ਕੀਤਾ, ਜਿਸ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੇ ਨਾਂ ਵੀ ਸ਼ਾਮਿਲ ਹਨ। ਐੱਸ. ਆਈ. ਟੀ. ਚਲਾਨ ਮੁਤਾਬਕ ਇਨ੍ਹਾਂ ਮਾਮਲਿਆਂ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਘਟਨਾਵਾਂ ਨੂੰ ਅੰਜਾਮ ਦੇਣ ਵਿਚ ਮੱਦਦ ਕੀਤੀ ਸੀ। ਦਰਜ 7000 ਪੰਨਿਆਂ ਦੀ ਚਾਰਜਸ਼ੀਟ ਵਿਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਆਈ. ਪੀ. ਸੀ. ਦੀ ਧਾਰਾ 323, 324, 504 ਤਹਿਤ ਨਾਮਜ਼ਦ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਚ ਮੰਤਰੀ ਡਾਕਟਰ ਇੰਦਰਵੀਰ ਸਿੰਘ ਨਿੱਝਰ ਦੇ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਨੀਅਤ ਵਿਚ ਕਮੀ ਕਾਰਨ ਬੇਅਦਬੀ ਤੇ ਗੋਲੀਕਾਂਡ ਦੇ ਮਾਮਲਿਆਂ ਦੇ ਇਨਸਾਫ਼ ਵਿਚ ਇੰਨੀ ਦੇਰੀ ਹੋਈ ਹੈ ਪਰ ਅੱਜ ਇਸ ਚਾਰਜਸ਼ੀਟ ਜ਼ਰੀਏ ਕੋਟਕਪੂਰਾ ਗੋਲੀਕਾਂਡ ਦੇ ਮੁਲਜ਼ਮਾਂ ਤੇ ਸਾਜ਼ਿਸ਼ਕਰਤਾਵਾਂ ਦੇ ਚਿਹਰੇ ਬੇਨਕਾਬ ਹੋ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨਾਲ ਇਸ ਮਾਮਲੇ ਦੀ ਜਾਂਚ ਨੂੰ ਅੰਜ਼ਾਮ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ ਸੀ ਅਤੇ ਅੱਜ ਉਹ ਵਾਅਦਾ ਪੂਰਾ ਕੀਤਾ ਹੈ। ਅਗਲੀ ਕਾਰਵਾਈ ਅਦਾਲਤ ਵਲੋਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਇੰਗਲੈਂਡ ਨੇ ਪੰਜਾਬ ਨਾਲ ਆਪਸੀ ਸਹਿਯੋਗ ਵਧਾਉਣ ’ਤੇ ਦਿੱਤਾ ਜ਼ੋਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।