ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਅੱਜ ਸ਼ੁਰੂ ਹੋਵੇਗਾ ਹੋਲਾ-ਮਹੱਲਾ ਦਾ ਪਹਿਲਾ ਪੜਾਅ

Friday, Mar 03, 2023 - 12:01 PM (IST)

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਅੱਜ ਸ਼ੁਰੂ ਹੋਵੇਗਾ ਹੋਲਾ-ਮਹੱਲਾ ਦਾ ਪਹਿਲਾ ਪੜਾਅ

ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਸਾਲਾਨਾ 6 ਰੋਜ਼ਾ ਕੌਮੀ ਤਿਉਹਾਰ ਹੋਲੇ ਮਹੱਲੇ ਦਾ ਪਹਿਲਾ ਪੜ੍ਹਾਅ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਤੋਂ 3 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸ਼ੁਰੂ ਹੋਵੇਗਾ। ਪਹਿਲੇ ਪੜਾਅ ਦੀ ਸਮਾਪਤੀ 5 ਮਾਰਚ ਨੂੰ ਅਰਦਾਸ ਉਪਰੰਤ ਹੋਵੇਗੀ। ਕੌਮੀ ਤਿਉਹਾਰ ਹੋਲਾ-ਮਹੱਲਾ ’ਤੇ ਆਉਣ ਵਾਲੀ ਸੰਗਤ ਦੀ ਆਮਦ ਨੂੰ ਲੈ ਕੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸੰਗਤਾਂ ਦੀ ਰਿਹਾਇਸ਼ ਲਈ ਦੋ ਹਜ਼ਾਰ ਸੰਗਤ ਦੀ ਸਮਰੱਥਾ ਵਾਲੇ ਦੋ ਵਾਟਰ ਪਰੂਫ਼ ਟੈਂਟ ਲਗਾਏ ਗਏ ਹਨ। ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਿਆਂ ਗੁਰਦੁਆਰਾ ਪਤਾਲਪੁਰੀ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਗੁਰਦੁਆਰਾ ਚਰਨ ਕੰਵਲ ਸਾਹਿਬ, ਬਿਬਾਣਗੜ੍ਹ ਸਾਹਿਬ, ਗੁਰਦੁਆਰਾ ਮੰਜੀ ਸਾਹਿਬ, ਗੁਰਦੁਆਰਾ ਤੀਰ ਸਾਹਿਬ ਸਾਰੇ ਗੁਰਧਾਮਾਂ ਨੂੰ ਸਾਫ਼-ਸਫ਼ਾਈ ਅਤੇ ਰੰਗ ਰੋਗਨ ਕਰਕੇ ਸਜਾਇਆ ਗਿਆ ਹੈ, ਦਿੱਖ ਨੂੰ ਹੋਰ ਸੁੰਦਰ ਬਣਾੳਣੁ ਲਈ ਰੰਗ ਬੰਰਗੀਆਂ ਲੜੀਆਂ ਲਗਾਈਆਂ ਗਈਆਂ ਹਨ।

ਮੇਲੇ ਦੌਰਾਨ 50 ਸੇਵਾਦਾਰ 10 ਗ੍ਰੰਥੀ ਸਿੰਘ ਵਾਧੂ ਲਗਾਏ ਗਏ ਹਨ। ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਸਰਾਂ ਦੇ 65 ਕਮਰੇ ਅਤੇ ਪੁਰਾਣੀ ਸਰਾਂ ਦੇ 20 ਕਮਰੇ ਰੰਗ ਰੋਗਨ ਕਰਕੇ ਸੰਗਤਾਂ ਦੀ ਸਹੂਲਤ ਲਈ ਤਿਆਰ ਕੀਤੇ ਗਏ ਹਨ। ਉੱਤਰੀ ਭਾਰਤ ਦੀ ਪ੍ਰਸਿੱਧ ਦਰਗਾਹ ਪੀਰ ਬਾਬਾ ਬੁੱਢਣ ਸ਼ਾਹ ਦੇ ਪ੍ਰਬੰਧਕਾਂ ਵੱਲੋਂ ਸ਼ਰਧਾਲੂਆਂ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਦਰਗਾਹ ਦੇ ਪ੍ਰਬੰਧਕਾਂ ਮਹੰਤ ਦਿਲਬਾਗ ਮੁਹੰਮਦ ਸ਼ਾਹ, ਸਹਾਇਕ ਐਡਵੋਕੇਟ ਅਹਿਮਦਦੀਨ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਕਈ ਮੁੱਦਿਆਂ 'ਤੇ ਹੋਈ ਚਰਚਾ

PunjabKesari

ਸਿਵਲ ਅਤੇ ਪੁਲਸ ਪ੍ਰਸ਼ਾਸਨ ਭੱਬਾ ਭਾਰ 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੇਲੇ ਵਿਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਦੇਣ ਦੇ ਐਲਾਨ ਤੋਂ ਬਾਅਦ ਰੂਪਨਗਰ ਦੀ ਡਿਪਟੀ ਕਮਿਸ਼ਨਰ ਡਾਕਟਰ ਪ੍ਰੀਤੀ ਯਾਦਵ , ਸ੍ਰੀ ਅਨੰਦਪੁਰ ਸਾਹਿਬ ਦੀ ਐੱਸ. ਡੀ. ਐੱਮ. ਮੇਲਾ ਇੰਚਾਰਜ ਮਨੀਸ਼ਾ ਰਾਣਾ ਅਤੇ ਸਹਾਇਕ ਮੇਲਾ ਅਫ਼ਸਰ ਦੀਪਾਂਕਰ ਗਰਗ ਅਤੇ ਸਾਰਾ ਪ੍ਰਸ਼ਾਸਨ ਪ੍ਰਬੰਧਾਂ ਨੂੰ ਲੈ ਕਿ ਪੱਬਾਂ ਭਾਰ ਹੋਏ ਪਏ ਹਨ। ਦੇਸ਼-ਵਿਦੇਸ਼ ਤੋਂ ਸ੍ਰੀ ਕੀਰਤਪੁਰ ਸਾਹਿਬ ਅਤੇ ਫਿਰ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀ ਸੰਗਤ ਲਈ ਪੁਖ਼ਤਾ ਇੰਤਜ਼ਾਮ ਕਰਨ ਦਾ ਪ੍ਰਸ਼ਾਸਨ ਦਾਅਵਾ ਕਰ ਰਿਹਾ ਹੈ। ਸਾਰੇ ਵਿਭਾਗਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਦੇ ਹੁਕਮ ਦਿੱਤੇ ਗਏ ਹਨ। ਹੋਲੇ ਮਹੱਲੇ ਦੇ ਪ੍ਰਬੰਧਾਂ ਨੂੰ ਲੈ ਕਿ ਲਗਭਗ ਸਾਰੇ ਵਿਭਾਗ ਪੱਬਾਂ ਭਾਰ ਹਨ।

ਸੁਰੱਖਿਆ ਦੇ ਕੀਤੇ ਪੁਖ਼ਤਾ ਇੰਤਜ਼ਾਮ
ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ, ਰੂਪਨਗਰ ਦੇ ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ ਦੇ ਵਿਸ਼ੇਸ਼ ਹੁਕਮਾਂ ਅਨੁਸਾਰ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਨੂੰ ਇੰਨ ਬਿੰਨ ਲਾਗੂ ਕਰਨ ਸਬੰਧੀ ਡੀ. ਐੱਸ. ਪੀ. ਅਜੈ ਸਿੰਘ, ਪੁਲਸ ਥਾਣਾ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੰਗਤ ਦੀ ਸੁਰੱਖਿਆ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਟ੍ਰੈਫ਼ਿਕ ਦੀ ਸਮੱਸਿਆ ਨੂੰ ਵੇਖਦੇ ਹੋਏ ਵਿਸ਼ੇਸ਼ ਤੌਰ ’ਤੇ ਗੁਰਦੁਆਰਾ ਸਾਹਿਬਾਨਾਂ ਨਜਦੀਕ ਵਾਹਨਾਂ ਦੀ ਪਾਰਕਿੰਗਾਂ ਦਾ ਪ੍ਰਬੰਧ ਕੀਤਾ ਗਿਆ ਹੈ। ਮੇਲੇ ਨੂੰ ਵੇਖਦੇ ਹੋਏ ਵਾਧੂ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਸਿਹਤ ਸਹੂਲਤਾਂ ਪ੍ਰਬੰਧ ਮੁਕੰਮਲ
ਸਿਵਲ ਸਰਜਨ ਰੂਪਨਗਰ ਪਰਮਿੰਦਰ ਕੁਮਾਰ, ਪ੍ਰਾਇਮਰੀ ਸਿਹਤ ਕੇਂਦਰ ਕੀਰਤਪੁਰ ਸਾਹਿਬ ਦੇ ਸੀਨੀਅਰ ਕਾਰਜਕਾਰੀ ਮੈਡੀਕਲ ਅਫ਼ਸਰ ਜੰਗਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੰਗਤਾਂ ਦੀ ਸਹੂਲਤ ਲਈ ਚਾਰ ਆਰਜ਼ੀ ਡਿਸਪੈਂਸਰੀਆਂ ਅਤੇ ਪੀ. ਐੱਚ. ਸੀ. ਸ੍ਰੀ ਕੀਰਤਪੁਰ ਸਾਹਿਬ ਵਿਖੇ 24 ਘੰਟੇ ਐਮਰਜੈਂਸੀ ਲਈ 9 ਡਾਕਟਰ 3 ਥਾਵਾਂ ’ਤੇ 3-3 ਡਾਕਟਰ ਦੇ ਨਾਲ ਫਾਰਮਸਿਸਟ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਤਿੰਨ ਫੀਲਡ ਦੇ ਡਾਕਟਰ ਉਹ ਵੀ 24 ਘੰਟੇ ਇੱਥੇ ਤਾਇਨਾਤ ਰਹਿਣਗੇ।

ਨਹਿਰ ਵਿਚ ਨਹਾਉਣ ’ਤੇ ਮੁਕੰਮਲ ਪਾਬੰਦੀ 
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਵਾਰ ਮੇਲੇ ਵਿਚ ਆਉਣ ਵਾਲੇ ਸ਼ਰਧਾਲੂਆਂ ਨੂੰ ਨਹਿਰਾਂ ਅਤੇ ਦਰਿਆ ਵਿਚ ਨਹਾਉਣ ’ਤੇ ਸਖਤ ਪਾਬੰਦੀ ਲਗਈ ਗਈ ਹੈ। ਨਹਿਰਾਂ ਅਤੇ ਦਰਿਆਵਾਂ ਦੇ ਕੰਢੇ ਪੌੜੀਆਂ ਦੇ ਨਜ਼ਦੀਕ ਕੰਡਿਆਲੀ ਤਾਰ ਅਤੇ ਲਿਖਤੀ ਸੂਚਨਾ ਵੀ ਲਗਾਈ ਗਈ ਹੈ ਤਾਂ ਜੋ ਕਿਸੇ ਕਿਸਮ ਦੀ ਮੇਲੇ ਵਿਚ ਕੋਈ ਦੁਰਘਟਨਾਂ ਨਾ ਹੋ ਸਕੇ। ਇਸ ਤੋਂ ਪਹਿਲਾਂ ਮੇਲੇ ਦੌਰਾਨ ਬਹੁਤ ਸਾਰੇ ਨੌਜਵਾਨ ਨਹਿਰਾਂ ਅਤੇ ਦਰਿਆਵਾਂ ਵਿਚ ਨਹਾਉਣ ਦੇ ਨਾਲ ਨਾਲ ਵਾਹਨਾਂ ਦੇ ਸਟੰਟ ਕਰਨ ਲੱਗ ਪੈਂਦੇ ਸਨ।

PunjabKesari

ਇਹ ਵੀ ਪੜ੍ਹੋ : 13 ਸਾਲਾ ਕੁੜੀ ਨੂੰ ਅਗਵਾ ਕਰਕੇ ਕੀਤਾ ਸੀ ਜਬਰ-ਜ਼ਿਨਾਹ, ਹੁਣ ਜਲੰਧਰ ਦੀ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਬਿਜਲੀ ਵਿਭਾਗ ਵੱਲੋਂ ਪੁਖਤਾ ਪ੍ਰਬੰਧ 
ਐੱਸ. ਡੀ. ਓ. ਪ੍ਰਭਾਤ ਸ਼ਰਮਾ ਅਤੇ ਜੇ. ਈ. ਸੁੱਚਾ ਸਿੰਘ ਨੇ ਦੱਸਿਆ ਕਿ ਪਾਵਰਕਾਮ ਮਹਿਕਮੇ ਵੱਲੋਂ ਕੀਰਤਪੁਰ ਸਾਹਿਬ ਵਿਖੇ ਬਿਜਲੀ ਸਪਲਾਈ ਲਈ ਲੋੜੀਂਦੇ ਟਰਾਂਸਫ਼ਾਰਮਰ ਅਤੇ ਬਿਜਲੀ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆ ਸਕੇ। ਬਿਜਲੀ ਦੀ ਸਪਲਾਈ 24 ਘੰਟੇ ਨਿਰਵਿਘਨ ਚੱਲਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਸਿੰਗਲ ਯੂਜ਼ ਪਲਾਸਟਿਕ ਅਤੇ ਥਰਮੋਕੋਲ ਮੁਕਤ ਮਨਾਇਆ ਜਾਵੇਗਾ ਹੋਲਾ ਮਹੱਲਾ 
ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਕਾਰਜਸਾਧਕ ਅਫ਼ਸਰ ਹਰਬਖਸ਼ ਸਿੰਘ ਨੇ ਦੱਸਿਆ ਕਿ ਇਸ ਵਾਰ ਮੇਲਾ ਖੇਤਰ ਨੂੰ ਸਿੰਗਲ ਯੂਜ ਪਲਾਸਟਿਕ, ਥਰਮੋਕੋਲ ਅਤੇ ਕੂੜਾ ਰਹਿਤ ਰੱਖਿਆ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਐਕਸ਼ਨ ਪਲਾਨ ਤਿਆਰ ਕਰਕੇ ਕੰਮ ਸ਼ੁਰੂ ਕਰ ਦਿੱਤਾ ਹੈ। ਮੇਲਾ ਖੇਤਰ ’ਚ ਪਲਾਸਟਿਕ ਦੇ ਲਿਫ਼ਾਫ਼ਿਆਂ ਅਤੇ ਥਰਮੋਕੋਲ ਦੇ ਨਿਪਟਾਰੇ ਵਾਲੀਆਂ ਵਸਤੂਆਂ ਜਿਵੇਂ ਪਲੇਟਾਂ, ਗਲਾਸ, ਕੱਪ, ਕਟੋਰੇ, ਚਮਚੇ ਆਦਿ ਨੂੰ ਸਟੋਰ ਕਰਨ, ਵੇਚਣ ਅਤੇ ਵਰਤਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਵਾਰ ਕੂੜਾ ਨਹੀਂ ਡੰਪ ਕੀਤਾ ਜਾਵੇਗਾ। ਗਿੱਲੇ ਕੂੜੇ ਦੀ ਰਹਿੰਦ-ਖੂੰਹਦ ਜਿਵੇਂ ਫਲਾਂ ਅਤੇ ਸਬਜ਼ੀਆਂ ਦੇ ਛਿਲਕਿਆਂ, ਬਚੇ ਹੋਏ ਭੋਜਣ, ਚਾਹ ਪੱਤੀਆਂ ਅਤੇ ਪਲਾਸਟਿਕ ਆਦਿ ਤੋਂ ਖਾਦ ਬਣਾਈ ਜਾਵੇਗੀ ਅਤੇ ਸੁੱਕੇ ਰਹਿੰਦ-ਖੂੰਹਦ ਨੂੰ ਰੀਸਾਈਕਲਿੰਗ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਾਲੰਟੀਅਰਜ਼ ਵੱਲੋਂ ਬਾਜ਼ਾਰਾਂ ’ਚ ਜਾ ਕੇ ਦੁਕਾਨਾਂ, ਰੇਹੜੀ-ਫੜੀ ਖੋਖੇ ਵਾਲਿਆਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕੀਤਾ ਗਿਆ।

ਇਹ ਵੀ ਪੜ੍ਹੋ : ਰੂਪਨਗਰ ਪ੍ਰਸ਼ਾਸਨ ਦਾ ਨਿਵੇਕਲਾ ਉਪਰਾਲਾ, ਹੋਲਾ-ਮਹੱਲਾ ਦੌਰਾਨ ਨਵਜੰਮੇ ਬੱਚਿਆਂ ਤੇ ਮਾਵਾਂ ਨੂੰ ਮਿਲੇਗੀ ਇਹ ਵਿਸ਼ੇਸ਼ ਸਹੂਲਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News